ਸ੍ਰੀ ਆਨੰਦਪੁਰ ਸਾਹਿਬ ਦਗੇ 360ਵੇਂ ਸਥਾਪਨਾ ਦਿਵਸ ਮੌਕੇ ਗੁਰਦੁਆਰਾ ਗੁਰਦੁਆਰਾ ਗੁਰੂ ਕਾ ਮਹਿਲ ਭੋਰਾ ਸਾਹਿਬ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ। ਇਸ ਧਾਰਮਿਕ ਸਮਾਗਮ ਵਿੱਚ ਜਿੱਥੇ ਇਲਾਕੇ ਦੀਆਂ ਵੱਡੀ ਗਿਣਤੀ ਸੰਗਤਾਂ ਨੇ ਸ਼ਿਰਕਤ ਕੀਤੀ ਉੱਥੇ ਹੀ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਮੇਤ ਪੰਥ ਦੀਆਂ ਅਹਿਮ ਹਸਤੀਆਂ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਨੇ ਸ੍ਰੀ ਆਨੰਦਪੁਰ ਸਾਹਿਬ ਦੀ ਸਥਾਪਨਾ ਅਤੇ ਇਸ ਨਾਲ ਜੁੜੇ ਇਤਿਹਾਸਕ ਤੋਂ ਸੰਗਤ ਨੂੰ ਜਾਣੂ ਕਰਵਾਇਆ। ਇਸ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਵੱਲੋਂ ਕਰਤਾਰਪੁਰ ਸਾਹਿਬ ਨਗਰ ਨੂੰ ਵਸਾ ਕੇ ਨਵੇਂ ਨਗਰ ਵਸਾਉਣ ਦੀ ਪਰੰਪਰਾ ਤੇ ਚਲਦਿਆਂ ਨੌਵੇਂ ਗੁਰੂ ਗੁਰੂ ਤੇਗ ਬਹਾਦਰ ਸਾਹਿਬ ਨੇ ਮੁੱਲ ਜਮੀਨ ਖਰੀਦ ਕੇ ਉਸ ਸਮੇਂ ਚੱਕ ਮਾਤਾ ਨਾਨਕੀ ਨਾਂ ਦੇ ਨਗਰ ਵਸਾਇਆ, ਜੋ ਕਿ ਬਾਅਦ ਵਿੱਚ ਸ੍ਰੀ ਅਨੰਦਪੁਰ ਸਾਹਿਬ ਦੇ ਨਾਮ ਵਜੋਂ ਪ੍ਰਚਲਿਤ ਹੋਇਆ। ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਇੱਕ ਇਤਿਹਾਸਿਕ ਧਰਤੀ ਹੈ ਜਿਸ ਧਰਤੀ ਤੇ ਗੁਰੂ ਸਾਹਿਬ ਵੱਲੋਂ ਵੱਡੇ ਵੱਡੇ ਕਾਰਜ ਕੀਤੇ ਗਏ ਇਸ ਲਈ ਦੁਨੀਆਂ ਦੇ ਕਿਸੇ ਵੀ ਹਿੱਸੇ ਵਿੱਚ ਵਸਦੇ ਸਿੱਖ ਨੂੰ ਜਿੱਥੇ ਸ੍ਰੀ ਅਨੰਦਪੁਰ ਸਾਹਿਬ ਨਤਮਸਤਕ ਹੋਣਾ ਚਾਹੀਦਾ ਹੈ ਉਥੇ ਹੀ ਗੁਰੂ ਸਾਹਿਬ ਦੇ ਦਿੱਤੇ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨੀ ਚਾਹੀਦੀ ਹੈ ਤੇ ਸਿੱਖੀ ਸਰੂਪ ਧਾਰਨ ਕਰਨਾ ਚਾਹੀਦਾ ਹੈ। ਇਸ ਮੌਕੇ ਪੰਥ ਪ੍ਰਸਿੱਧ ਕੀਰਤਨੀਏ ਸਿੰਘਾਂ ਵੱਲੋਂ ਜਿੱਥੇ ਰਸ ਭਿੰਨਾ ਕੀਰਤਨ ਕੀਤਾ ਗਿਆ ਉੱਥੇ ਹੀ ਪੰਥ ਪ੍ਰਸਿੱਧ ਕਥਾ ਵਾਚਕਾਂ ਵੱਲੋਂ ਇਤਿਹਾਸ ਦੀ ਸਾਂਝ ਵੀ ਪਾਈ ਗਈ। ਸੰਗਤਾਂ ਲਈ ਵਿਸ਼ੇਸ਼ ਤੌਰ ਤੇ ਸੰਤ ਬਾਬਾ ਅਵਤਾਰ ਸਿੰਘ ਜੀ ਟਿੱਬੀ ਸਾਹਿਬ ਵਾਲਿਆਂ ਵੱਲੋਂ ਇਸ ਮੌਕੇ ਲੰਗਰਾਂ ਦੇ ਪ੍ਰਬੰਧ ਵੀ ਕੀਤੇ ਗਏ।