ਅੰਮ੍ਰਿਤਸਰ ’ਚ ਸੁਰੱਖਿਆ ਪ੍ਰਬੰਧਾਂ ਬਾਰੇ ਡੀਜੀਪੀ ਦਾ ਬਿਆਨ; ਐਂਟੀ ਡ੍ਰੋਨ ਸਿਸਟਮ ਨਾਲ ਨਸ਼ੇ ਰੋਕਣ ਦਾ ਦਾਅਵਾ; ਕਿਹਾ, ਸਰਹੱਦ ਪਾਰਲੀਆਂ ਸਾਜ਼ਿਸ਼ਾਂ ਹਰ ਹਾਲ ਕਰਾਂਗੇ ਨਾਕਾਮ

0
2

ਡੀਜੀਪੀ ਗੋਰਵ ਯਾਦਵ ਨੇ ਅੰਮ੍ਰਿਤਸਰ ਵਿਖੇ ਪ੍ਰੈੱਸ ਕਾਨਫਰੰਸ ਕਰ ਕੇ ਪੰਜਾਬ ਪੁਲਿਸ ਦੇ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਸਾਂਝਾ ਕੀਤੀ ਐ। ਇਸ ਮੌਕੇ ਸੰਬੋਧਨ ਕਰਦਿਆਂ ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ ਪੁਖਤਾ ਕਰਨ ਲਈ ਵਾਧੂ ਫੋਰਸ ਤੈਨਾਤ ਕੀਤੀ ਗਈ ਐ। ਇਸ ਤੋਂ ਇਲਾਵਾ ਸਰਹੱਦ ਪਾਰੋਂ ਨਸ਼ਿਆਂ ਦੀ ਆਮਦ ਰੋਕਣ ਲਈ ਐਂਟੀ ਡਰੋਨ ਸਿਸਟਮ ਦੀ ਵਰਤੋਂ ਕੀਤੀ ਜਾ ਰਹੀ ਐ। ਉਨ੍ਹਾਂ ਨੇ ਕਿਹਾ ਕਿ ਪੰਜਾਬ ਪੁਲਿਸ ਪੂਰੀ ਤਰ੍ਹਾਂ ਅਲਰਟ ਹੈ ਅਤੇ ਹਰ ਹਾਲਤ ਵਿੱਚ ਸਰਹੱਦ ਪਾਰੋਂ ਹੋਣ ਵਾਲੀਆਂ ਸਾਜ਼ਿਸ਼ਾਂ ਨੂੰ ਨਾਕਾਮ ਕੀਤਾ ਜਾਵੇਗਾ।
ਇਸ ਦੌਰਾਨ ਉਨ੍ਹਾਂ ਨੇ ਖੁਲਾਸਾ ਕੀਤਾ ਕਿ ਸਰਹੱਦੀ ਇਲਾਕਿਆਂ ਵਿੱਚ ਨਸ਼ਿਆਂ ਅਤੇ ਛੋਟੇ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਲਈ ਪੁਲਿਸ, ਬਾਰਡਰ ਫੋਰਸ ਅਤੇ ਸੀਨੀਅਰ ਅਧਿਕਾਰੀਆਂ ਦੀ ਸਾਂਝੀ ਮੀਟਿੰਗ ਕੀਤੀ ਗਈ ਹੈ। ਡੀਜੀਪੀ ਨੇ ਦੱਸਿਆ ਕਿ ਅੰਮ੍ਰਿਤਸਰ ਪੁਲਿਸ ਮੁਸ਼ਤੈਦੀ ਨਾਲ ਕੰਮ ਕਰ ਰਹੀ ਹੈ ਅਤੇ ਹੁਣ ਤੱਕ ਵੱਡੀਆਂ ਖੇਪਾਂ ਹੈਰੋਇਨ ਦੀਆਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ। ਡੀਜੀਪੀ ਨੇ ਖਾਸ ਤੌਰ ‘ਤੇ ਇਕ ਨਵੀਂ ਐਪ ਦੇ ਲਾਂਚ ਹੋਣ ਦੀ ਜਾਣਕਾਰੀ ਦਿੱਤੀ। ਇਸ ਐਪ ਰਾਹੀਂ ਲੋਕ ਨਸ਼ਿਆਂ ਜਾਂ ਅਪਰਾਧੀਆਂ ਬਾਰੇ ਕੋਈ ਵੀ ਜਾਣਕਾਰੀ ਗੁਪਤ ਤੌਰ ‘ਤੇ ਪੁਲਿਸ ਨਾਲ ਸਾਂਝੀ ਕਰ ਸਕਣਗੇ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਦੀ ਪਹਿਚਾਣ ਪੂਰੀ ਤਰ੍ਹਾਂ ਸੁਰੱਖਿਅਤ ਰੱਖੀ ਜਾਵੇਗੀ।
