ਪੰਜਾਬ ਰਾਜਸਥਾਨ ’ਚ ਸਿੱਖ ਬੱਚੀ ਨੂੰ ਸਿਵਲ ਜੱਜ ਦਾ ਪੇਪਰ ਦੇਣ ਤੋਂ ਰੋਕਿਆ; ਜੈਪੁਰ ਜ਼ਿਲ੍ਹੇ ਦੀ ਪੁਰਨਮਾ ਯੂਨੀਵਰਸਿਟੀ ’ਚ ਹੋਣ ਜਾ ਰਿਹਾ ਸੀ ਪੇਪਰ; ਸ਼੍ਰੋਮਣੀ ਕਮੇਟੀ ਸਮੇਤ ਵੱਖ ਵੱਖ ਜਥੇਬੰਦੀਆਂ ਨੇ ਕੀਤੀ ਨਿੰਦਾ By admin - July 27, 2025 0 5 Facebook Twitter Pinterest WhatsApp ਦੇਸ਼ ਅੰਦਰ ਅੰਮ੍ਰਿਤਧਾਰੀ ਬੱਚਿਆਂ ਨੂੰ ਇਮਤਿਹਾਨਾਂ ਵਿਚ ਬੈਠਣ ਤੋਂ ਰੋਕਣ ਦਾ ਸਿਲਸਿਲਾ ਥੰਮ੍ਹ ਨਹੀਂ ਰਿਹਾ। ਤਾਜ਼ਾ ਮਾਮਲਾ ਗੁਆਢੀ ਸੂਬਾ ਰਾਜਸਥਾਨ ਤੋਂ ਸਾਹਮਣੇ ਆਇਆ ਐ, ਜਿੱਥੇ ਇਕ ਸਿੱਖ ਕੁੜੀ ਨੂੰ ਇਮਤਿਹਾਨ ਦੇਣ ਤੋਂ ਸਿਰਫ ਇਸ ਲਈ ਰੋਕ ਦਿੱਤਾ ਗਿਆ ਕਿਉਂਕਿ ਉਸ ਨੇ ਅੰਮ੍ਰਿਤਧਾਰੀ ਹੋਣ ਕਾਰਨ ਕਕਾਰ ਪਹਿਨੇ ਹੋਏ ਸੀ। ਘਟਨਾ ਰਾਜਸਥਾਨ ਦੇ ਜੈਪੁਰ ਜ਼ਿਲ੍ਹੇ ਅੰਦਰ ਪੈਂਦੀ ਪੁਰਨਿਮਾ ਯੂਨੀਵਰਸਿਟੀ ਦੀ ਐ। ਜਾਣਕਾਰੀ ਅਨੁਸਾਰ ਇਸ ਯੂਨੀਵਰਸਿਟੀ ਵਿਚ ਸਿਵਲ ਜੱਜ ਦਾ ਪੇਪਰ ਹੋਣ ਵਾਲਾ ਸੀ, ਜਿੱਥੇ ਤਰਨ ਤਾਰਨ ਜ਼ਿਲ੍ਹੇ ਅਧੀਨ ਆਉਂਦੇ ਖੰਡੂਰ ਸਾਹਿਬ ਨਾਲ ਸਬੰਧਤ ਸਿੱਖ ਬੱਚੀ ਪੇਪਰ ਦੇਣ ਗਈ ਸੀ ਪਰ ਪ੍ਰਬੰਧਕਾਂ ਵੱਲੋਂ ਉਸ ਨੂੰ ਕਕਾਰ ਪਹਿਨੇ ਹੋਣ ਕਾਰਨ ਯੂਨੀਵਰਸਿਟੀ ਗੇਟ ਤੇ ਰੋਕ ਦਿੱਤਾ ਗਿਆ। ਇਸ ਤੋਂ ਬਾਅਦ ਲੜਕੀ ਨੇ ਲਾਈਵ ਹੁੰਦਿਆਂ ਕਿਹਾ ਕਿ ਯੂਨੀਵਰਸਿਟੀ ਨੇ ਪੋਸਟਾਂ ਕੱਢਣ ਵੇਲੇ ਕਕਾਰਾਂ ਬਾਰੇ ਕੋਈ ਹਦਾਇਤ ਨਹੀਂ ਸੀ ਦਿੱਤੀ, ਜਿਸ ਕਾਰਨ ਉਸ ਨੇ ਅਪਲਾਈ ਕੀਤਾ ਸੀ। ਲੜਕੀ ਨੇ ਕਿਹਾ ਕਿ ਉਸ ਨੇ ਕੜਾ ਤੇ ਸ੍ਰੀ ਸਾਹਿਬ ਕਾਫੀ ਛੋਟੇ ਆਕਾਰ ਦੇ ਪਹਿਨੇ ਹੋਏ ਸੀ ਪਰ ਇਸ ਦੇ ਬਾਵਜੂਦ ਉਸ ਨੂੰ ਅੰਦਰ ਨਹੀਂ ਜਾਣ ਦਿੱਤਾ। ਬੱਚੀ ਨੇ ਕਿਹਾ ਕਿ ਕੁੱਝ ਉਮੀਦਵਾਰ ਆਪਣੇ ਕਕਾਰ ਬਾਹਰ ਰੱਖ ਕੇ ਅੰਦਰ ਚਲੇ ਗਏ ਨੇ ਪਰ ਉਹ ਅਜਿਹਾ ਨਹੀਂ ਕਰ ਸਕੀ। ਉਸ ਨੇ ਯੂਨੀਵਰਸਿਟੀ ਪ੍ਰਸ਼ਾਸਨ ਤੋਂ ਇਸ ਵਿਵਹਾਰ ਬਾਰੇ ਜਵਾਬ ਮੰਗਿਆ ਐ। ਦੱਸਣਯੋਗ ਐ ਕਿ ਸਿੱਖ ਬੱਚਿਆਂ ਨਾਲ ਵਿਤਕਰੇ ਦੇ ਅਜਿਹੇ ਮਾਮਲਾ ਪਹਿਲਾਂ ਵੀ ਕਈ ਵਾਰ ਸਾਹਮਣੇ ਆ ਚੁੱਕੇ ਨੇ। ਇੱਥੋਂ ਤਕ ਕਿ ਪੰਜਾਬ ਦੀ ਧਰਤੀ ਤੋਂ ਵੀ ਅਜਿਹੀਆਂ ਖਬਰਾਂ ਸਾਹਮਣੇ ਆ ਚੁੱਕੀਆਂ ਨੇ। ਭਾਵੇਂ ਸ਼੍ਰੋਮਣੀ ਕਮੇਟੀ ਸਮੇਤ ਸਿੱਖ ਜਥੇਬੰਦੀਆਂ ਇਸ ਖਿਲਾਫ ਆਵਾਜ ਚੁੱਕਦੀਆਂ ਰਹੀਆਂ ਨੇ ਪਰ ਇਹ ਵਰਤਾਰਾ ਰੁੱਕ ਨਹੀਂ ਰਿਹਾ। ਇਸ ਮਾਮਲੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ ਵੱਲੋਂ ਸਖਤ ਇਤਰਾਜ਼ ਜਤਾਇਆ ਗਿਆ ਹੈ। ਉਨ੍ਹਾਂ ਘਟਨਾ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਵਤੀਰੇ ਨਾਲ ਸਿੱਖ ਵਿਦਿਆਰਥਣ ਦੀ ਮਾਨਸਿਕਤਾ ‘ਤੇ ਗਹਿਰੀ ਪਹੁੰਚੀ ਹੈ। ਉਨ੍ਹਾਂ ਕਿਹਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਹਿਲਾਂ ਵੀ ਅਜਿਹੇ ਮਾਮਲਿਆਂ ਨੂੰ ਲੈ ਕੇ ਆਵਾਜ਼ ਚੁੱਕੀ ਰਹੀ ਹੈ ਅਤੇ ਹੁਣ ਇਸ ਮਾਮਲੇ ਨੂੰ ਵੱਡੇ ਪੱਧਰ ‘ਤੇ ਲਿਜਾਇਆ ਜਾਵੇਗਾ। ਉਨ੍ਹਾਂ ਸਿੱਖ ਸੰਗਤ ਨੂੰ ਵੀ ਅਪੀਲ ਕੀਤੀ ਹੈ ਕਿ ਧਾਰਮਿਕ ਅਧਿਕਾਰਾਂ ਦੀ ਰੱਖਿਆ ਲਈ ਇਸ ਮਾਮਲੇ ‘ਤੇ ਇਕਜੁਟ ਹੋ ਕੇ ਵਿਰੋਧ ਕੀਤਾ ਜਾਣਾ ਚਾਹੀਦਾ ਹੈ। ਉਸੇ ਤਰ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੀ ਘਟਨਾ ਸਖ਼ਤ ਨੋਟਿਸ ਲੈਂਦਿਆਂ ਇਸ ਨੂੰ ਦੇਸ਼ ਦੇ ਸੰਵਿਧਾਨ ਦੀ ਵੱਡੀ ਉਲੰਘਣਾ ਕਰਾਰ ਦਿੱਤਾ ਐ। ਉਨ੍ਹਾਂ ਕਿਹਾ ਕਿ ਗੁਰਸਿੱਖ ਲੜਕੀ ਨੂੰ ਕਿਰਪਾਨ ਸਮੇਤ ਪ੍ਰੀਖਿਆ ਵਿੱਚੋਂ ਰੋਕਣ ਵਾਲੇ ਪ੍ਰੀਖਿਆ ਕੇਂਦਰ ਦੇ ਅਧਿਕਾਰੀਆਂ ਦੇ ਖਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ, ਜਿਨ੍ਹਾਂ ਦੀ ਇਸ ਆਪਹੁਦਰੀ ਹਰਕਤ ਨਾਲ ਇੱਕ ਬੱਚੀ ਪ੍ਰੀਖਿਆ ਤੋਂ ਵਾਂਝੀ ਰਹਿ ਗਈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਵੀ ਰਾਜਸਥਾਨ ਵਿਚ ਕੁਝ ਵਿਦਿਆਰਥੀਆਂ ਨਾਲ ਅਜਿਹਾ ਵਰਤਾਰਾ ਹੋਇਆ ਸੀ, ਜਿਸ ‘ਤੇ ਸ਼੍ਰੋਮਣੀ ਕਮੇਟੀ ਦੇ ਇੱਕ ਵਫਦ ਨੇ ਉਥੋਂ ਦੇ ਪ੍ਰਸ਼ਾਸਨ ਨਾਲ ਗੱਲ ਕੀਤੀ ਸੀ ਅਤੇ ਅਗੋਂ ਅਜਿਹਾ ਨਾ ਹੋਵੇ ਇਸ ਦਾ ਧਿਆਨ ਰੱਖਣ ਲਈ ਕਿਹਾ ਸੀ। ਧਾਮੀ ਨੇ ਕਿਹਾ ਕਿ ਭਾਰਤ ਦੇ ਸੰਵਿਧਾਨ ਅਨੁਸਾਰ ਸਿੱਖਾਂ ਨੂੰ ਕਿਰਪਾਨ ਪਹਿਨਣ ਦਾ ਪੂਰਾ ਅਧਿਕਾਰ ਹੈ ਅਤੇ ਸਿੱਖ ਰਹਿਤ ਮਰਯਾਦਾ ਅਨੁਸਾਰ ਕੋਈ ਵੀ ਅੰਮ੍ਰਿਤਧਾਰੀ ਸਿੱਖ ਆਪਣੇ ਸਰੀਰ ਨਾਲੋਂ ਪੰਜ ਕਕਾਰ ਵੱਖ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਪਿਛਲੇ ਕੁਝ ਸਮੇਂ ਤੋਂ ਦੇਸ਼ ਅੰਦਰ ਸਿੱਖ ਉਮੀਦਵਾਰਾਂ ਨੂੰ ਖਾਸ ਕਰਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਅਕਸਰ ਹੀ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ, ਜਿਨ੍ਹਾਂ ਵਿੱਚ ਅੰਮ੍ਰਿਤਧਾਰੀ ਸਿੱਖਾਂ ਨੂੰ ਧਾਰਮਿਕ ਚਿੰਨ੍ਹ ਕਕਾਰ ਉਤਾਰਣ ਲਈ ਆਖਿਆ ਜਾਂਦਾ ਹੈ ਅਤੇ ਵਿਰੋਧ ਕਰਨ ‘ਤੇ ਮੁਕਾਬਲਾ ਪ੍ਰੀਖਿਆਵਾਂ ਵਿੱਚ ਦਾਖਲਾ ਨਹੀਂ ਦਿੱਤਾ ਜਾਂਦਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਵਰਤਾਰੇ ਨੂੰ ਆਪਣੇ ਹੀ ਦੇਸ਼ ਭਾਰਤ ਅੰਦਰ ਸਿੱਖਾਂ ਨਾਲ ਵੱਡਾ ਵਿਤਕਰਾ ਕਰਾਰ ਦਿੰਦਿਆਂ ਕਿਹਾ ਕਿ ਸਿੱਖ ਉਮੀਦਵਾਰਾਂ ਨਾਲ ਕੀਤਾ ਜਾਂਦਾ ਇਹ ਵਖਰੇਵਾਂ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸਭ ਨੂੰ ਇਹ ਪਤਾ ਹੋਣ ਦੇ ਬਾਵਜੂਦ ਵੀ ਕਿ ਕਿਰਪਾਨ ਸਿੱਖਾਂ ਦੇ ਪੰਜ ਕਕਾਰਾਂ ਦਾ ਹਿੱਸਾ ਹੈ ਅਤੇ ਇਹ ਸਿੱਖ ਪਛਾਣ, ਮੌਲਿਕ ਅਧਿਕਾਰਾਂ ਦੀ ਤਰਜਮਾਨ ਹੈ, ਫਿਰ ਵੀ ਸਿੱਖਾਂ ਨਾਲ ਨਫ਼ਰਤੀ ਵਿਹਾਰ ਕਰਨਾ ਅਤਿ ਨਿੰਦਣਯੋਗ ਹੈ। ਐਡੋਵੇਕਟ ਧਾਮੀ ਨੇ ਰਾਸਜਥਾਨ ਸਰਕਾਰ ਦੇ ਮੁੱਖ ਮੰਤਰੀ ਨੂੰ ਇਸ ਮਾਮਲੇ ਵਿੱਚ ਤੁਰੰਤ ਦਖ਼ਲ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਉਹ ਸਿੱਖ ਬੱਚੀ ਨੂੰ ਪੇਪਰ ਵਿੱਚ ਦਾਖਲੇ ਤੋਂ ਰੋਕਣ ਵਾਲੇ ਦੋਸ਼ੀ ਅਧਿਕਾਰੀਆਂ ਖਿਲਾਫ ਸਖ਼ਤ ਕਾਰਵਾਈ ਕਰਨ। ਉਨ੍ਹਾਂ ਮੁੱਖ ਮੰਤਰੀ ਤੋਂ ਇਹ ਵੀ ਮੰਗ ਕੀਤੀ ਕਿ ਅਧਿਕਾਰੀਆਂ ਦੇ ਗਲਤ ਵਤੀਰੇ ਕਾਰਨ ਪੇਪਰ ਦੇਣ ਤੋਂ ਰਹਿ ਗਈ ਸਿੱਖ ਉਮੀਦਵਾਰ ਦਾ ਇਹ ਪੇਪਰ ਦਿਵਾਉਣ ਲਈ ਸੂਬਾ ਸਰਕਾਰ ਵੱਲੋਂ ਵਿਸ਼ੇਸ਼ ਪ੍ਰਬੰਧ ਕਰਕੇ ਉਸ ਨੂੰ ਇਨਸਾਫ ਦਿੱਤਾ ਜਾਵੇ।ਉਨ੍ਹਾਂ ਕਿਹਾ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਸਿੱਖ ਕਕਾਰਾਂ ਵਿਰੁੱਧ ਅਜਿਹੀਆਂ ਕਾਰਵਾਈਆਂ ਸਿੱਖ ਕਕਾਰਾਂ ਦੀ ਬੇਅਦਬੀ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਵੀ ਮੰਗ ਕੀਤੀ ਕਿ ਅਜਿਹੇ ਵਰਤਾਰੇ ਨੂੰ ਰੋਕਣ ਲਈ ਕਨੂੰਨ ਬਣਾਇਆ ਜਾਵੇ, ਜਿਸ ਤਹਿਤ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਹੋਣ ਤਾਂ ਜੋ ਕੋਈ ਵੀ ਅਧਿਕਾਰੀ ਅਜਿਹੀ ਹਰਕਤ ਨਾ ਕਰੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਲਦ ਇੱਕ ਵਫਦ ਰਾਜਸਥਾਨ ਭੇਜਿਆ ਜਾਵੇਗਾ।