ਜਲੰਧਰ ’ਚ ਕਾਂਗਰਸ ਭਵਨ ਅੱਗੇ ਅਕਾਲੀ ਦਲ ਦਾ ਪ੍ਰਦਰਸ਼ਨ; ਕੀਤਾ ਅਰਥੀ ਫੂਕ ਮੁਜਾਹਰਾ; ਵਿਧਾਇਕ ਪ੍ਰਗਟ ਸਿੰਘ ਦੇ ਬਿਆਨ ’ਤੇ ਚੁੱਕੇ ਸਵਾਲ

0
4

ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਦੇ ਬੇਅਦਬੀ ਮੁੱਦੇ ’ਤੇ ਦਿੱਤੇ ਬਿਆਨ ਨੂੰ ਲੈ ਕੇ ਕਾਂਗਰਸ ਪਾਰਟੀ ਨੂੰ ਲਗਾਤਾਰ ਘੇਰਿਆ ਜਾ ਰਿਹਾ ਐ। ਇਸੇ ਨੂੰ ਲੈ ਕੇ ਅੱਜ ਅਕਾਲੀ ਦਲ ਵੱਲੋਂ ਕਾਂਗਰਸ ਦੇ ਜਲੰਧਰ ਸਥਿਤ ਕਾਂਗਰਸੀ ਭਵਨ ਅੱਗੇ ਪ੍ਰਦਰਸ਼ਨ ਕੀਤਾ।  ਇਸ ਦੌਰਾਨ ਕਾਂਗਰਸੀ ਆਗੂਆਂ ਦੇ ਪੁਤਲੇ ਵੀ ਫੂਕੇ ਗਏ।
ਇਸ ਮੌਕੇ ਸੰਬੋਧਨ ਕਰਦਿਆਂ ਅਕਾਲੀ ਆਗੂਆਂ ਨੇ ਕਿਹਾ ਕਿ ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਦੇ ਵਿਧਾਨ ਸਭਾ ਸੈਸ਼ਨ ਦੌਰਾਨ ਦਿੱਤੇ ਬਿਆਨ ਨੇ ਸੱਚਾਈ ਸਾਹਮਣੇ ਲਿਆ ਦਿੱਤੀ ਐ। ਉਨ੍ਹਾਂ ਕਿਹਾ ਕਿ ਪ੍ਰਗਟ ਸਿੰਘ ਨੇ ਸਪੱਸ਼ਟ ਤੌਰ ਤੇ ਕਿਹਾ ਐ ਕਿ ਇਕ ਧੜਾ ਇਨਸਾਫ ਚਾਹੁੰਦਾ ਸੀ ਜਦਕਿ ਦੂਜਾ ਧੜਾ ਮਾਮਲੇ ਨੂੰ ਲਮਕਾਉਣਾ ਚਾਹੁੰਦਾ ਸੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਚਾਹੁੰਦਾ ਐ ਕਿ ਪ੍ਰਗਟ ਸਿੰਘ ਆਪਣੇ ਬਿਆਨ ਮੁਤਾਬਕ ਉਨ੍ਹਾਂ ਲੋਕਾਂ ਦੇ ਨਾਮ ਜਨਤਕ ਕਰਨ ਜੋ ਮਾਮਲੇ ਨੂੰ ਉਲਝਾਈ ਰੱਖਣਾ ਚਾਹੁੰਦੇ ਸਨ। ਇਸੇ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਐ।
ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਸਰਬਜੀਤ ਝਿੰਜਰ ਨੇ ਕਿਹਾ ਕਿ ਕਾਂਗਰਸੀ ਵਿਧਾਇਕ ਨੇ ਬੇਅਦਬੀ ਦੇ ਮੁੱਦੇ ‘ਤੇ ਵਿਧਾਨ ਸਭਾ ਵਿਚ ਸੱਚਾਈ ਬਿਆਨ ਕੀਤੀ ਸੀ। ਉਨ੍ਹਾਂ ਕਿਹਾ ਕਿ ਪ੍ਰਗਟ ਸਿੰਘ ਦੱਸਣ ਕਿ ਉਨ੍ਹਾਂ ਦੀ ਸਰਕਾਰ ਵਿੱਚ ਕੌਣ ਮੰਤਰੀ ਸੀ ਜੋ 5 ਸਾਲ ਬੇਅਦਬੀ ‘ਤੇ ਰਾਜਨੀਤੀ ਕਰਦਾ ਰਿਹਾ। ਉਨ੍ਹਾਂ ਕਿਹਾ ਕਿ ਇਹ ਕਾਂਗਰਸ ਪਾਰਟੀ ਉਹ ਪਾਰਟੀ ਹੈ ਜੋ ਪਹਿਲਾਂ 1984 ਵਿੱਚ, ਫਿਰ 1992 ਵਿੱਚ ਅਤੇ ਫਿਰ 2017 ਤੋਂ 2022 ਤੱਕ ਸਿੱਖਾਂ ਦੀਆਂ ਭਾਵਨਾਵਾਂ ਨਾਲ ਖੇਡਦੀ ਰਹੀ ਹੈ।
ਅਕਾਲੀ ਦਲ ਦੇ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਪਾਰਟੀ ਆਗੂਆਂ ਨੇ ਬੇਅਦਬੀ ਦੇ ਮੁੱਦੇ ‘ਤੇ ਮੁਆਫ਼ੀ ਨਹੀਂ ਮੰਗੀ ਤਾਂ ਆਉਣ ਵਾਲੇ ਸਮੇਂ ਵਿੱਚ ਸਾਰੇ ਕਾਂਗਰਸੀ ਆਗੂਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਸਬੰਧੀ ਲਗਾਤਾਰ ਮਿਲ ਰਹੀਆਂ ਧਮਕੀਆਂ ਬਾਰੇ ਉਨ੍ਹਾਂ ਕਿਹਾ ਕਿ ਮਾਹੌਲ ਖਰਾਬ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਇਹ ਸਭ ਸਿੱਖ ਸੰਗਤ ਨੂੰ ਡਰਾਉਣ ਲਈ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਮੁਖੀ ਧਾਮੀ ਨੇ ਵੀ ਇਸਨੂੰ ਸਾਜ਼ਿਸ਼ ਕਰਾਰ ਦਿੱਤਾ ਹੈ, ਜਿਸ ਸਬੰਧੀ ਉਨ੍ਹਾਂ ਨੇ ਜਾਂਚ ਦੀ ਅਪੀਲ ਕੀਤੀ ਹੈ। ਬੇਅਦਬੀ ਸਬੰਧੀ ਉਨ੍ਹਾਂ ਕਿਹਾ ਕਿ ਇਹ ਸਭ ਅਕਾਲੀ ਸਰਕਾਰ ਨੂੰ ਬਦਨਾਮ ਕਰਨ ਲਈ ਕੀਤਾ ਜਾ ਰਿਹਾ ਹੈ। ਸਰਬਜੀਤ ਝਿੱਜਰ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਦੌਰਾਨ ਕਾਂਗਰਸ ਨੂੰ ਬੇਅਦਬੀ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣੀ ਚਾਹੀਦੀ ਹੈ।

LEAVE A REPLY

Please enter your comment!
Please enter your name here