ਹੁਸ਼ਿਆਰਪੁਰ ਤੋਂ ਦਸੂਹਾ ਰੋਡ ’ਤੇ ਸਥਿਤ ਬਾਗਪੁਰ ਅੱਡਾ ਨੇੜੇ ਬੱਸ ਤੇ ਟਰੱਕ ਵਿਚਾਲੇ ਹੋਈ ਟੱਕਰ ਵਿਚ ਦੋ ਜਣਿਆਂ ਦੇ ਜ਼ਖਮੀ ਹੋਣ ਦੀ ਖਬਰ ਐ। ਜਾਣਕਾਰੀ ਅਨੁਸਾਰ ਇਕ ਨਿੱਜੀ ਕੰਪਨੀ ਦੀ ਬੱਸ ਦਸੂਹਾ ਤੋਂ ਹੁਸ਼ਿਆਰਪੁਰ ਵੱਲ ਨੂੰ ਆ ਰਹੀ ਸੀ। ਜਦੋਂ ਬੱਸ ਬਾਗਪੁਰ ਅੱਡੇ ਨੇੜੇ ਪਹੁੰਚੀ ਤਾਂ ਉਸ ਦੀ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਸਿੱਧੀ ਟੱਕਰ ਹੋ ਗਈ। ਬੱਸ ਦੇ ਡਰਾਈਵਰ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ ਜਦਕਿ ਟਰੱਕ ਦਾ ਡਰਾਈਵਰ ਡੇਢ ਤੋਂ ਦੋ ਘੰਟਿਆਂ ਤਕ ਅੰਦਰ ਹੀ ਫਸਿਆ ਰਿਹਾ, ਜਿਸ ਨੂੰ ਭਾਰੀ ਮੁਸ਼ੱਕਤ ਤੋਂ ਬਾਅਦ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ ਗਿਆ ਐ।
ਪ੍ਰਤੱਖਦਰਸ਼ੀਆਂ ਮੁਤਾਬਕ ਬੱਸ ਕਾਫੀ ਤੇਜ਼ ਰਫਤਾਰ ਵਿਚ ਸੀ, ਜਿਸ ਕਾਰਨ ਓਵਰਟੇਕ ਕਰਨ ਦੌਰਾਨ ਅੱਗੋਂ ਆ ਰਹੇ ਟਰੱਕ ਨਾਲ ਜਾ ਟਕਰਾਈ। ਹਾਦਸੇ ਵਿਚ ਬੱਸ ਦੀਆਂ ਸਵਾਰੀਆਂ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ। ਘਟਨਾ ਤੋਂ ਬਾਦ ਮੌਕੇ ਤੇ ਪਹੁੰਚੀ ਪੁਲਿਸ ਨੇ ਹਾਦਸਾਗ੍ਰਸਤ ਵਾਹਨ ਕਬਜੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਐ।