ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਦਰਮਿਆਨ ਤਰਨ ਤਾਰਨ ਤੋਂ ਇਕ ਹੋਰ ਨੌਜਵਾਨ ਦੀ ਮੌਤ ਦੀ ਖਬਰ ਸਾਹਮਣੇ ਆਈ ਐ। ਘਟਨਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਸਭਰਾਂ ਦੀ ਐ, ਜਿੱਥੇ ਨਸ਼ੇ ਦੀ ਓਵਰਡੋਜ਼ ਨਾਲ 22 ਸਾਲਾਂ ਲਵਪ੍ਰੀਤ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਇਲਾਕੇ ਵਿਚ ਸ਼ਰੇਆਮ ਨਸ਼ੇ ਵਿੱਕਣ ਦੇ ਇਲਜਾਮ ਲਾਏ ਨੇ। ਲੋਕਾਂ ਦੇ ਕਹਿਣਾ ਐ ਕਿ ਪੁਲਿਸ ਪ੍ਰਸ਼ਾਸਨ ਨਸ਼ਿਆਂ ਨੂੰ ਰੋਕਣ ਵਿਚ ਅਸਫਲ ਸਾਬਤ ਹੋ ਰਿਹਾ ਐ, ਜਿਸ ਦਾ ਖਮਿਆਜਾ ਨੌਜਵਾਨਾਂ ਨੂੰ ਭੁਗਤਣਾ ਪੈ ਰਿਹਾ ਐ। ਲੋਕਾਂ ਨੇ ਸਰਕਾਰ ਤੋਂ ਨਸ਼ਿਆਂ ਖਿਲਾਫ ਜ਼ਮੀਨੀ ਪੱਧਰ ਤੇ ਕਾਰਵਾਈ ਦੀ ਮੰਗ ਕੀਤੀ ਐ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਿਕ ਦੇ ਪਿਤਾ ਪ੍ਰਤਾਪ ਸਿੰਘ ਨੇ ਦੱਸਿਆ ਕਿ ਪਿੰਡ ਵਿੱਚ ਸ਼ਰੇਆਮ ਨਸ਼ਾ ਵਿਕਦਾ ਹੈ ਪੁਲਿਸ ਨਸ਼ੇ ਨੂੰ ਕੰਟਰੋਲ ਕਰਨ ਵਿੱਚ ਬਿਲਕੁਲ ਅਸਫਲ ਹੈ ਅਤੇ ਉਸੇ ਦੀ ਹੀ ਭੇਟ ਅੱਜ ਉਹਨਾਂ ਦਾ 22 ਸਾਲਾ ਪੁੱਤ ਲਵਪ੍ਰੀਤ ਸਿੰਘ ਭੇਟ ਚੜ ਗਿਆ ਹੈ। ਪ੍ਰਤਾਪ ਸਿੰਘ ਨੇ ਕਿਹਾ ਕਿ ਪਿੰਡ ਵਿੱਚ ਸ਼ਰੇਆਮ ਨਸ਼ਾ ਵਿਕਦਾ ਹੈ ਪਰ ਪੁਲਿਸ ਪ੍ਰਸ਼ਾਸਨ ਇਹਨਾਂ ਨਸ਼ਾ ਤਸਕਰਾਂ ਨੂੰ ਫੜਨ ਵਿੱਚ ਬਿਲਕੁਲ ਅਸਫਲ ਹੈ। ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਇੱਕ ਪਾਸੇ ਤਾਂ ਯੁੱਧ ਨਸ਼ਿਆਂ ਵਿਰੁੱਧ ਦਾ ਨਾਅਰਾ ਦੇ ਰਹੀ ਹੈ ਪਰ ਦੂਜੇ ਪਾਸੇ ਜਮੀਨੀ ਹਕੀਕਤ ਕੁਝ ਹੋਰ ਹੀ ਦਿਖਾਈ ਦਿੰਦੀ ਹੈ ਕਿਉਂਕਿ ਪਿੰਡਾਂ ਵਿੱਚ ਅਜੇ ਵੀ ਸ਼ਰੇਆਮ ਨਸ਼ਾ ਵਿਕਦਾ ਹੈ ਅਤੇ ਨੌਜਵਾਨ ਇਸੇ ਤਰ੍ਹਾਂ ਹੀ ਟੀਕੇ ਲਾ ਕੇ ਮਰ ਰਹੇ ਹਨ। ਪਿੰਡ ਵਾਸੀਆਂ ਅਤੇ ਪੀੜਤ ਪਰਿਵਾਰ ਨੇ ਮੰਗ ਕੀਤੀ ਹੈ ਕਿ ਪਿੰਡ ਵਿੱਚ ਨਸ਼ੇ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਉਹਨਾਂ ਵਾਂਗ ਕਿਸੇ ਹੋਰ ਦਾ ਨੌਜਵਾਨ ਪੁੱਤ ਇਸ ਦੁਨੀਆਂ ਨੂੰ ਛੱਡ ਕੇ ਨਾ ਜਾਵੇ।