
ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਅੱਜ ਜਲੰਧਰ ਪਹੁੰਚੇ ਜਿੱਥੇ ਉਨ੍ਹਾਂ ਨੇ 13 ਸਾਲਾ ਬੱਚੀ ਦੇ ਮਾਪਿਆਂ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਅਸ਼ਵਨੀ ਸ਼ਰਮਾ ਨੇ ਘਟਨਾ ਤੋਂ ਦੁੱਖ ਜਾਹਰ ਕਰਦਿਆਂ ਕਿਹਾ ਕਿ ਇਕ ਚਾਰ ਮਰਲਾ ਘਰ ਵਿਚੋਂ ਪੁਲਿਸ ਨੂੰ ਇਕ ਘੰਟੇ ਦੀ ਭਾਲ ਬਾਅਦ ਵੀ ਘਟਨਾ ਦੀ ਸੂਹ ਨਹੀਂ ਲੱਗੀ ਜੋ ਅਤੀ ਨਿੰਦਣਯੋਗ ਘਟਨਾ ਐ। ਉਨ੍ਹਾਂ ਪੁਲਿਸ ਕਮਿਸ਼ਨਰ ਖਿਲਾਫ ਨਰਾਜਗੀ ਜਾਹਰ ਕਰਦਿਆਂ ਕਿਹਾ ਕਿ ਮਹਿਲਾ ਹੋਣ ਦੇ ਬਾਵਜੂਦ ਵੀ ਉਹ ਮਾਮਲੇ ਦੀ ਸੰਵੇਦਨਾ ਸਮਝਣ ਵਿਚ ਨਾਕਾਯਾਬ ਰਹੇ ਹਨ।
ਉਹਨਾਂ ਨੇ ਕਿਹਾ ਜਲੰਧਰ ਪੁਲਿਸ ਕਮਿਸ਼ਨਰ ਇੱਕ ਮਹਿਲਾ ਹੋ ਕੇ ਵੀ ਇਹ ਦੁੱਖ ਨਹੀਂ ਸਮਝ ਪਾਈ ਅਤੇ ਕਿਸੇ ਵੀ ਤਰੀਕੇ ਦੀ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜਿੰਨਾ ਪੁਲਿਸ ਮੁਲਾਜ਼ਮਾਂ ਨੇ ਕੁਤਾਹੀ ਵਰਤੀ ਉਹਨਾਂ ਦੇ ਉੱਪਰ ਜਲੰਧਰ ਪੁਲਿਸ ਕਮਿਸ਼ਨਰ ਵੱਲੋਂ ਸਖਤ ਕਾਰਵਾਈ ਕਿਉਂ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਜੇਕਰ ਬੱਚੀ ਦੇ ਭੋਗ ਤੋਂ ਬਾਅਦ ਵੀ ਇਨਸਾਫ ਨਾ ਮਿਲਿਆ ਤਾਂ ਆਉਣ ਵਾਲੇ ਸਮੇਂ ਦੇ ਵਿੱਚ ਬੀਜੇਪੀ ਵੱਲੋਂ ਬੱਚੀ ਦੇ ਹੱਕ ਵਿੱਚ ਉਤਰ ਕੇ ਪ੍ਰਦਰਸ਼ਨ ਕੀਤਾ ਜਾਵੇਗਾ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਸ ਮਾਮਲੇ ਦਾ ਰਾਜਨੀਤੀਕਰਨ ਨਹੀਂ ਕੀਤਾ ਜਾਣਾ ਚਾਹੀਦਾ ਅਤੇ ਸਗੋਂ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਚਾਰ ਪੁਲਸ ਅਧਿਕਾਰੀਆਂ ਨੂੰ ਬਰਖ਼ਾਸਤ ਕਰਨ ਦੀ ਵੀ ਮੰਗ ਕੀਤੀ। ਉਨ੍ਹਾਂ ਪੁਲਸ ਕਮਿਸ਼ਨਰ ਨੂੰ ਨਾਰੀ ਭਾਵਨਾ ਜਗਾਉਣ ਅਤੇ ਔਰਤ ਦੇ ਦਰਦ ਨੂੰ ਸਮਝਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਉਹ ਪਰਿਵਾਰ ਨਾਲ ਮਿਲੇ, ਜਿੱਥੇ ਔਰਤ ਨੇ ਦੱਸਿਆ ਕਿ ਉਸ ਨੇ ਇਕ ਸਾਲ ਪਹਿਲਾਂ ਆਪਣੇ ਪਤੀ ਨੂੰ ਗੁਆ ਦਿੱਤਾ ਸੀ ਅਤੇ ਹੁਣ ਉਸ ਦੀ ਧੀ ਦਾ ਕਤਲ ਇਕ ਵਿਅਕਤੀ ਨੇ ਕਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਮਨੁੱਖਤਾ ਨੂੰ ਸ਼ਰਮਸਾਰ ਕਰ ਦਿੱਤਾ ਹੈ। ਉਨ੍ਹਾਂ ਕਿ ਲੜਕੀ ਦੀ ਮਾਂ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਪੁਲਿਸ ਦੁਆਰਾ ਸ਼ੁਰੂ ਵਿੱਚ ਉਸ ‘ਤੇ ਦਬਾਅ ਪਾਇਆ ਗਿਆ ਸੀ। ਪਰਿਵਾਰ ਨੇ ਕਿਹਾ ਕਿ ਕੁਝ ਪੁਲਿਸ ਮੁਲਾਜ਼ਮਾਂ ਨੇ ਲਾਪਰਵਾਹੀ ਵਰਤੀ ਸੀ ਹਾਲਾਂਕਿ ਕੁਝ ਸੀਨੀਅਰ ਅਧਿਕਾਰੀ ਜਾਂਚ ਵਿੱਚ ਸਹਾਇਤਾ ਕਰ ਰਹੇ ਹਨ। ਉਨ੍ਹਾਂ ਦੋਸ਼ੀ ਨੂੰ ਫਾਂਸੀ ਅਤੇ ਲਾਪਰਵਾਹੀ ਵਰਤਣ ਵਾਲੇ ਪੁਲਿਸ ਮੁਲਾਜ਼ਮਾਂ ਖਿਲਾਫ ਬਣਦੀ ਸਖਤ ਕਾਰਵਾਈ ਦੀ ਮੰਗ ਕੀਤੀ ਐ।

