
ਆਮ ਆਦਮੀ ਪਾਰਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਏ ਸਮਾਗਮਾਂ ਵਿਚ ਸ਼ਾਮਲ ਨਾ ਹੋਣ ਤੇ ਨਰਾਜਗੀ ਜਾਹਰ ਕੀਤੀ ਐ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਗੁਰੂ ਸਾਹਿਬ ਦਾ ਫਲਸਫਾ ਘਰ ਘਰ ਪਹੁੰਚਾਉਣ ਦੇ ਮਕਸਦ ਨਾਲ ਸ੍ਰੀ ਆਨੰਦਪੁਰ ਸਾਹਿਬ ਵਿਖੇ ਸਮਾਗਮ ਰੱਖਿਆ ਗਿਆ ਸੀ, ਜਿਸ ਵਿਚ ਸ਼ਾਮਲ ਹੋਣ ਲਈ ਪ੍ਰਧਾਨ ਮੰਤਰੀ ਸਮੇਤ ਸਾਰੇ ਵੱਡੇ ਲੀਡਰਾਂ ਨੂੰ ਸੱਦਾ ਪੱਤਰ ਭੇਜੇ ਸਨ ਪਰ ਪ੍ਰਧਾਨ ਮੰਤਰੀ ਹਰਿਆਣਾ ਦੇ ਕੁਰੂਕਸ਼ੇਤਰ ਤੋਂ ਪਰਤ ਗਏ ਨੇ ਜੋ ਉਨ੍ਹਾਂ ਦੀ ਸਿੱਖ ਪੰਥ ਤੇ ਗੁਰੂ ਸਾਹਿਬ ਪ੍ਰਤੀ ਭਾਵਨਾ ਨੂੰ ਦਰਸਾਉਂਦਾ ਐ।
ਉਨ੍ਹਾਂ ਕਿਹਾ ਕਿ ਕੁਰੂਕਸ਼ੇਤਰ ਤੋਂ ਸ੍ਰੀ ਆਨੰਦਪੁਰ ਸਾਹਿਬ ਦੀ ਹਵਾਈ ਸਫਰ ਦੀ ਦੂਰੀ ਮਹਿਜ 15 ਮਿੰਟ ਦੀ ਐ। ਇਸ ਦੇ ਬਾਵਜੂਦ ਪ੍ਰਧਾਨ ਮੰਤਰੀ ਕੁਰੂਕਸ਼ੇਤਰ ਤਕ ਤਾਂ ਆ ਗਏ ਪਰ ਸ੍ਰੀ ਆਨੰਦਪੁਰ ਸਾਹਿਬ ਵਿਖੇ ਨਹੀਂ ਆਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਰੰਭੇ ਗਏ ਸਾਰੇ ਸਮਾਗਮ ਗੈਰ ਸਿਆਸੀ ਸਨ ਅਤੇ ਸਰਕਾਰ ਨੇ ਇਨ੍ਹਾਂ ਸਮਾਗਮਾਂ ਮੌਕੇ ਕਿਸੇ ਵੀ ਤਰ੍ਹਾਂ ਦੀ ਸਿਆਸੀ ਸਰਗਰਮੀ ਨਾ ਕਰਨ ਦਾ ਵਾਅਦਾ ਕੀਤਾ ਗਿਆ ਸੀ, ਇਸ ਦੇ ਬਾਵਜੂਦ ਪ੍ਰਧਾਨ ਮੰਤਰੀ ਸਮੇਤ ਭਾਜਪਾ ਦੇ ਆਗੂਆਂ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਏ ਸਮਾਗਮਾਂ ਤੋਂ ਦੂਰੀ ਬਣਾਈ ਰੱਖੀ ਐ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੀਆਂ ਕੁਰਬਾਨੀਆਂ ਸਦਕਾ ਦੀ ਦੇਸ਼ ਆਬਾਦ ਐ, ਇਸ ਲਈ ਭਾਜਪਾ ਆਗੂਆਂ ਦਾ ਗੁਰੂ ਸਾਹਿਬ ਨਮਿਤ ਰੱਖੇ ਸਮਾਗਮ ਤੋਂ ਕਿਨਾਰਾ ਕਰਨਾ ਸਿੱਖ ਪੰਥ ਤੇ ਗੁਰੂ ਸਾਹਿਬ ਦੀਆਂ ਕੁਰਬਾਨੀਆਂ ਦਾ ਨਿਰਾਦਰ ਐ।

