ਸਾਬਕਾ ਮੰਤਰੀ ਟੌਹੜਾ ਨਮਿਤ ਅੰਤਿਮ ਅਰਦਾਸ; ਸਿਆਸੀ, ਧਾਰਮਿਕ ਹਸਤੀਆਂ ਨੇ ਕੀਤੀ ਸ਼ਿਰਕਤ

0
21

ਸਾਬਕਾ ਕੈਬਨਿਟ ਮੰਤਰੀ ਹਰਮੇਲ ਸਿੰਘ ਟੌਹੜਾ ਦੀ ਅੰਤਿਮ ਅਰਦਾਸ ਸਮਾਗਮ ਉਨ੍ਹਾਂ ਦੇ ਜੱਦੀ ਪਿੰਡ ਟੌਹੜਾ ਵਿਖੇ ਕਰਵਾਇਆ ਗਿਆ। ਇੱਥੇ ਅਨਾਜ ਮੰਡੀ ਵਿਖੇ ਹੋਏ ਇਸ ਸਮਾਗਮ ਵਿਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਦਿੱਗਜ ਆਗੂ, ਸਮਾਜਿਕ ਅਤੇ ਧਾਰਮਿਕ ਆਗੂਆਂ ਨੇ ਹਿੱਸਾ ਲਿਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਹਜ਼ਾਰਾਂ ਸੰਗਤਾਂ ਨੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਵੱਖ ਵੱਖ ਆਗੂਆਂ ਨੇ ਮਰਹੂਮ ਆਗੂ ਨਾਲ ਬਿਤਾਏ ਪਲਾਂ ਨੂੰ ਯਾਦ ਕੀਤਾ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਕੈਬਨਿਟ ਮੰਤਰੀ ਡਾਕਟਰ ਬਲਵੀਰ ਸਿੰਘ , ਵਿਧਾਇਕ ਗੁਰਦੇਵ ਸਿੰਘ ਦੇਵਮਾਨ, ਭਾਜਪਾ ਆਗੂ ਤਰੁਣ ਚੁੱਘ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਕੈਬਨਿਟ ਮੰਤਰੀ ਡਾਕਟਰ ਦਿਲਜੀਤ ਸਿੰਘ ਚੀਮਾ ਅਤੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਦੱਸਿਆ ਕਿ ਗੁਰਚਰਨ ਸਿੰਘ ਟੌਹੜਾ ਦੇ ਜਵਾਈ ਸਰਦਾਰ ਹਰਮੇਲ ਸਿੰਘ ਟੌਹੜਾ ਨੇ ਪੰਥ ਪ੍ਰਤੀ ਲੰਬਾ ਸੰਘਰਸ਼ ਕੀਤਾ ਹੈ, ਜਿਨਾਂ ਦੀ ਅੰਤਿਮ ਅਰਦਾਸ ਵਿੱਚ ਸਾਰੀਆਂ ਹੀ ਰਾਜਨੀਤਿਕ ਪਾਰਟੀਆਂ ਦੇ ਆਗੂ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਨੇ ਸ਼ਰਧਾਂਜਲੀ ਭੇਂਟ ਕੀਤੀ ਹੈ।
ਸਮਾਗਮ ਵਿਚ ਸ਼ਿਰਕਤ ਤੋਂ ਬਾਅਦ ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੇ ਕਿਹਾ ਕਿ ਸਰਕਾਰ ਇਹ ਦੱਸੇ ਕਿ 20 ਹਜ਼ਾਰ ਕਰੋੜ ਰੁਪਏ ਦਾ ਅੰਕੜਾ ਕਿੱਥੋਂ ਆਇਆ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਹਾਲੇ ਤੱਕ ਗਿਰਦਾਵਰੀ ਹੀ ਪੂਰੀ ਨਹੀਂ ਕੀਤੀ ਤਾਂ ਇਹ ਅੰਕੜਾ ਕਿੱਥੋਂ ਆਇਆ। ਉਨ੍ਹਾਂ ਦੱਸਿਆ ਕਿ ਸਰਕਾਰ ਦੇ ਅੰਕੜੇ ਹੀ ਇੱਕ ਦੂਜੇ ਨਾਲ ਮੈਚ ਨਹੀਂ ਕਰਦੇ ਇਕ ਪਾਸੇ ਪੰਜਾਬ ਦੇ ਪ੍ਰਿੰਸੀਪਲ ਸੈਕਟਰੀ 13 ਹਜ਼ਾਰ ਕਰੋੜ ਰੁਪਏ ਦੀ ਮੰਗ ਕਰ ਰਹੇ ਹਨ ਅਤੇ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ 20 ਹਜ਼ਾਰ ਕਰੋੜ ਰੁਪਏ ਮੰਗ ਰਹੇ ਹਨ।
ਇਸ ਤੋਂ ਇਲਾਵਾ ਸੀਨੀਅਰ ਅਕਾਲੀ ਦਲ ਨੇਤਾ ਡਾਕਟਰ ਦਲਜੀਤ ਸਿੰਘ ਚੀਮਾ ਨੇ ਵੀ ਸਰਕਾਰ ‘ਤੇ ਵੀ ਵੱਡੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਆਪਸੀ ਟਕਰਾਅ ਕਰਕੇ ਹੜ੍ਹ ਪੀੜਤ ਲੋਕਾਂ ਅਤੇ ਕਿਸਾਨਾਂ ਦਾ ਵੱਡਾ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ 12 ਹਜ਼ਾਰ ਕਰੋੜ ਰੁਪਏ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਪਰ ਫਿਲਹਾਲ ਹੜ੍ਹ ਪੀੜਤ ਲੋਕਾਂ ਦੀ ਸਮੱਸਿਆ ਨੂੰ ਵੇਖਦੇ ਹੋਏ ਕੇਂਦਰ ਸਰਕਾਰ ਹੋਰ ਫੰਡ ਰਿਲੀਜ਼ ਕਰੇ।

LEAVE A REPLY

Please enter your comment!
Please enter your name here