ਪ੍ਰੈਸ ਕਾਨਫਰੰਸ ਵਿੱਚ ਡੀਜੀਪੀ ਨੇ ਦੱਸਿਆ ਕਿ ਪਾਕਿਸਤਾਨ ਦੀ ਆਈਐਸਆਈ ਲਗਾਤਾਰ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਹੈਰੋਇਨ ਦੇ ਨਾਲ ਨਾਲ ਛੋਟੇ ਹਥਿਆਰ ਵੀ ਡ੍ਰੋਨ ਰਾਹੀਂ ਭੇਜੇ ਜਾ ਰਹੇ ਹਨ, ਜਿਨ੍ਹਾਂ ਦੀ ਵਰਤੋਂ ਸੂਬੇ ਵਿੱਚ ਕ੍ਰਾਈਮ ਲਈ ਕੀਤੀ ਜਾ ਰਹੀ ਹੈ। ਹਾਲਾਂਕਿ ਐਂਟੀ ਡ੍ਰੋਨ ਸਿਸਟਮ ਦੀ ਮਦਦ ਨਾਲ ਕਾਫ਼ੀ ਹੱਦ ਤੱਕ ਇਸ ਸਾਜ਼ਿਸ਼ ਨੂੰ ਨਾਕਾਮ ਕੀਤਾ ਗਿਆ ਹੈ।
ਡੀਜੀਪੀ ਨੇ ਅੱਗੇ ਕਿਹਾ ਕਿ ਫਿਰੋਤੀ ਦੀਆਂ ਕਾਲਾਂ ਸਭ ਤੋਂ ਵੱਧ ਲੋਕਲ ਕ੍ਰਿਮਿਨਲ ਵੱਲੋਂ ਕੀਤੀਆਂ ਜਾ ਰਹੀਆਂ ਹਨ। ਇਸ ਲਈ ਜਦੋਂ ਵੀ ਕਿਸੇ ਨੂੰ ਇਸ ਤਰ੍ਹਾਂ ਦੀ ਕਾਲ ਆਵੇ ਤਾਂ ਉਸ ਦੀ ਜਾਣਕਾਰੀ ਤੁਰੰਤ ਪੁਲਿਸ ਨਾਲ ਸਾਂਝੀ ਕੀਤੀ ਜਾਵੇ। ਉਨ੍ਹਾਂ ਨੇ ਅੰਮ੍ਰਿਤਸਰ ਪੁਲਿਸ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਬੀਐਸਐਫ ਦੇ ਸਹਿਯੋਗ ਨਾਲ ਪੁਲਿਸ ਲਗਾਤਾਰ ਅਪਰਾਧੀਆਂ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖ ਰਹੀ ਹੈ।
ਉਨ੍ਹਾਂ ਕਿਹਾ ਕਿ ਗੁਆਢੀ ਮੁਲਕ ਪਾਕਿਸਤਾਨ ਚਾਹੁੰਦਾ ਹੈ ਕਿ ਪੰਜਾਬ ਦੇ ਨੌਜਵਾਨ ਵੱਧ ਤੋਂ ਵੱਧ ਨਸ਼ਿਆਂ ਵਿੱਚ ਗ੍ਰਸਤ ਹੋਣ, ਪਰ ਅਸੀਂ ਉਹਨਾਂ ਦੇ ਮਨਸੂਬਿਆਂ ਨੂੰ ਕਦੇ ਕਾਮਯਾਬ ਨਹੀਂ ਹੋਣ ਦੇਵਾਂਗੇ।  ਡੀਜੀਪੀ ਨੇ ਸਪਸ਼ਟ ਕੀਤਾ। ਨੌਜਵਾਨਾਂ ਨੂੰ ਅਪੀਲ ਕਰਦਿਆਂ ਡੀਜੀਪੀ ਨੇ ਕਿਹਾ ਕਿ ਉਹ ਬਾਹਰ ਬੈਠੇ ਅਪਰਾਧੀਆਂ ਦੀਆਂ ਗੱਲਾਂ ਵਿੱਚ ਨਾ ਆਉਣ ਅਤੇ ਆਪਣੇ ਭਵਿੱਖ ਨੂੰ ਕ੍ਰਾਈਮ ਦੇ ਰਸਤੇ ‘ਤੇ ਤਬਾਹ ਨਾ ਕਰਨ।

LEAVE A REPLY

Please enter your comment!
Please enter your name here