ਅਜਨਾਲਾ ਸ਼ਹਿਰ ਅੰਦਰ ਬੀਤੀ ਦੇਰ ਰਾਤ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਇੱਥੇ ਸਥਿਤ ਇਕ ਮੈਡੀਕਲ ਸਟੋਰ ਦੇ ਮਾਲਕ ਦਾ ਅਣਪਛਾਤੇ 2 ਨਕਾਬਪੋਸ਼ਾਂ ਨੇ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਜਾਣਕਾਰੀ ਅਨੁਸਾਰ ਸਟੋਰ ਮਾਲਕ ਤਰਨਜੀਤ ਸਿੰਘ ਦੇ ਬੀਤੀ ਰਾਤ ਮੈਡੀਕਲ ਸਟੋਰ ਤੋਂ ਘਰ ਵਾਪਸ ਜਾ ਰਿਹਾ ਸੀ ਕਿ ਰਸਤੇ ਵਿੱਚ ਬਦਮਾਸ਼ਾਂ ਨੇ ਉਸ ਤੇ ਗੋਲੀਆਂ ਚਲਾ ਦਿੱਤੀਆਂ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਗੋਲੀਆਂ ਦੇ ਖੋਲ ਬਰਾਮਦ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਐ।
ਮ੍ਰਿਤਕ ਦੇ ਭਰਾ ਕਰਮਜੀਤ ਸਿੰਘ ਦੇ ਦੱਸਣ ਮੁਤਾਬਕ ਮ੍ਰਿਤਕ ਨੂੰ ਇਕ ਸਾਲ ਪਹਿਲਾਂ ਧਮਕੀ ਦੀ ਕਾਲ ਆਈ ਸੀ, ਜਿਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਸੀ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਘਟਨਾ ਲਈ ਜ਼ਿੰਮੇਵਾਰ ਲੋਕਾਂ ਨੂੰ ਗ੍ਰਿਫਤਾਰ ਕਰ ਕੇ ਬਣਦੀ ਕਾਰਵਾਈ ਦੀ ਮੰਗ ਕੀਤੀ ਐ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਹਰਚੰਦ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਮੌਕੇ ਤੋਂ ਪੰਜ ਦੇ ਕਰੀਬ ਗੋਲੀਆਂ ਦੇ ਖੋਲ ਵੀ ਬਰਾਮਦ ਕੀਤੇ ਗਏ ਹਨ। ਉਹਨਾਂ ਕਿਹਾ ਕਿ ਆਲੇ ਦੁਆਲੇ ਦੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ ਅਤੇ ਜਲਦ ਹੀ ਅਸਲ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।