ਅੰਮ੍ਰਿਤਸਰ ਦੇ ਮਜੀਠਾ ਰੋਡ ’ਤੇ ਹੋਇਆ ਜ਼ਬਰਦਸਤ ਧਮਾਕਾ/ ਧਮਾਕੇ ਦੌਰਾਨ ਇਕ ਸਖ਼ਸ਼ ਦੀ ਹੋਈ ਮੌਤ/ ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

0
56

ਅੰਮ੍ਰਿਤਸਰ ਦੇ ਮਜੀਠਾ ਬਾਈਪਾਸ ਰੋਡ ’ਤੇ ਅੱਜ ਸਵੇਰੇ ਹਾਲਾਤ ਉਸ ਵੇਲੇ ਦਹਿਸ਼ਤ ਵਾਲੇ ਬਣ ਗਏ ਜਦੋਂ ਇੱਥੇ ਸਥਿਤ ਪਿੰਡ ਨਸ਼ਹਿਰਾ ਨੇੜੇ ਵੱਡਾ ਧਮਾਕਾ ਹੋ ਗਿਆ। ਇਸ ਧਮਾਕੇ ਵਿਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਇਹ ਘਟਨਾ ਸੜਕ ਨੇੜੇ ਇੱਕ ਖਾਲੀ ਥਾਂ ਵਿੱਚ ਵਾਪਰੀ ਹੈ, ਜਿੱਥੇ ਇੱਕ ਵਿਅਕਤੀ ਗੰਭੀਰ ਹਾਲਤ ਵਿਚ ਮਿਲਿਆ ਸੀ ਜਿਸ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।  ਪੁਲਿਸ ਨੇ ਧਮਾਕੇ ਪਿੱਛੇ ਪਾਕਿਸਤਾਨੀ ਖੁਫੀਆ ਏਜੰਸੀ ਆਈਐੱਸਆਈ ਤੇ ਬੱਬਰ ਖਾਲਸਾ ਦਾ ਹੱਥ ਹੋਣ ਦਾ ਸ਼ੱਕ ਜਤਾਇਆ ਹੈ। ਘਟਨਾ ਦੀ ਜਾਣਕਾਰੀ ਮਿਲਣ ’ਤੇ ਮੌਕੇ ਤੇ ਪਹੁੰਚੇ  ਪੁਲਿਸ ਦੇ ਉੱਚ ਅਧਿਕਾਰੀਆਂ ਨੇ ਜਾਂਚ ਸ਼ੁਰੂ ਕਰ ਦਿੱਤੀ ਐ। ਮੌਕੇ ਤੇ ਪਹੁੰਚੇ ਬਾਰਡਰ ਰੇਂਜ ਦੇ ਡੀਆਈਜੀ ਸਤਿੰਦਰ ਸਿੰਘ ਅਤੇ ਜ਼ਿਲ੍ਹਾ ਦਿਹਾਤੀ ਪੁਲਿਸ ਦੇ ਐੱਸਐੱਸਪੀ ਮਨਿੰਦਰ ਸਿੰਘ ਨੇ ਦੱਸਿਆ ਕਿ ਇਹ ਘਟਨਾ ਅਤਿਵਾਦੀ ਜਥੇਬੰਦੀ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਸਬੰਧਤ ਹੈ ਅਤੇ ਜਿਸ ਵਿਅਕਤੀ ਦੀ ਮੌਤ ਹੋਈ ਹੈ ਉਹ ਵੀ ਅਤਿਵਾਦੀ ਜਥੇਬੰਦੀ ਦਾ ਮੈਂਬਰ ਹੋਵੇਗਾ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਵਿਅਕਤੀ ਇਸ ਉਜਾੜ ਅਤੇ ਖਾਲੀ ਥਾਂ ਤੋਂ ਇਹ ਵਿਸਫੋਟਕ ਸਮੱਗਰੀ ਲੈਣ ਵਾਸਤੇ ਆਇਆ ਸੀ ਅਤੇ ਧਮਾਕਾ ਹੋ ਗਿਆ। ਉਨ੍ਹਾਂ ਕਿਹਾ ਕਿ ਅਜਿਹੇ ਜ਼ਿਆਦਾਤਰ ਮਾਮਲਿਆਂ ਵਿੱਚ ਹਥਿਆਰ ਜਾਂ ਵਿਸਫੋਟਕ ਸਮੱਗਰੀ ਨੂੰ ਕਿਸੇ ਉਜਾੜ ਜਾਂ ਖਾਲੀ ਥਾਂ ’ਤੇ ਛੱਡ ਦਿੱਤਾ ਜਾਂਦਾ ਹੈ ਅਤੇ ਕਿਸੇ ਦੂਜੇ ਵਿਅਕਤੀ ਨੂੰ ਉਥੋਂ ਪ੍ਰਾਪਤ ਕਰਨ ਲਈ ਆਖਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਪਿੱਛੇ ਪਾਕਿਸਤਾਨੀ ਖੁਫੀਆ ਏਜੰਸੀ ਆਈਐੱਸਆਈ ਦਾ ਹੱਥ ਹੋਣ ਦੀ ਸੰਭਾਵਨਾ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਜੇਬ ਵਿੱਚੋਂ ਕੁਝ ਸਬੂਤ ਮਿਲੇ ਹਨ ਅਤੇ ਪੁਲੀਸ ਉਸ ਦੀ ਸ਼ਨਾਖਤ ਅਤੇ ਹੋਰ ਅਗਲੇਰੀ ਜਾਂਚ ਕਰ ਰਹੀ ਹੈ। ਸਥਾਨਕ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਇੱਕ ਤੇਜ਼ ਆਵਾਜ਼ ਦਾ ਧਮਾਕਾ ਸੁਣਿਆ ਅਤੇ ਮੌਕੇ ’ਤੇ ਪੁੱਜੇ ਤਾਂ ਇੱਕ ਵਿਅਕਤੀ ਨੂੰ ਇੱਥੇ ਜ਼ਖਮੀ ਹਾਲਤ ਵਿੱਚ ਦੇਖਿਆ। ਲੋਕਾਂ ਦਾ ਕਹਿਣਾ ਹੈ ਕਿ ਜ਼ਖ਼ਮੀ ਹੋਏ ਵਿਅਕਤੀ ਦੇ ਕੋਲ ਹੀ ਕੋਈ ਵਿਸਫੋਟਕ ਸੀ ਜਿਸ ਦੇ ਵਿਸਫੋਟ ਹੋਣ ਨਾਲ ਧਮਾਕਾ ਹੋਇਆ ਹੈ ਅਤੇ ਉਹ ਜ਼ਖਮੀ ਹੋ ਗਿਆ ਹੈ। ਘਟਨਾ ਤੋਂ ਬਾਅਦ ਵੱਡੀ ਗਿਣਤੀ ਵਿੱਚ ਲੋਕ ਵੀ ਇਕੱਠੇ ਹੋ ਗਏ ਸਨ, ਜਿਨ੍ਹਾਂ ਨੇ ਪੁਲੀਸ ਨੂੰ ਇਸ ਬਾਰੇ ਸੂਚਿਤ ਕੀਤਾ। ਪੁਲੀਸ ਨੇ ਘਟਨਾ ਸਥਾਨ ’ਤੇ ਪਹੁੰਚਣ ਮਗਰੋਂ ਇਸ ਸਥਾਨ ਨੂੰ ਖਾਲੀ ਕਰਵਾਇਆ ਅਤੇ ਜਾਂਚ ਕੀਤੀ ਜਾ ਰਹੀ ਹੈ। ਉਧਰ ਇਸ ਮਾਮਲੇ ਤੇ ਸਿਆਸਤ ਦੀ ਗਰਮਾਉਣ ਲੱਗੀ ਐ। ਸਾਬਕਾ ਅਕਾਲੀ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੁਲੀਸ ਵੱਲੋਂ ਪਹਿਲਾਂ ਇਸ ਬੰਬ ਧਮਾਕੇ ਦੀ ਘਟਨਾ ਨੂੰ ਲੁਕਾਉਣ ਦਾ ਯਤਨ ਕੀਤਾ ਗਿਆ ਸੀ ਅਤੇ ਹੁਣ ਮੀਡੀਆ ਵਿੱਚ ਗੱਲ ਸਾਹਮਣੇ ਆਉਣ ਤੋਂ ਬਾਅਦ ਪੁਲੀਸ ਨੇ ਮੰਨਿਆ ਹੈ ਕਿ ਅਤਿਵਾਦੀ ਸੰਗਠਨ ਦੀ ਕਾਰਵਾਈ ਦਾ ਹਿੱਸਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਬਦਤਰ ਹੁੰਦੀ ਜਾ ਰਹੀ ਹੈ ਅਤੇ ਸੂਬੇ ਦੀ ਸਰਕਾਰ ਸਥਿਤੀ ਨੂੰ ਸੰਭਾਲਣ ਤੇ ਲੋਕਾਂ ਨੂੰ ਸੁਰੱਖਿਤ ਮਾਹੌਲ ਮੁਹੱਈਆ ਕਰਨ ਵਿੱਚ ਅਸਫਲ ਹੈ।

LEAVE A REPLY

Please enter your comment!
Please enter your name here