
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦਾ ਸਿਲਸਿਲਾ ਲਗਾਤਾਰ ਜਾਰੀ ਐ। ਇਸੇ ਤਹਿਤ ਬੀਤੇ ਦਿਨ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਭਾਈ ਜੈਤਾ ਜੀ ਦੀ ਬੇਮਿਸਾਲ ਸ਼ਹਾਦਤ ਅਤੇ ਸਿੱਖਿਆਵਾਂ ਨੂੰ ਸਮਰਪਿਤ ਇੱਕ ਲਾਈਟ ਐਂਡ ਸਾਊਂਡ ਸ਼ੋਅ, “ਹਿੰਦ ਕੀ ਚਾਦਰ” ਦਾ ਆਯੋਜਨ ਕੀਤਾ ਗਿਆ। ਇਸ ਸ਼ੋਅ ਨੂੰ ਵੇਖਣ ਲਈ ਸਪੀਕਰ ਕੁਲਤਾਰ ਸੰਧਵਾਂ ਤੋਂ ਇਲਾਵਾ ਇਲਾਕੇ ਦੇ ਅਹਿਮ ਹਸਤੀਆਂ ਤੋਂ ਇਲਾਵਾ ਵੱਡੀ ਗਿਣਤੀ ਸੰਗਤ ਨੇ ਸ਼ਿਰਕਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸਪੀਕਰ ਕੁਲਤਾਰ ਸੰਧਵਾਂ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਲੋਕਾਂ ਨੂੰ ਸ਼ਹੀਦੀ ਸ਼ਤਾਬਦੀ ਸਮਾਗਮਾਂ ਵਿਚ ਸ਼ਮੂਲੀਅਤ ਦੀ ਅਪੀਲ ਕੀਤੀ।
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਗੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬੇਮਿਸਾਲ ਸ਼ਹਾਦਤ ਕਿਸੇ ਇੱਕ ਧਰਮ ਜਾਂ ਭਾਈਚਾਰੇ ਲਈ ਨਹੀਂ ਸੀ, ਸਗੋਂ ਸਾਰੀ ਮਨੁੱਖਤਾ ਦੇ ਮੌਲਿਕ ਅਧਿਕਾਰਾਂ ਅਤੇ ਮਾਣ ਲਈ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਗੁਰੂ ਸਾਹਿਬ ਜੀ ਦੀ ਬੇਮਿਸਾਲ ਸ਼ਹਾਦਤ ਨੂੰ ਪੰਜਾਬ ਅਤੇ ਦੇਸ਼ ਭਰ ਵਿੱਚ ਜਾਣਿਆ ਜਾਵੇ। ਇਸ ਮਹਾਨ ਕੁਰਬਾਨੀ ਬਾਰੇ ਜਾਣਕਾਰੀ ਹਰ ਕੋਨੇ ਤੱਕ ਪਹੁੰਚੇ, ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਅਤੇ ਮਾਰਗਦਰਸ਼ਨ ਕਰਦੀ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ਼ ਬਹਾਦਰ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੇ ਨਾਲ-ਨਾਲ ਉਨ੍ਹਾਂ ਦੀ 350ਵੀਂ ਸ਼ਹਾਦਤ ਨੂੰ ਵੱਡੇ ਪੱਧਰ ‘ਤੇ ਮਨਾ ਰਹੀ ਹੈ। ਸਮਾਗਮਾਂ ਦੀ ਲੜੀ ਦੇ ਹਿੱਸੇ ਵਜੋਂ, ਇਹ 45 ਮਿੰਟ ਦਾ ਲਾਈਟ ਐਂਡ ਸਾਊਂਡ ਸ਼ੋਅ ਡਿਜੀਟਲੀ ਤੌਰ ‘ਤੇ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ, ਵਿਰਾਸਤ, ਸਿੱਖਿਆਵਾਂ, ਵਿਲੱਖਣ ਸਿੱਖ ਇਤਿਹਾਸ ਅਤੇ ਮਹਾਨ ਕੁਰਬਾਨੀ ਨੂੰ ਉਜਾਗਰ ਕਰਦਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿੱਚ 350ਵੀਂ ਸ਼ਹਾਦਤ ਨੂੰ ਸਮਰਪਿਤ ਸਮਾਗਮਾਂ ਦਾ ਆਯੋਜਨ ਕਰੇਗੀ। ਉਨ੍ਹਾਂ ਕਿਹਾ ਕਿ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਭਾਈ ਜੈਤਾ ਜੀ ਦੀ ਯਾਦ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿੱਚ ਇੱਕ ਵਿਸ਼ੇਸ਼ ਸੈਸ਼ਨ ਕਰੇਗੀ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਸਾਨੂੰ ਸਾਡੇ ਸ਼ਾਨਦਾਰ ਇਤਿਹਾਸ ਨਾਲ ਜੋੜਦੇ ਹਨ ਅਤੇ ਆਪਸੀ ਭਾਈਚਾਰੇ ਅਤੇ ਧਾਰਮਿਕ ਸਦਭਾਵਨਾ ਨੂੰ ਪ੍ਰੇਰਿਤ ਕਰਦੇ ਹਨ। ਉਨ੍ਹਾਂ ਸਮਾਗਮ ਵਿੱਚ ਸ਼ਾਮਲ ਸੰਗਤ ਦਾ ਧੰਨਵਾਦ ਕੀਤਾ।


