ਮੋਗਾ ਪਹੁੰਚੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ ਆਮ ਆਦਮੀ ਪਾਰਟੀ ਦੇ ਵੱਡੇ ਸ਼ਬਦੀ ਹਮਲੇ ਕੀਤੇ ਨੇ। ਇੱਥੇ ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਪ੍ਰਤਾਪ ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਕੁਵਰ ਵਿਜੇ ਪ੍ਰਤਾਪ ਸਿੰਘ ਨੂੰ ਪਾਰਟੀ ਵਿਚੋਂ ਕੱਢ ਕੇ ਪੰਜਾਬੀਆਂ ਦੇ ਪਿੱਠ ਵਿਚ ਛੁਰਾ ਮਾਰਿਆ ਐ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਕੁਵਰ ਵਿਜੇ ਪ੍ਰਤਾਪ ਸਿੰਘ ਨੂੰ ਪਾਰਟੀ ਵਿਚ ਸ਼ਾਮਲ ਕਰਨ ਵੇਲੇ ਬੇਅਦਬੀ ਮਾਮਲਿਆਂ ਦਾ ਇਨਸਾਫ ਦੇਣ ਦਾ ਵਾਅਦਾ ਕੀਤਾ ਸੀ ਪਰ ਹੁਣ ਜਦੋਂ ਕੁੰਵਰ ਵਿਜੇ ਪ੍ਰਤਾਪ ਇਨ੍ਹਾਂ ਨੂੰ ਵਾਅਦਾ ਯਾਦ ਦਿਵਾ ਰਹੇ ਸੀ ਤਾਂ ਉਨ੍ਹਾਂ ਨੂੰ ਬਾਹਰ ਦਾ ਰਸਤਾ ਵਿਖਾ ਦਿੱਤਾ ਐ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸਿੱਖਾਂ ਤੇ ਪੰਜਾਬੀਆਂ ਨਾਲ ਵੱਡਾ ਧੋਖਾ ਕੀਤਾ ਐ, ਜਿਸ ਲਈ ਲੋਕ ਇਨ੍ਹਾਂ ਨੂੰ ਕਦੇ ਮੁਆਫ ਨਹੀਂ ਕਰਨਗੇ। ਦੱਸਣਯੋਗ ਐ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਭਣੋਈਏ ਦਾ ਕੱਲ੍ਹ ਮੋਗਾ ਵਿੱਚ ਦੇਹਾਂਤ ਹੋ ਗਿਆ ਸੀ ਅਤੇ ਅੰਤਮ ਰਸਮਾਂ ਵਿਚ ਸ਼ਾਮਲ ਹੋਣ ਲਈ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਿਸ਼ੇਸ਼ ਤੌਰ ਤੇ ਪਹੁੰਚੇ ਸਨ। ਇਸੇ ਦੌਰਾਨ ਉਹ ਮੋਗਾ ਕਾਂਗਰਸ ਦੇ ਹਲਕਾ ਇੰਚਾਰਜ ਮਾਲਵਿਕਾ ਸੂਦ ਦੇ ਘਰ ਪਹੁੰਚੇ, ਜਿੱਥੇ ਉਨ੍ਹਾਂ ਨੇ ਇੱਕ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਵੇਲੇ ਬੇਅਦਬੀ ਦੇ ਇਨਸਾਫ ਬਾਰੇ ਵੱਡੇ ਵਾਅਦੇ ਕੀਤੇ ਸੀ ਜਿਨ੍ਹਾਂ ਤੋਂ ਹੁਣ ਮੁਕਰ ਗਏ ਨੇ। ਉਨ੍ਹਾਂ ਕਿਹਾ ਕਿ ਵਿਜੇ ਪ੍ਰਤਾਪ ਸਿੰਘ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਵਾਰ ਵਾਰ ਯਾਦ ਕਰਵਾ ਰਹੇ ਸੀ, ਜਿਸ ਦੇ ਚਲਦਿਆਂ ਉਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਐ। ਉਨ੍ਹਾਂ ਨੇ ਨਸ਼ਿਆਂ ਵਿਰੁੱਧ ਜੰਗ ਦੇ ਮੁੱਦੇ ‘ਤੇ ਵੀ ਸਰਕਾਰ ਵੱਲ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਸਰਕਾਰ ਨਸ਼ਿਆਂ ਖਿਲਾਫ ਲੜਾਈ ਬਾਰੇ ਪ੍ਰਚਾਰ ਬਹੁਤ ਕਰ ਰਹੀ ਐ ਪਰ ਹਕੀਕਤ ਵਿਚ ਨਸ਼ੇ ਸ਼ਰੇਆਮ ਵਿੱਕ ਰਹੇ ਨੇ। ਕਰਜੇ ਦੇ ਮੁੱਦੇ ਤੇ ਸਰਕਾਰ ਨੂੰ ਘੇਰਦਿਆਂ ਉਨ੍ਹਾਂ ਕਿਹਾ ਕਿ ਸ਼ਾਇਦ ਕਿਸੇ ਵੀ ਸਰਕਾਰ ਨੇ ਇੰਨਾ ਕਰਜ਼ਾ ਨਹੀਂ ਲਿਆ ਜਿੰਨਾ ਇਸ ਸਰਕਾਰ ਨੇ ਤਿੰਨ ਸਾਲਾਂ ਦੌਰਾਨ ਲੈ ਲਿਆ ਐ। ਅਕਾਲੀ ਦਲ ਦੇ ਡਿੱਗਦੇ ਵੋਟ ਬੈਂਕ ‘ਤੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਹ ਇੱਕ ਸਿੱਖ ਪਾਰਟੀ ਹੈ ਅਤੇ ਪੰਜਾਬ ਦੀ ਸਭ ਤੋਂ ਵੱਡੀ ਪਾਰਟੀ ਸੀ ਪਰ ਇਹ ਦੁੱਖ ਦੀ ਗੱਲ ਹੈ ਕਿ ਬਹੁਤ ਸਾਰੇ ਸਿੱਖ ਧਰਮ ਪਰਿਵਰਤਨ ਕਰ ਰਹੇ ਨੇ। ਲੁਧਿਆਣਾ ਉਪ ਚੋਣ ਵਿੱਚ ਆਸ਼ੂ ਦੀ ਹਾਰ ਬਾਰੇ ਪੁੱਛੇ ਜਾਣ ‘ਤੇ ਉਨ੍ਹਾਂ ਕਿਹਾ ਕਿ ਉਹ ਆਪਣੀ ਪਾਰਟੀ ਬਾਰੇ ਕੁਝ ਨਹੀਂ ਕਹਿਣਗੇ। ‘ਆਪ’ ਦੇ ਸਾਬਕਾ ਮੰਤਰੀ ਵਿਜੇ ਸਿੰਗਲਾ ‘ਤੇ ਕਾਰਵਾਈ ਵੇਲੇ ਮੁੱਖ ਮੰਤਰੀ ਭਗਵੰਤ ਮਾਨ ਦੇ ਕੀਤੇ ਦਾਅਵਿਆਂ ਬਾਰੇ ਉਨ੍ਹਾਂ ਕਿਹਾ ਕਿ ਉਸ ਵੇਲੇ ਮੁੱਖ ਮੰਤਰੀ ਮਾਨ ਸਿੰਗਲਾ ਖਿਲਾਫ ਪੁਖਤਾ ਸਬੂਤ ਦੇ ਦਾਅਵੇ ਕਰਦੇ ਸੀ ਪਰ ਹੁਣ ਮਜੀਠੀਆ ਖਿਲਾਫ ਕਾਰਵਾਈ ਦੌਰਾਨ ਸਿੰਗਲਾ ਨੂੰ ਕਲੀਨ ਚਿੱਟ ਦੇ ਦਿੱਤੀ ਐ।