ਅੰਮ੍ਰਿਤਸਰ ’ਚ ਕਿਸਾਨ ਜਥੇਬੰਦੀਆਂ ਨੇ ਘੇਰੀ ਸਰਕਾਰ; ਲੈਂਡ ਪੂਲਿੰਗ ਨੀਤੀ ਨੂੰ ਲੈ ਕੇ ਚੁੱਕੇ ਵੱਡੇ ਸਵਾਲ; ਜ਼ਮੀਨਾਂ ਕਾਰਪੋਰੇਟਾਂ ਹਵਾਲੇ ਕਰਨ ਦੀ ਸਾਜ਼ਿਸ਼ ਦੇ ਲਾਏ ਇਲਜ਼ਾਮ

0
3

ਕਿਸਾਨ ਜਥੇਬੰਦੀਆਂ ਨੇ ਅੰਮ੍ਰਿਤਸਰ ਵਿਖੇ ਪ੍ਰੈੱਸ ਕਾਨਫਰੰਸ ਕਰ ਕੇ ਲੈਂਡ ਪੂਲਿੰਗ ਨੀਤੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਐ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧਪੁਰ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਿਕ ਵੱਲੋਂ ਕੀਤੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਲੈਂਡ ਪੂਲਿੰਗ ਪਾਲਸੀ ਜ਼ਰੀਏ ਕਿਸਾਨਾਂ ਤੋਂ ਜ਼ਮੀਨਾਂ ਖੋਹ ਕੇ ਕਾਰਪੋਰੇਟ ਨੂੰ ਸੌਂਪਣ ਦੀ ਸਾਜ਼ਿਸ਼ ਰੱਚ ਰਹੀ ਐ।
ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਇਨ੍ਹਾਂ ਕੋਸ਼ਿਸ਼ਾਂ ਖਿਲਾਫ ਲੋਕਾਂ ਨੂੰ ਲਾਮਬੰਦ ਕਰਨ ਲਈ 16 ਅਗਸਤ ਨੂੰ ਅੰਮ੍ਰਿਤਸਰ ਦੀ ਰਈਆ ਦਾਣਾ ਮੰਡੀ ਅਤੇ 25 ਅਗਸਤ ਨੂੰ ਦਿੱਲੀ ‘ਚ ਮਹਾਂਪੰਚਾਇਤ ਕੀਤੀ ਜਾ ਰਹੀ ਐ। ਕਿਸਾਨ ਜਥੇਬੰਦੀਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ‘ਤੇ ਦੋਸ਼ ਲਗਾਇਆ ਕਿ ਉਹ ਕਿਸਾਨਾਂ ਦੀ ਜ਼ਮੀਨ ਕਾਰਪੋਰੇਟ ਘਰਾਨਿਆਂ ਨੂੰ ਸੌਂਪ ਰਹੀ ਹੈ। ਆਗੂਆਂ ਨੇ ਕਿਹਾ ਕਿ ਲੈਂਡ ਪੂਲਿੰਗ ਪਾਲਸੀ ਕਿਸਾਨਾਂ ਦੇ ਹਿੱਤਾਂ ਖਿਲਾਫ ਹੈ ਅਤੇ ਇਸ ਦਾ ਮਕਸਦ ਬਹੁਰਾਸ਼ਟਰੀ ਕੰਪਨੀਆਂ ਨੂੰ ਲਾਭ ਪਹੁੰਚਾਉਣਾ ਹੈ।
ਕਿਸਾਨ ਆਗੂਆਂ ਨੇ ਦਾਅਵਾ ਕੀਤਾ ਕਿ ਭਾਰਤ ਸਰਕਾਰ ਅਮਰੀਕਾ ਨਾਲ ਫ੍ਰੀ ਟਰੇਡ ਐਗਰੀਮੈਂਟ ਕਰਨ ਦੀ ਜਲਦੀ ਵਿੱਚ ਹੈ, ਜਿਸ ਲਈ ਕਿਸਾਨਾਂ ਦੀ ਜ਼ਮੀਨ ਹੜੱਪੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੱਧ ਪ੍ਰਦੇਸ਼ ਵਿੱਚ ਬੀਜੇਪੀ ਸਰਕਾਰ ਬਿਨਾ ਮੁਆਵਜ਼ੇ ਕਿਸਾਨਾਂ ਦੀ ਜ਼ਮੀਨ ਲੈਣ ਦਾ ਕਾਨੂੰਨ ਲਿਆਈ ਹੈ, ਜੋ ਕਿਸਾਨਾਂ ‘ਤੇ ਸਿੱਧਾ ਹਮਲਾ ਹੈ।
ਅੰਦੋਲਨ ਨੂੰ ਲੈ ਕੇ ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ 16 ਅਗਸਤ ਨੂੰ ਕਿਸਾਨ ਮਹਾਪੰਚਾਇਤ ਹੋਵੇਗੀ, ਜਿਸ ‘ਚ ਦਿੱਲੀ ਸਰਕਾਰ ਨੂੰ ਵੀ ਕਿਸਾਨਾਂ ਦੀ ਆਵਾਜ਼ ਸੁਣਾਈ ਜਾਵੇਗੀ। ਨਾਲ ਹੀ 25 ਅਗਸਤ ਨੂੰ ਦਿੱਲੀ ‘ਚ ਹੋਣ ਵਾਲੇ ਵਿਸ਼ਾਲ ਕਿਸਾਨ ਪ੍ਰਦਰਸ਼ਨ ‘ਚ ਉੱਤਰ, ਦੱਖਣ, ਪੱਛਮ ਅਤੇ ਮੱਧ ਭਾਰਤ ਤੋਂ ਲੱਖਾਂ ਕਿਸਾਨ ਇਕੱਠੇ ਹੋਣਗੇ। ਆਗੂਆਂ ਨੇ ਕਿਹਾ ਕਿ ਇਸ ਵਾਰੀ ਪ੍ਰਦਰਸ਼ਨਕਾਰੀਆਂ ਦਾ ਇੱਕ ਜਥਾ ਰੇਲਾਂ ਰਾਹੀਂ ਦਿੱਲੀ ਪਹੁੰਚੇਗਾ।
ਕਿਸਾਨ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਸਵਾਲ ਕੀਤਾ ਕਿ ਜੇ ਉਹ ਸੱਚਮੁੱਚ ਕਿਸਾਨਾਂ ਦੇ ਹਿਤੈਸ਼ੀ ਹਨ, ਤਾਂ ਜ਼ਮੀਨ ਕਾਰਪੋਰੇਟ ਨੂੰ ਦੇਣ ਵਾਲੀਆਂ ਨੀਤੀਆਂ ‘ਤੇ ਰੋਕ ਕਿਉਂ ਨਹੀਂ ਲਗਾਉਂਦੇ। ਕਿਸਾਨਾਂ ਨੇ ਚੇਤਾਵਨੀ ਦਿੱਤੀ ਕਿ ਜਦ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਤਦ ਤੱਕ ਆੰਦੋਲਨ ਜਾਰੀ ਰਹੇਗਾ।

LEAVE A REPLY

Please enter your comment!
Please enter your name here