
ਪੰਜਾਬ ਅੰਦਰ ਕਣਕ ਦੀ ਵਾਢੀ ਦੇ ਚੱਲ ਰਹੇ ਸੀਜ਼ਨ ਦੌਰਾਨ ਅੱਗ ਲੱਗਣ ਦੀਆਂ ਘਟਨਾਵਾਂ ਦਾ ਸਿਲਸਿਲਾ ਥੰਮ੍ਹ ਨਹੀਂ ਰਿਹਾ ਅਤੇ ਰੋਜ਼ਾਨਾ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਸੜ ਕੇ ਸੁਆਹ ਰਹੀ ਐ। ਅਜਿਹਾ ਹੀ ਮਾਮਲਾ ਸਰਹੱਦੀ ਜ਼ਿਲ੍ਹਾ ਪਠਾਨਕੋਟ ਦੇ ਸੁਜਾਨਪੁਰ ਤੋਂ ਸਾਹਮਣੇ ਆਇਆ ਐ, ਜਿੱਥੇ ਠੰਢੀ ਖੂਹੀ ਇਲਾਕੇ ਵਿਚ ਅਚਾਨਕ ਕਣਕ ਦੀ ਖੜ੍ਹੀ ਫਸਲ ਨੂੰ ਅੱਗ ਲੱਗ ਗਈ। ਅੱਗ ਐਨੀ ਤੇਜ਼ੀ ਨਾਲ ਫੈਲੀ ਕਿ ਇਸ ਨੇ ਵੇਖਦੇ ਹੀ ਵੇਖਦੇ ਭਿਆਨਕ ਰੂਪ ਅਖਤਿਆਰ ਕਰ ਲਿਆ। ਮੌਕੇ ਤੇ ਮੌਜੂਦ ਲੋਕਾਂ ਨੇ ਅੱਗ ਨੂੰ ਖੁਦ ਕਾਬੂ ਪਾਉਣ ਦੀ ਕੋਸ਼ਿਸ਼ ਦੇ ਨਾਲ ਨਾਲ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਲੋਕਾਂ ਦਾ ਇਲਜ਼ਾਮ ਐ ਕਿ ਉਨ੍ਹਾਂ ਨੇ ਫਾਇਰ ਬ੍ਰਿਗੇਡ ਨੂੰ ਵਾਰ ਵਾਰ ਫੋਨ ਕੀਤੇ ਪਰ ਫਾਇਰ ਬ੍ਰਿਗੇਡ ਸਮੇਂ ਸਿਰ ਮੌਕੇ ਤੇ ਨਹੀਂ ਪਹੁੰਚਿਆ। ਇਸ ਅੱਗ ਨਾਲ ਜਿੱਥੇ ਕਿਸਾਨਾਂ ਦੀ ਖੜ੍ਹੀ ਕਣਕ ਦੀ ਫਸਲ ਸੜ ਕੇ ਸੁਆਹ ਹੋ ਗਈ ਐ ਉੱਥੇ ਹੀ ਮੋਟਰਾਂ ਤੇ ਹੋਰ ਸਾਮਾਨ ਨੂੰ ਵੀ ਨੁਕਸਾਨ ਪਹੁੰਚਿਆ ਐ। ਪੀੜਤ ਕਿਸਾਨਾਂ ਨੇ ਇਲਾਕਾ ਪਟਵਾਰੀ ਅਤੇ ਕੌਂਸਲਰ ਨੂੰ ਸੂਚਿਤ ਕੀਤਾ। ਮੌਕੇ ਤੇ ਪਹੁੰਚੇ ਕੌਂਸਲਰ ਦੇ ਪਤੀ ਨੇ ਸਰਕਾਰ ਤੋਂ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦੇਣ ਦੇ ਨਾਲ ਨਾਲ ਘਟਨਾ ਸਥਾਨ ਤੇ ਦੇਰੀ ਨਾਲ ਪਹੁੰਚਣ ਲਈ ਫਾਇਰ ਬ੍ਰਿਗੇਡ ਵਿਭਾਗ ਖਿਲਾਫ ਵੀ ਕਾਰਵਾਈ ਦੀ ਮੰਗ ਕੀਤੀ ਐ।


