ਪੰਜਾਬ ਅੰਮ੍ਰਿਤਸਰ ’ਚ ਗੋਲੀ ਮਾਰ ਕੇ ਨੌਜਵਾਨ ਦਾ ਕਤਲ; ਪਿੰਡ ਠੱਠੇ ’ਚ ਜ਼ਮੀਨੀ ਝਗੜੇ ਨੂੰ ਲੈ ਕੇ ਚੱਲੀ ਗੋਲੀ; ਰਾਜ਼ੀਨਾਮੇ ਤੋਂ ਵਾਪਸ ਆਉਂਦੇ ਸਮੇਂ ਘੇਰ ਕੇ ਹਮਲਾ By admin - November 14, 2025 0 18 Facebook Twitter Pinterest WhatsApp ਅੰਮ੍ਰਿਤਸਰ ਦੇ ਪਿੰਡ ਠੱਠੇ ਵਿਖੇ ਜ਼ਮੀਨੀ ਝਗੜੇ ਨੂੰ ਲੈ ਕੇ ਚੱਲੀ ਗੋਲੀ ਨਾਲ ਇਕ ਨੌਜਵਾਨ ਦੀ ਮੌਤ ਹੋਣ ਦੀ ਖਬਰ ਐ। ਜਾਣਕਾਰੀ ਅਨੁਸਾਰ ਦੋ ਪਰਿਵਾਰਾਂ ਵਿਚਾਲੇ ਕਾਫੀ ਸਮੇਂ ਤੋਂ ਜ਼ਮੀਨੀ ਵਿਵਾਦ ਚੱਲ ਰਿਹਾ ਸੀ, ਜਿਸ ਨੂੰ ਨਿਪਟਾਉਣ ਲਈ ਪਿੰਡ ਦੇ ਮੋਹਤਬਰਾਂ ਨੇ ਇਕੱਠਾ ਰੱਖਿਆ ਹੋਇਆ। ਇਸੇ ਦੌਰਾਨ ਇਕ ਧਿਰ ਵੱਲੋਂ ਦੂਜੀ ਧਿਰ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਜਸਕਰਨ ਸਿੰਘ ਨਾਮ ਦੇ ਨੌਜਵਾਨ ਦੀ ਮੌਤ ਹੋ ਗਈ ਜਦਕਿ ਉਸ ਦੇ ਪਿਤਾ ਦੇ ਸੱਟਾਂ ਲੱਗੀਆਂ ਨੇ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਐ। ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਦੱਸਣ ਮੁਤਾਬਕ ਉਹਨਾਂ ਦੇ ਪਿੰਡ ਦੇ ਹੀ ਇਕ ਪਰਿਵਾਰ ਨਾਲ ਕਾਫੀ ਸਮੇਂ ਤੋਂ ਜਮੀਨੀ ਵਿਵਾਦ ਚੱਲ ਰਿਹਾ ਸੀ, ਜਿਸ ਦਾ ਰਾਜ਼ੀਨਾਮਾ ਕਰਵਾਉਣ ਲਈ ਪਿੰਡ ਦੇ ਕੁੱਝ ਮੋਹਤਬਰਾਂ ਨੇ ਇਕੱਠ ਰੱਖਿਆ ਸੀ। ਅੱਜ ਸਵੇਰੇ ਜਸਕਰਨ ਸਿੰਘ ਮੋਹਤਬਰਾਂ ਨੂੰ ਘਰ ਛੱਡ ਕੇ ਵਾਪਸ ਆਪਣੀ ਜਮੀਨ ‘ਤੇ ਗਿਆ ਸੀ, ਜਿੱਥੇ ਪਹਿਲਾਂ ਤੋਂ ਹੀ ਘਾਤ ਲਗਾ ਕੇ ਬੈਠੇ ਕੁਝ ਲੋਕਾਂ ਨੇ ਉਸ ‘ਤੇ ਅਚਾਨਕ ਹਮਲਾ ਕਰ ਦਿੱਤਾ। ਪਰਿਵਾਰਕ ਮੈਂਬਰਾਂ ਮੁਤਾਬਕ, ਉਸ ਦੀ ਛਾਤੀ ਵਿੱਚ ਗੋਲੀ ਲੱਗੀ ਤੇ ਉਸ ਨੂੰ ਦਾਤਰਾਂ ਨਾਲ ਵੀ ਵਾਰ ਕੀਤੇ ਗਏ, ਜਿਸ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਮਲਾਵਰਾਂ ਨੇ ਉਸਦੇ ਪਿਤਾ ਨੂੰ ਵੀ ਗੋਲੀਆਂ ਤੇ ਦਾਤਰ ਮਾਰੇ ਗਏ ਹਨ, ਜਿਨ੍ਹਾਂ ਦਾ ਇਲਾਜ ਹਸਪਤਾਲ ਵਿੱਚ ਚੱਲ ਰਿਹਾ ਹੈ। ਪਰਿਵਾਰ ਦਾ ਕਹਿਣਾ ਹੈ ਕਿ ਜਸਕਰਨ ਸਿੰਘ ਉਹਨਾਂ ਦਾ ਇਕਲੌਤਾ ਪੁੱਤ ਸੀ ਅਤੇ ਉਸ ਦੀ ਮੌਤ ਨਾਲ ਘਰ ‘ਚ ਮਾਤਮ ਦਾ ਮਾਹੌਲ ਬਣ ਗਿਆ ਹੈ। ਉਹਨਾਂ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਮੰਗ ਕੀਤੀ ਹੈ। ਇਸ ਮਾਮਲੇ ਸਬੰਧੀ ਪੁਲਿਸ ਅਧਿਕਾਰੀ ਸਤਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਹਨਾਂ ਨੂੰ ਸ਼ਾਮ ਕਰੀਬ 7:30 ਵਜੇ ਹਸਪਤਾਲ ਵੱਲੋਂ ਸੂਚਨਾ ਮਿਲੀ ਸੀ। ਪੁਲਿਸ ਮੌਕੇ ‘ਤੇ ਪਹੁੰਚ ਕੇ ਜਾਂਚ ਕਰ ਰਹੀ ਹੈ ਅਤੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਸਤਪਾਲ ਸਿੰਘ ਨੇ ਕਿਹਾ ਕਿ ਦੋਸ਼ੀਆਂ ਦੀ ਭਾਲ ਲਈ ਟੀਮਾਂ ਬਣਾਈਆਂ ਗਈਆਂ ਹਨ ਅਤੇ ਜਲਦੀ ਹੀ ਉਹਨਾਂ ਨੂੰ ਕਾਬੂ ਕਰ ਲਿਆ ਜਾਵੇਗਾ। ਇਸ ਦਿਲ ਦਹਿਲਾ ਦੇਣ ਵਾਲੀ ਘਟਨਾ ਨਾਲ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।