ਮਾਨਸਾ ’ਚ ਕਾਂਗਰਸੀ ਕੌਂਸਲਰ ਖਿਲਾਫ ਪਰਚਾ ਦਰਜ ਹੋਣ ਦਾ ਮੁੱਦਾ ਗਰਮਾ ਗਿਆ ਐ। ਕਾਂਗਰਸ ਪਾਰਟੀ ਦੇ ਆਗੂਆਂ ਨੇ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਵਿਚ ਰੋਸ ਮਾਰਚ ਕੱਢ ਕੇ ਐਸਡੀਐਮ ਮਾਨਸਾ ਅਤੇ ਹਲਕਾ ਵਿਧਾਇਕ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ। ਰੋਸ ਮਾਰਚ ਵਿਚ ਸ਼ਾਮਲ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਵੀ ਸਰਕਾਰ ਤੇ ਧੱਕੇ ਦੇ ਇਲਜਾਮ ਲਾਉਂਦਿਆਂ ਦਰਜ ਕੇਸ ਵਾਪਸ ਲੈਣ ਦੀ ਮੰਗ ਕੀਤੀ। ਕਾਂਗਰਸੀ ਆਗੂਆਂ ਨੇ ਕਿਹਾ ਕਿ ਸਰਕਾਰ ਧੱਕੇਸ਼ਾਹੀ ਤੇ ਉਤਰ ਆਈ ਐ ਅਤੇ ਕਾਂਗਰਸੀ ਆਗੂਆਂ ਤੇ ਝੂਠੇ ਪਰਚੇ ਦਰਜ ਕਰ ਕੇ ਵਿਰੋਧੀਆਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਐ।
ਦੱਸਣਯੋਗ ਐ ਕਿ ਬੀਤੇ ਦਿਨ ਹੋਈਆਂ ਨਗਰ ਕੌਸ਼ਲ ਚੋਣਾਂ ਦੌਰਾਨ, ਕਾਂਗਰਸੀ ਆਗੂਆਂ ਨੇ ਕੌਂਸਲਰ ਨੇਮ ਚੰਦ ਨੂੰ ਸਾਜ਼ਿਸ਼ ਤਹਿਤ ਹਰਾਉਣ ਦੇ ਇਲਜਾਮ ਲਾਏ ਸੀ। ਇਸ ਦੌਰਾਨ ਕਾਂਗਰਸੀ ਕੌਂਸਲਰ ਅਤੇ ਉਨ੍ਹਾਂ ਦੇ ਸਾਥੀ ਕੌਂਸਲਰਾਂ ਨੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਸੀ। ਜਿਸ ਨੂੰ ਲੈ ਕੇ ਮਾਨਸਾ ਦੇ ਐਸਡੀਐਮ ਵੱਲੋਂ ਕੌਂਸਲਰ ਨੇਮ ਚੰਦ ਵਿਰੁੱਧ ਸਰਕਾਰੀ ਕੰਮ ਵਿਚ ਵਿਘਣ ਪਾਉਣ ਦਾ ਕੇਸ ਦਰਜ ਕਰਵਾਇਆ ਗਿਆ ਸੀ।
ਇਸੇ ਨੂੰ ਲੈ ਕੇ ਅੱਜ ਕਾਂਗਰਸੀ ਆਗੂਆਂ ਨੇ ਰੋਸ ਮਾਰਚ ਕੱਢ ਕੇ ਐਸਡੀਐਮ ਅਤੇ ਹਲਕਾ ਵਿਧਾਇਕ ਖਿਲਾਫ ਅਰਥੀ ਫੂਕ ਪ੍ਰਦਰਸ਼ਨ ਕੀਤਾ। ਰੋਸ ਮਾਰਚ ਵਿਚ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਕਾਂਗਰਸ ਜ਼ਿਲ੍ਹਾ ਪ੍ਰਧਾਨ ਨੇ ਵੀ ਸ਼ਮੂਲੀਅਤ ਕੀਤੀ ਅਤੇ ਹਲਕਾ ਵਿਧਾਇਕ ਦੀ ਅਰਥੀ ਫੂਕ ਕੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਅਤੇ ਮਾਨਸਾ ਦੇ ਐਸਡੀਐਮ ਨੇ ਲੋਕਾਂ ਨਾਲ ਖੁੱਲ੍ਹ ਕੇ ਧੱਕਾ ਕੀਤਾ ਅਤੇ ਕਾਂਗਰਸ ਦੀ ਕੌਸਲ ਨੂੰ ਹਰਾਉਣ ਤੋਂ ਬਾਅਦ ਉਨ੍ਹਾਂ ਵਿਰੁੱਧ ਵੀ ਕੇਸ ਦਰਜ ਕੀਤਾ ਗਿਆ ਜੋ ਕਿ ਨਿੰਦਣਯੋਗ ਹੈ।
ਉਨ੍ਹਾਂ ਕਿਹਾ ਕਿ ਚੋਣਾਂ ਦੀ ਵੀਡੀਓ ਜਨਤਕ ਕੀਤੀ ਜਾਣੀ ਚਾਹੀਦੀ ਹੈ ਅਤੇ ਚੋਣਾਂ ਦੌਰਾਨ ਧੱਕਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਨੇਮ ਚੰਦ ਵਿਰੁੱਧ ਕੇਸ ਦਰਜ ਕੀਤਾ ਜਾਂਦਾ ਹੈ ਤਾਂ ਆਉਣ ਵਾਲੇ ਦਿਨਾਂ ਵਿੱਚ ਕਾਂਗਰਸ ਪਾਰਟੀ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ।