
ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਉਲੀਕੇ ਸਮਾਗਮ ਵਿਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਪਾਰਟੀ ਦੇ ਹੋਰ ਆਗੂ ਵੀ ਮੌਜੂਦ ਰਹੇ। ਕੇਜਰੀਵਾਲ ਦਾ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ’ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਤੇ ਮੰਤਰੀ ਤਰੁਣਪ੍ਰੀਤ ਸੌਂਧ ਨੇ ਸਵਾਗਤ ਕੀਤਾ। ਇਸ ਤੋਂ ਬਾਅਦ ਉਹ ਗੁਰਦੁਆਰਾ ਬਾਬਾ ਬੁੱਢਾ ਦਲ ਛਾਉਣੀ ਵਿਖੇ ਗਏ ਜਿੱਥੇ ਉਨ੍ਹਾਂ ਨੇ ਸ੍ਰੀ ਅਖੰਡ ਸਾਹਿਬ ਦੀ ਆਰੰਭਤਾ ਮੌਕੇ ਹੋਏ ਸਮਾਗਮ ਵਿਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨਾਂ ਵਿੱਚ ਅਰਦਾਸ ਬੇਨਤੀ ਕਰਕੇ ਗੁਰੂ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮਾਂ ਦੀ ਨਿਰਵਿਘਨ ਸੰਪੂਰਨਤਾ ਲਈ ਅਸ਼ੀਰਵਾਦ ਲਿਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਮਨ-ਸ਼ਾਂਤੀ ਅਤੇ ਸਾਂਝੀਵਾਲਤਾ ਦਾ ਸੰਦੇਸ਼ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ। ਉਨ੍ਹਾਂ ਕਿਹਾ ਕਿ ਸਾਡੇ ਮਹਾਨ ਸਿੱਖ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ‘ਤੇ ਚੱਲਣਾ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ। ਅਰਵਿੰਦ ਕੇਜਰੀਵਾਲ ਅਤੇ ਸੀਐਮ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਭਾਈਚਾਰਕ ਸਾਂਝ, ਨਿਰਪੱਖਤਾ ਅਤੇ ਸਮਾਜਿਕ ਬਰਾਬਰੀ ਲਈ ਮਾਨਵਤਾ ਨੂੰ ਸੇਧ ਦਿੰਦੀ ਹੈ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਮਹਾਨ ਸਿੱਖਿਆਵਾਂ ਨੂੰ ਅਪਣਾਉਂਦਿਆਂ ਸੂਬੇ ਦੇ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਪ੍ਰੇਰਨਾ ਲੈ ਕੇ ਸੂਬਾ ਸਰਕਾਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਇਹ ਵੱਡੇ ਸਮਾਗਮ ਕਰਵਾਉਣ ਦਾ ਉਪਰਾਲਾ ਕਰ ਰਹੀ ਹੈ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ‘ਹਿੰਦ ਦੀ ਚਾਦਰ’-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਧਰਮ ਨਿਰਪੱਖਤਾ, ਮਾਨਵਤਾਵਾਦ ਅਤੇ ਆਤਮ ਬਲਿਦਾਨ ਦੀ ਭਾਵਨਾ ਦੇ ਉੱਚ ਆਦਰਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਹ ਆਪਣੇ ਨੂੰ ਭਾਗਾਂ ਵਾਲੇ ਸਮਝਦੇ ਹਨ ਕਿ ਉਨ੍ਹਾਂ ਨੂੰ ਇਹ ਸਮਾਗਮ ਕਰਵਾਉਣ ਦਾ ਸੁਭਾਗ ਹਾਸਲ ਹੋਇਆ ਹੈ ਕਿਉਂਕਿ ਗੁਰੂ ਸਾਹਿਬ ਜੀ ਨੇ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਹੱਕਾਂ ਦੀ ਰਾਖੀ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀ ਮਹਾਨ ਕੁਰਬਾਨੀ ਮਨੁੱਖਤਾ ਦੇ ਇਤਿਹਾਸ ਵਿੱਚ ਵਿਲੱਖਣ ਅਤੇ ਬੇਮਿਸਾਲ ਹੈ ਅਤੇ ਜਬਰ-ਜ਼ੁਲਮ ਦੇ ਵਿਰੁੱਧ ਡਟ ਜਾਣ ਦਾ ਪ੍ਰਤੀਕ ਹੈ।

