ਸਿਹਤ ਮੰਤਰੀ ਡਾ. ਬਲਬੀਰ ਸਿੰਘ ਅੱਜ ਮੋਗਾ ਦੇ ਮੈਡੀਸਿਟੀ ਹਸਪਤਾਲ ਪਹੁੰਚੇ ਜਿੱਥੇ ਉਨ੍ਹਾਂ ਨੇ ਅਦਾਕਾਰ ਤਾਨੀਆ ਦੇ ਪਿਤਾ ਡਾ. ਅਨਿਲਜੀਤ ਕੰਬੋਜ਼ ਦਾ ਹਾਲ ਜਾਣਿਆ। ਇਸ ਦੌਰਾਨ ਉਨ੍ਹਾਂ ਨੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਹਰ ਪ੍ਰਕਾਰ ਦੀ ਮਦਦ ਦਾ ਭਰੋਸਾ ਦਿੱਤਾ। ਦੱਸਣਯੋਗ ਐ ਕਿ ਫਿਲਮੀ ਅਦਾਕਾਰਾ ਤਾਨੀਆ ਦੇ ਪਿਤਾ ਡਾ. ਅਨਿਲਜੀਤ ਕੰਬੋਜ ਬਦਮਾਸ਼ਾਂ ਦੀ ਗੋਲੀਬਾਰੀ ਕਾਰਨ ਜ਼ਖਮੀ ਹੋਣ ਤੋਂ ਬਾਅਦ ਇਸ ਸਮੇਂ ਹਸਪਤਾਲ ਵਿੱਚ ਦਾਖਲ ਨੇ, ਜਿਨ੍ਹਾਂ ਦਾ ਹਾਲ ਜਾਣਨ ਲਈ ਸਿਹਤ ਮੰਤਰੀ ਡਾ. ਬਲਬੀਰ ਸਿੰਘ ਐਤਵਾਰ ਨੂੰ ਮੋਗਾ ਪਹੁੰਚੇ ਸਨ। ਸਿਹਤ ਮੰਤਰੀ ਨੇ ਹਸਪਤਾਲ ਵਿੱਚ ਡਾ. ਕੰਬੋਜ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਉਨ੍ਹਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰੇਗੀ ਅਤੇ ਇਲਾਜ ਵਿੱਚ ਕਿਸੇ ਵੀ ਕਿਸਮ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਨਾਲ ਮੋਗਾ ਦੇ ਡਿਪਟੀ ਕਮਿਸ਼ਨਰ, ਏਡੀਸੀ, ਐਸਐਸਪੀ, ਵਿਧਾਇਕ ਅਮਨਦੀਪ ਕੌਰ ਅਰੋੜਾ ਅਤੇ ਵਿਧਾਇਕ ਦਵਿੰਦਰ ਸਿੰਘ ਲਾਡੀ ਵੀ ਮੌਜੂਦ ਸਨ। ਡਾ. ਕੰਬੋਜ ਦੀ ਧੀ ਤਾਨੀਆ ਵੀ ਇਸ ਮੌਕੇ ਆਪਣੇ ਪਿਤਾ ਨੂੰ ਮਿਲਣ ਹਸਪਤਾਲ ਪਹੁੰਚੀ। ਡਾ. ਬਲਬੀਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਡਾ. ਅਨਿਲਜੀਤ ਕੰਬੋਜ ਇੱਕ ਦਿਆਲੂ ਵਿਅਕਤੀ ਅਤੇ ਇੱਕ ਡਾਕਟਰ ਹਨ ਜੋ ਮਰੀਜ਼ਾਂ ਦੀ ਸੇਵਾ ਲਈ ਹਮੇਸ਼ਾ ਤਿਆਰ ਰਹਿੰਦੇ ਹਨ। ਉਨ੍ਹਾਂ ਦੀ ਸਿਹਤ ਲਈ ਡੀਐਮਸੀ ਅਤੇ ਮੈਡੀਸਿਟੀ ਦੇ ਮਾਹਰ ਡਾਕਟਰਾਂ ਦਾ ਇੱਕ ਵਿਸ਼ੇਸ਼ ਮੈਡੀਕਲ ਬੈਂਚ ਬਣਾਇਆ ਗਿਆ ਹੈ, ਤਾਂ ਜੋ ਉਨ੍ਹਾਂ ਦਾ ਬਿਹਤਰ ਇਲਾਜ ਹੋ ਸਕੇ। ਸਿਹਤ ਮੰਤਰੀ ਨੇ ਕਿਹਾ ਕਿ ਮਰੀਜ਼ ਬਣ ਕੇ ਇੱਕ ਡਾਕਟਰ ਨੂੰ ਧੋਖੇ ਨਾਲ ਗੋਲੀ ਮਾਰਨ ਵਾਲੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਏਗਾ। ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ ਤਾਂ ਜੋ ਕੋਈ ਵੀ ਦੁਬਾਰਾ ਅਜਿਹੀ ਹਰਕਤ ਨਾ ਕਰੇ। ਮੋਗਾ ਪੁਲਿਸ ਅਤੇ ਪੰਜਾਬ ਪੁਲਿਸ ਸਾਂਝੇ ਤੌਰ ‘ਤੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰੇਗੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਅਜਿਹੀਆਂ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਨੌਜਵਾਨਾਂ ਨੂੰ ਆਪਣੇ ਆਪ ਨੂੰ ਸੁਧਾਰਨਾ ਚਾਹੀਦਾ ਹੈ, ਨਹੀਂ ਤਾਂ ਜੇਲ੍ਹ ਦੀਆਂ ਸਲਾਖਾਂ ਉਨ੍ਹਾਂ ਦੀ ਉਡੀਕ ਕਰ ਰਹੀਆਂ ਹਨ। ਡਾ. ਬਲਬੀਰ ਸਿੰਘ ਨੇ ਇਹ ਵੀ ਕਿਹਾ ਕਿ ਜੇਕਰ ਕੋਈ ਮਰੀਜ਼ ਜਾਂ ਹੋਰ ਵਿਅਕਤੀ ਸੂਬੇ ਦੇ ਹਸਪਤਾਲਾਂ ਵਿੱਚ ਡਾਕਟਰਾਂ ਅਤੇ ਸਟਾਫ ਨਾਲ ਦੁਰਵਿਵਹਾਰ ਕਰਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਰਕਾਰ ਨਸ਼ੇ ਅਤੇ ਗੈਂਗਸਟਰ ਗਤੀਵਿਧੀਆਂ ਵਿੱਚ ਸ਼ਾਮਲ ਨੌਜਵਾਨਾਂ ਨੂੰ ਸੁਧਾਰ ਦਾ ਮੌਕਾ ਦੇ ਰਹੀ ਹੈ ਅਤੇ ਉਨ੍ਹਾਂ ਲਈ ਰੁਜ਼ਗਾਰ ਵੀ ਪ੍ਰਦਾਨ ਕੀਤਾ ਜਾਵੇਗਾ, ਪਰ ਮਾੜੇ ਕੰਮ ਕਰਨ ਵਾਲਿਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ।