ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਗੁਰਦੁਆਰਾ ਗੁਰੂ ਕਾ ਮਹਿਲ ਭੋਰਾ ਸਾਹਿਬ ਤੋਂ ਸ਼ੁਰੂ ਹੋਈ ਧਰਮ ਬਚਾਓ ਯਾਤਰਾ ‘ ਚ ਸ਼ਿਰਕਤ ਕੀਤੀ ਤੇ ਗੁਰੂ ਸਾਹਿਬ ਦੀ ਹਿੰਦੂ ਧਰਮ ਦੀ ਰਾਖੀ ਲਈ ਦਿੱਤੀ ਗਈ ਅਦੁਤੀ ਸ਼ਹਾਦਤ ਨੂੰ ਨਮਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਦੁਨੀਆਂ ਦੇ ਇਤਿਹਾਸ ਵਿੱਚ ਕੋਈ ਹੋਰ ਮਿਸਾਲ ਨਹੀਂ ਮਿਲਦੀ ਜਿੱਥੇ ਕਿਸੇ ਹੋਰ ਧਰਮ ਦੀ ਰਾਖੀ ਲਈ ਕਿਸੇ ਮਹਾਂਪੁਰਸ਼ ਨੇ ਕੁਰਬਾਨੀ ਦਿੱਤੀ ਹੋਵੇ। ਗੌਰਤਲਬ ਹਿਆ ਕੇ 11 ਜੁਲਾਈ 1675 ਨੂੰ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਤੋਂ ਦਿੱਲੀ ਦੇ ਚਾਂਦਨੀ ਚੌਂਕ ਵਿਖੇ ਸ਼ਹਾਦਤ ਦੇਣ ਲਈ ਰਵਾਨਾ ਹੋਏ ਸਨ। ਉਸੇ ਇਤਿਹਾਸਿਕ ਦਿਹਾੜੇ ਨੂੰ ਯਾਦ ਕਰਦਿਆਂ ਅੱਜ ਬਾਬਾ ਕਰਮਜੀਤ ਸਿੰਘ ਟਿੱਬਾ ਸਾਹਿਬ ਵਾਲੇ, ਬਾਬਾ ਬਲਵੀਰ ਸਿੰਘ, ਭਾਈ ਮਨਜੀਤ ਸਿੰਘ ਸ੍ਰੀ ਗੰਗਾ ਨਰਸਰੀ ਜ਼ੀਰਕਪੁਰ ਵਾਲਿਆਂ ਵੱਲੋ ਸਾਂਝੇ ਤੌਰ ਤੇ ਅੱਜ ਧਰਮ ਬਚਾਓ ਯਾਤਰਾ ਦਾ ਆਯੋਜਨ ਕੀਤਾ ਗਿਆ। ਇਹ ਯਾਤਰਾ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਰੂ ਹੋ ਗੁਰੂ ਕਾ ਤਾਲ ਆਗਰਾ ਵਿਖੇ ਪੁੱਜੇਗੀ ਤੇ ਉਪਰੰਤ ਦਿੱਲੀ ਦੇ ਚਾਂਦਨੀ ਚੌਂਕ ਵਿਖੇ ਪੁੱਜ ਕੇ 14 ਜੁਲਾਈ ਨੂੰ ਸਮਾਪਤ ਹੋਵੇਗੀ।