ਜਲੰਧਰ ਨਗਰ ਨਿਗਮ ਦੀ ਮਾੜੀ ਕਾਰਗੁਜ਼ਾਰੀ ਨੂੰ ਲੈ ਕੇ ਅੱਜ ਕਾਂਗਰਸ ਪਾਰਟੀ ਦੇ ਆਗੂਆਂ ਵੱਲੋਂ ਨਿਗਮ ਦਫਤਰ ਅੱਗੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਾਂਗਰਸੀ ਆਗੂਆਂ ਨੇ ਪੰਜਾਬ ਸਰਕਾਰ ਅਤੇ ਨਗਰ ਨਿਗਮ ਦੇ ਮੇਅਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਕਾਂਗਰਸੀ ਵਿਧਾਇਕ ਬਾਵਾ ਹੈਨਰੀ ਨੇ ਕਿਹਾ ਕਿ ਉਹ ਨਿਗਮ ਅੰਦਰ ਫੈਲੇ ਭ੍ਰਿਸ਼ਟਾਚਾਰ ਖਿਲਾਫ ਆਵਾਜ ਬੁਲੰਦ ਕਰਦੇ ਆ ਰਹੇ ਨੇ ਪਰ ਸਰਕਾਰ ਤੇ ਨਗਰ ਨਿਗਮ ਇਸ ਪਾਸੇ ਕੋਈ ਧਿਆਨ ਨਹੀਂ ਦੇ ਰਿਹਾ। ਉਨ੍ਹਾਂ ਕਿਹਾ ਕਿ ਪਹਿਲਾਂ ਸਿਰਫ ਨਗਰ ਸੁਧਾਰ ਟਰੱਸਟ ਅੰਦਰ ਹੀ ਭ੍ਰਿਸ਼ਟਾਚਾਰ ਸੀ ਪਰ ਹੁਣ ਨਗਰ ਨਿਗਮ ਨੇ ਵੀ ਸਾਰੇ ਰਿਕਾਰਡ ਤੋੜ ਦਿੱਤੇ ਨੇ। ਉਨ੍ਹਾਂ ਕਿਹਾ ਕਿ ਪਾਣੀ ਦੀ ਨਿਕਾਸੀ ਸਮੇਤ ਸਾਰੇ ਵਿਕਾਸ ਕਾਰਜਾਂ ਦਾ ਬੂਰਾ ਹਾਲ ਐ ਪਰ ਨਿਗਮ ਤੇ ਪ੍ਰਸ਼ਾਸਨ ਮੂਕ ਦਰਸ਼ਕ ਬਣਿਆ ਹੋਇਆ ਐ।
ਉਨ੍ਹਾਂ ਕਿਹਾ ਕਿ ਦੋ ਮਹੀਨੇ ਪਹਿਲਾਂ ਵੀ ਅਸੀਂ ਨਗਰ ਨਿਗਮ ਦਫਤਰ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ ਸੀ ਅਤੇ ਨਗਰ ਨਿਗਮ ਦਫਤਰ ਨੂੰ ਤਾਲਾ ਲਗਾ ਦਿੱਤਾ ਸੀ। ਉਦੋਂ ਕਿਹਾ ਗਿਆ ਸੀ ਕਿ ਸ਼ਹਿਰ ਵਿੱਚ ਚੰਗਾ ਕੰਮ ਹੋਵੇਗਾ ਪਰ ਉਦੋਂ ਤੋਂ ਸਥਿਤੀ ਵਿੱਚ ਕੋਈ ਸੁਧਾਰ ਨਹੀਂ ਹੋਇਆ ਹੈ। ਸ਼ਹਿਰ ਦੇ ਲੋਕ ਪੀਣ ਵਾਲੇ ਪਾਣੀ, ਸੀਵਰੇਜ, ਸਟਰੀਟ ਲਾਈਟਾਂ, ਕੂੜੇ ਅਤੇ ਪੂਰੇ ਸ਼ਹਿਰ ਵਿੱਚ ਕਈ ਹੋਰ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ।
