ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਤੜਕਸਾਰ ਪਟਿਆਲਾ ਦਾ ਦੌਰਾ ਕਰਨ ਪਹੁੰਚੇ ਜਿੱਥੇ ਉਨ੍ਹਾਂ ਨੇ ਵੱਖ ਵੱਖ ਇਲਾਕਿਆਂ ਵਿਚ ਜਾ ਕੇ ਨਗਰ ਨਿਗਮ ਦੇ ਸਫਾਈ ਪ੍ਰਬੰਧਾਂ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਉਹ ਸ਼ਹਿਰ ਵਿੱਚੋਂ ਰੋਜ਼ਾਨਾ ਕੂੜੇ ਦੀ ਨਿਯਮਤ ਅਤੇ ਯੋਜਨਾਬੱਧ ਢੰਗ ਨਾਲ ਲਿਫਟਿੰਗ ਨੂੰ ਯਕੀਨੀ ਬਣਾਈ ਜਾਵੇ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਸਾਫ਼-ਸੁਥਰਾ ਵਾਤਾਵਰਣ ਲੋਕਾਂ ਦੀ ਸਿਹਤ ਲਈ ਮਹੱਤਵਪੂਰਨ ਹੈ। ਇਸ ਦੌਰਾਨ ਥਾਂ-ਥਾਂ ਲੱਗੇ ਕੂੜੇ ਦੇ ਢੇਰ ਦੇਖ ਨਿਰਾਸ਼ ਹੋਏ ਕੈਬਨਿਟ ਮੰਤਰੀ ਨੇ ਕਮਿਸ਼ਨਰ ਤੇ ਮੇਅਰ ਨੂੰ ਵੀ ਖਰੀਆਂ ਖਰੀਆਂ ਸੁਣਾ ਦਿੱਤੀਆਂ। ਇਸ ਦੌਰਾਨ ਉਨ੍ਹਾਂ ਨੇ ਸ਼ਹਿਰ ਦਾ ਦੌਰਾ ਕਰਕੇ ਕੂੜਾ ਇਕੱਠਾ ਕਰਨ ਵਾਲੀਆ ਥਾਵਾਂ (ਸੈਕੰਡਰੀ ਪੁਆਇੰਟਸ) ਦਾ ਨਿਰੀਖਣ ਕੀਤਾ ਤੇ ਇੱਥੇ ਲੱਗੇ ਕੂੜੇ ਦੇ ਢੇਰਾਂ ਦਾ ਗੰਭੀਰ ਨੋਟਿਸ ਲਿਆ।
ਕੈਬਨਿਟ ਮੰਤਰੀ ਨੇ ਅਧਿਕਾਰੀਆਂ ਦੀ ਟੀਮ ਸਮੇਤ ਪਟਿਆਲਾ ਸ਼ਹਿਰੀ ਤੇ ਦਿਹਾਤੀ ਹਲਕੇ ਦੀਆਂ ਵੱਖ-ਵੱਖ ਵਾਰਡਾਂ ਵਿਚ ਸੰਜੇ ਕਲੋਨੀ, ਸਬਜੀ ਮੰਡੀ ਰੇਹੜੀ ਮਾਰਕੀਟ, ਭੀਮ ਕਲੋਨੀ, ਪੁਰਾਣਾ ਬੱਸ ਅੱਡਾ, ਰੇਲਵੇ ਸਟੇਸ਼ਨ, ਤਫੱਜਲਪਰਾ, ਫੈਕਟਰੀ ਏਰੀਆ, ਸਰਹਿੰਦ ਰੋਡ, ਘੁੰਮਣ ਨਗਰ, ਦੀਪ ਨਗਰ, ਅਨੰਦ ਨਗਰ ਤੇ ਭਾਦਸੋਂ ਰੋਡ ਜੇਲ ਦੀ ਕੰਧ ਦੇ ਨਾਲ ਸਮੇਤ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ ਅਤੇ ਮੌਕੇ ’ਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।
ਇਸ ਮੌਕੇ ਉਨ੍ਹਾਂ ਨੇ ਸਥਾਨਕ ਵਸਨੀਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਕੂੜਾ ਚੁੱਕੇ ਜਾਣ ਬਾਬਤ ਫੀਡਬੈਕ ਹਾਸਲ ਕਰਦਿਆਂ ਇੱਥੇ ਪਏ ਕੂੜੇ ਦੇ ਢੇਰਾਂ ਕਾਰਨ ਨਿਗਮ ਅਧਿਕਾਰੀਆਂ ਨਾਲ ਨਾਰਾਜ਼ਗੀ ਦਾ ਇਜ਼ਹਾਰ ਕੀਤਾ। ਕੈਬਨਿਟ ਮੰਤਰੀ ਨੇ ਮੌਕੇ ’ਤੇ ਆਦੇਸ਼ ਜਾਰੀ ਕੀਤੇ ਕਿ ਸਾਰੀ ਟੀਮ ਹੁਣੇ ਤੋਂ ਹੀ ਕੰਮ ’ਤੇ ਲੱਗ ਜਾਵੇ, ਕਿਉਂਕਿ ਮੌਨਸੂਨ ਸੀਜ਼ਨ ਕਰਕੇ ਕੂੜਾ ਪਿਆ ਰਹਿਣ ਕਾਰਨ ਬਿਮਾਰੀਆਂ ਫੈਲਣ ਦਾ ਖ਼ਤਰਾ ਪੈਦਾ ਹੋ ਜਾਂਦਾ ਹੈ, ਇਸ ਲਈ ਸ਼ਹਿਰ ਵਾਸੀਆਂ ਨੂੰ ਸਾਫ਼ ਸੁਥਰਾ ਵਾਤਾਵਰਨ ਮੁਹੱਈਆ ਕਰਵਾਇਆ ਜਾਵੇ।
ਉਨ੍ਹਾਂ ਅਧਿਕਾਰੀਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਕੂੜੇ ਦੀ ਸੁਚਾਰੂ ਲਿਫ਼ਟਿੰਗ ਯਕੀਨੀ ਬਣਾਈ ਜਾਵੇ ਅਤੇ ਜੇਕਰ ਇਸ ਕੰਮ ਵਿੱਚ ਕੋਈ ਢਿੱਲ ਮੱਠ ਸਾਹਮਣੇ ਆਈ ਤਾਂ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੰਤਰੀ ਨੇ ਸ਼ਹਿਰ ਵਾਸੀਆਂ ਨੂੰ ਵੀ ਸਫ਼ਾਈ ਵਿੱਚ ਪ੍ਰਸ਼ਾਸਨ ਦਾ ਸਹਿਯੋਗ ਕਰਨ ਅਤੇ ਆਪਣੇ ਆਲੇ-ਦੁਆਲੇ ਦੇ ਖੇਤਰਾਂ ਨੂੰ ਸਾਫ਼ ਰੱਖਣ ਵਿੱਚ ਯੋਗਦਾਨ ਪਾਉਣ ਦੀ ਅਪੀਲ ਵੀ ਕੀਤੀ।
ਉਨ੍ਹਾਂ ਕਿਹਾ ਕਿ ਸਫ਼ਾਈ ਸਿਰਫ਼ ਸਰਕਾਰ ਦੀ ਜ਼ਿੰਮੇਵਾਰੀ ਨਹੀਂ ਹੈ, ਸਗੋਂ ਹਰ ਨਾਗਰਿਕ ਦਾ ਫਰਜ਼ ਹੈ ਕਿ ਉਹ ਸਵੱਛ ਭਾਰਤ ਅਭਿਆਨ ਨੂੰ ਸਫਲ ਬਣਾਉਣ ਵਿੱਚ ਭਾਈਵਾਲ ਬਣੇ। ਇਸ ਮੌਕੇ ਉਨ੍ਹਾਂ ਦੇ ਨਾਲ ਬਲਤੇਜ ਪੰਨੂ, ਮੇਅਰ ਕੁੰਦਨ ਗੋਗੀਆ, ਪੰਜਾਬ ਪ੍ਰਦੂਸ਼ਨ ਰੋਕਥਾਮ ਬੋਰਡ ਦੇ ਚੇਅਰਪਰਸਨ ਰੀਨਾ ਗੁਪਤਾ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਕਮਿਸ਼ਨਰ ਨਗਰ ਨਿਗਮ ਪਰਮਵੀਰ ਸਿੰਘ ਅਤੇ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਵੀ ਮੌਜੂਦ ਸਨ।