ਐਡਵੋਕੇਟ ਧਾਮੀ ਨੇ ਜਾਣਿਆ ਭਾਈ ਹਵਾਰਾ ਦੀ ਮਾਤਾ ਦਾ ਹਾਲ; ਬੰਦੀ ਸਿੰਘਾਂ ਨਾਲ ਬੇਇਨਸਾਫੀ ਦੀ ਕੀਤੀ ਨਿੰਦਾ

0
3

ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਜੇਲ੍ਹ ਅੰਦਰ ਨਜ਼ਰਬੰਦ ਭਾਈ ਜਗਤਾਰ ਸਿੰਘ ਹਵਾਰਾ ਦੇ ਘਰ ਪਹੁੰਚੇ ਜਿੱਥੇ ਉਨ੍ਹਾਂ ਨੇ ਭਾਈ ਹਵਾਰਾ ਦੀ ਬੀਮਾਰ ਦੀ ਮਾਤਾ ਦੀ ਸਿਹਤ ਦਾ ਹਾਲ ਜਾਣਿਆ। ਇਸ ਦੌਰਾਨ ਐਡਵੋਕੇਟ ਧਾਮੀ ਨੇ ਮਾਤਾ ਦੀ ਸਿਹਤਯਾਬੀ ਲਈ ਗੁਰੂ ਮਹਾਰਾਜ ਅੱਗੇ ਅਰਦਾਸ ਕੀਤੀ।
ਇਸ ਦੌਰਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਸਿੱਖ ਕੌਮ ਦੇ ਯੋਧੇ ਹਨ, ਜਿਨ੍ਹਾਂ ਨੇ ਪੰਥਕ ਪੱਧਰ ‘ਤੇ ਆਪਣੀ ਸ਼ਖ਼ਸੀਅਤ ਅਤੇ ਸੰਘਰਸ਼ ਰਾਹੀਂ ਅਹਿਮ ਭੂਮਿਕਾ ਨਿਭਾਈ ਹੈ। ਪਰੰਤੂ ਅਫਸੋਸ ਹੈ ਕਿ ਸਰਕਾਰਾਂ ਵੱਲੋਂ ਭਾਈ ਹਵਾਰਾ ਸਮੇਤ ਹੋਰ ਬੰਦੀ ਸਿੰਘਾਂ ਨਾਲ ਭਾਰੀ ਨਾਇਨਸਾਫੀ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਕਾਨੂੰਨੀ ਹੱਕਾਂ ਤੱਕ ਤੋਂ ਵਾਂਝੇ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪਣੀ ਬੀਮਾਰ ਮਾਂ ਨੂੰ ਮਿਲਣ ਲਈ ਵੀ ਭਾਈ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਨਾਲ ਬੇਇਨਸਾਫੀ ਸਪਸ਼ਟ ਤੌਰ ‘ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ। ਉਨ੍ਹਾਂ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਭਾਈ ਹਵਾਰਾ ਨੂੰ ਤੁਰੰਤ ਪੈਰੋਲ ਦਿੱਤੀ ਜਾਵੇ ਤਾਂ ਜੋ ਉਹ ਆਪਣੀ ਬੀਮਾਰ ਮਾਤਾ ਜੀ ਨਾਲ ਮਿਲ ਸਕਣ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਬੰਦੀਆਂ ਦੀ ਰਿਹਾਈ ਲਈ ਅਵਾਜ਼ ਉਠਾਉਂਦੀ ਰਹੇਗੀ। ਉਨ੍ਹਾਂ ਸਿੱਖ ਸੰਗਤ ਨੂੰ ਵੀ ਅਪੀਲ ਕੀਤੀ ਕਿ ਉਹ ਬੰਦੀ ਸਿੰਘਾਂ ਦੀ ਰਿਹਾਈ ਲਈ ਇੱਕਜੁੱਟ ਹੋ ਕੇ ਆਪਣੇ ਯਤਨ ਜਾਰੀ ਰੱਖਣ। ਪ੍ਰਧਾਨ ਐਡਵੋਕੇਟ ਧਾਮੀ ਦੇ ਨਾਲ ਇਸ ਮੌਕੇ ਕਈ ਪੰਥਕ ਸ਼ਖ਼ਸੀਅਤਾਂ ਵੀ ਮੌਜੂਦ ਸਨ ਜਿਨ੍ਹਾਂ ਨੇ ਪਰਿਵਾਰ ਨਾਲ ਹਮਦਰਦੀ ਜਤਾਈ ਅਤੇ ਬੀਮਾਰ ਮਾਤਾ ਜੀ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।

LEAVE A REPLY

Please enter your comment!
Please enter your name here