ਗੁਰਦਾਸਪੁਰ ਦੇ ਹੜ੍ਹ ਪੀੜਤਾਂ ਲਈ ਅੱਗੇ ਆਏ ਗੁਰਪ੍ਰੀਤ ਘੁੱਗੀ; ਜ਼ਿਲ੍ਹਾ ਪ੍ਰਸ਼ਾਸਨ ਨੂੰ ਹੜ੍ਹ ਪੀੜਤਾਂ ਲਈ ਦਿੱਤੀ ਰਾਹਤ ਸਮੱਗਰੀ

0
4

ਜ਼ਿਲ੍ਹਾ ਗੁਰਦਾਸਪੁਰ ਵਿੱਚ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਲੱਗੀਆਂ ਹੋਈਆਂ ਹਨ ਓਥੇ ਸਮਾਜ ਸੇਵੀ ਸੰਸਥਾਵਾਂ ਦੇ ਨਾਲ ਨਾਲ ਕਲਾਕਾਰ ਵੀ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਅੱਗੇ ਆ ਰਹੇ ਨੇ। ਇਸੇ ਤਹਿਤ ਉੱਘੇ ਹਾਸਰਸ ਤੇ ਫ਼ਿਲਮੀ ਕਲਾਕਾਰ ਗੁਰਪ੍ਰੀਤ ਸਿੰਘ ਘੁੱਗੀ ਵੱਲੋਂ ਅੱਜ ਆਪਣੇ ਸਾਥੀਆਂ ਨਾਲ ਗੁਰਦਾਸਪੁਰ ‌ਵਿਖੇ ਪਹੁੰਚ ਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹੜ੍ਹ ਪੀੜਤਾਂ ਦੀ ਸਹਾਇਤਾ ਲਈ 300 ਗੱਦੇ, 700 ਓਡੋਮੋਸ, 700 ਸੈਨੇਟਰੀ ਪੈਡ ਅਤੇ ਪਸ਼ੂਆਂ ਲਈ 30 ਟਨ ਕੈਟਲ ਫੋਡਰ ਰਾਹਤ ਸਮੱਗਰੀ ਮੁਹੱਈਆ ਕਰਵਾਈ ਗਈ ਐ। ਇਸ ਮੌਕੇ ਉਨ੍ਹਾਂ ਨੇ ਪ੍ਰਸ਼ਾਸਨ ਵੱਲੋਂ ਚਲਾਏ ਜਾ ਰਹੇ ਰਾਹਤ ਕਾਰਜਾਂ ਦੀ ਸ਼ਲਾਘਾ ਕਰਦਿਆਂ ਸਮੂਹ ਪੰਜਾਬੀਆਂ ਨੇ ਆਪਣੇ ਪੀੜਤ ਭਰਾਵਾਂ ਲਈ ਯੋਗਦਾਨ ਦੀ ਅਪੀਲ ਵੀ ਕੀਤੀ।
ਇਸ ਮੌਕੇ ਗੁਰਪ੍ਰੀਤ ਸਿੰਘ ਘੁੱਗੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ ਕੀਤੇ ਉਪਰਾਲੇ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਵੀ ਇਸ ਵਿੱਚ ਆਪਣਾ ਅਹਿਮ ਯੋਗਦਾਨ ਪਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਉਹ ਪੁਆਧ ਖੇਤਰ ਦੇ ਸ਼ਹਿਰ ਮੁਹਾਲੀ ਅਤੇ ਮਨੌਲੀ ਪਿੰਡ ਤੋਂ ਆਪਣੇ ਸਾਥੀਆਂ ਨਾਲ ਹੜ੍ਹ ਪੀੜ੍ਹਤਾਂ ਦੀ ਮਦਦ ਕਰਨ ਲਈ ਆਏ ਹਨ ਅਤੇ ਉਨ੍ਹਾਂ ਨੇ ਇਹ ਰਾਹਤ ਸਮਗਰੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਣਾਏ ਸਹਾਇਤਾ ਕੇਂਦਰ ਵਿੱਚ ਦਿੱਤੀ ਹੈ।
ਗੁਰਪ੍ਰੀਤ ਸਿੰਘ ਘੁੱਗੀ ਨੇ ਕਿਹਾ ਕਿ ਲੋੜਵੰਦਾਂ ਦੀ ਸੇਵਾ ਕਰਨ ਵਿੱਚ ਪੰਜਾਬੀਆਂ ਦਾ ਕੋਈ ਸਾਨੀ ਨਹੀਂ ਹੈ ਅਤੇ ਇਸੇ ਸਮੇਂ ਵੀ ਸਮਾਜ ਸੇਵੀ ਸੰਸਥਾਵਾਂ ਪੂਰੀ ਸੇਵਾ ਭਾਵਨਾ ਨਾਲ ਹੜ੍ਹ ਪੀੜਤਾਂ ਦੀ ਮਦਦ ਕਰ ਰਹੀਆਂ ਹਨ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਗੁਰਦਾਸਪੁਰ ਵਿੱਚ ਹੜ੍ਹ ਪੀੜ੍ਹਤਾਂ ਦੀ ਮਦਦ ਕਰਨ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਰਾਬਤਾ ਜ਼ਰੂਰ ਕਰ ਲੈਣ ਤਾਂ ਜੋ ਉਨ੍ਹਾਂ ਨੂੰ ਪਤਾ ਲੱਗ ਸਕੇ ਕਿ ਲੋਕਾਂ ਨੂੰ ਕਿਸ ਵਸਤੂ ਦੀ ਜ਼ਰੂਰਤ ਹੈ।

LEAVE A REPLY

Please enter your comment!
Please enter your name here