ਬਾਵਾ ਹੈਨਰੀ ਨੇ ਕਿਹਾ ਕਿ ਪਿਛਲੇ ਦੋ ਮਹੀਨਿਆਂ ਵਿੱਚ ਸ਼ਹਿਰ ਦੀ ਹਾਲਤ ਬਦਤਰ ਹੋ ਗਈ ਹੈ। ਨਗਰ ਨਿਗਮ ਵਿੱਚ ਭ੍ਰਿਸ਼ਟਾਚਾਰ ਆਪਣੇ ਸਿਖਰ ‘ਤੇ ਪਹੁੰਚ ਗਿਆ ਹੈ। ਇਸ ਤੋਂ ਇਲਾਵਾ, ਅਸੀਂ ਸੋਚਦੇ ਸੀ ਕਿ ਪਹਿਲਾਂ ਸਿਰਫ ਨਗਰ ਸੁਧਾਰ ਟਰੱਸਟ ਵਿੱਚ ਭ੍ਰਿਸ਼ਟਾਚਾਰ ਸੀ, ਪਰ ਨਗਰ ਨਿਗਮ ਨੇ ਆਪਣੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਇਸ ਮੁੱਦੇ ਨੂੰ ਕਈ ਵਾਰ ਉਠਾਉਣ ਦੇ ਬਾਵਜੂਦ, ਜਲੰਧਰ ਦੇ ਮੇਅਰ ਅਤੇ ਨਗਰ ਨਿਗਮ ਕਮਿਸ਼ਨਰ ਨੇ ਭ੍ਰਿਸ਼ਟਾਚਾਰ ਨੂੰ ਉਤਸ਼ਾਹਿਤ ਕੀਤਾ ਹੈ।
ਵਿਧਾਇਕ ਬਾਵਾ ਹੈਨਰੀ ਨੇ ਕਿਹਾ ਕਿ ਜੇਕਰ ਦੇਸ਼ ਵਿੱਚ ਕਿਤੇ ਵੀ ਮੀਂਹ ਪੈਂਦਾ ਹੈ, ਤਾਂ ਪਾਣੀ ਇਕੱਠਾ ਹੋ ਜਾਂਦਾ ਹੈ, ਪਰ ਸਾਡਾ ਸ਼ਹਿਰ ਬਿਨਾਂ ਮੀਂਹ ਦੇ ਵੀ ਪਾਣੀ ਵਿੱਚ ਡੁੱਬ ਜਾਂਦਾ ਹੈ। ਜਲੰਧਰ ਦੇ ਕਈ ਖੇਤਰ ਹਨ ਜਿੱਥੇ ਅਜਿਹਾ ਹੋਇਆ ਹੈ। ਰਾਮ ਨਗਰ, ਗਾਜ਼ੀ ਗੁੱਲਾ, ਬਚਿੰਤ ਨਗਰ, ਰੇਰੂ ਅਤੇ ਹੋਰ ਬਹੁਤ ਸਾਰੇ ਖੇਤਰ ਅਜਿਹੇ ਹਨ ਜਿੱਥੇ ਬਿਨਾਂ ਮੀਂਹ ਦੇ ਵੀ ਪਾਣੀ ਇਕੱਠਾ ਹੋ ਜਾਂਦਾ ਹੈ ਅਤੇ ਲੋਕ ਪਿਛਲੇ ਡੇਢ ਸਾਲ ਤੋਂ ਪਰੇਸ਼ਾਨ ਹਨ। ਅਸੀਂ ਇਸ ਸਮੱਸਿਆ ਨੂੰ ਲੈ ਕੇ ਹਰ ਅਧਿਕਾਰੀ ਦਾ ਦਰਵਾਜ਼ਾ ਖੜਕਾਇਆ ਪਰ ਕਿਸੇ ਸਮੱਸਿਆ ਹੱਲ ਨਹੀਂ ਹੋਇਆ।