ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਸ਼ੁਰੂ/ ਸ੍ਰੀ ਅਖੰਡ ਪਾਠ ਸਾਹਿਬ ਦੀ ਹੋਈ ਆਰੰਭਤਾ/ 27 ਦਸੰਬਰ ਨੂੰ ਪਾਏ ਜਾਣਗੇ ਭੋਗ

0
9

ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮਾਤਾ ਗੁਜਰ ਕੌਰ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦੀ ਸ਼ੁਰੂਆਤ ਹੋ ਗਈ ਹੈ। ਇਸ ਪਾਵਨ ਮੌਕੇ ’ਤੇ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ। ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਅਤਰ ਸਿੰਘ ਨੇ  ਦੱਸਿਆ ਕਿ ਅੱਜ ਸਵੇਰੇ ਸ਼੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ 27 ਦਸੰਬਰ ਨੂੰ ਸਵੇਰੇ ਕਰੀਬ 6 ਵਜੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਇਸ ਤੋਂ ਬਾਅਦ ਸਵੇਰੇ 9 ਵਜੇ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ ਜਾਵੇਗਾ।
ਦੱਸਣਯੋਗ ਐ ਕਿ ਗੁਰਦੁਆਰਾ ਜੋਤੀ ਸਰੂਪ ਸਾਹਿਬ ਉਹ ਪਵਿੱਤਰ ਅਸਥਾਨ ਹੈ ਜਿੱਥੇ ਮਾਤਾ ਗੁਜਰ ਕੌਰ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦਾ ਅੰਤਿਮ ਸੰਸਕਾਰ ਕੀਤਾ ਗਿਆ ਸੀ। ਇਸ ਧਰਤੀ ਨੂੰ ਸਿੱਖ ਇਤਿਹਾਸ ਵਿੱਚ ਬੇਹੱਦ ਮਹਾਨ ਅਤੇ ਪਵਿੱਤਰ ਮੰਨਿਆ ਜਾਂਦਾ ਹੈ। ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਦੀ ਧਰਤੀ ਨੂੰ ਦੁਨੀਆਂ ਦੀ ਸਭ ਤੋਂ ਮਹਿੰਗੀ ਧਰਤੀ ਵੀ ਕਿਹਾ ਜਾਂਦਾ ਹੈ, ਕਿਉਂਕਿ ਇੱਥੇ ਦੀਵਾਨ ਟੋਡਰ ਮੱਲ ਜੀ ਨੇ ਸੋਨੇ ਦੀਆਂ ਮੋਹਰਾਂ ਵਿਛਾ ਕੇ ਇਹ ਥਾਂ ਖਰੀਦੀ ਸੀ, ਤਾਂ ਜੋ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦਾ ਅੰਤਿਮ ਸੰਸਕਾਰ ਸਤਿਕਾਰ ਨਾਲ ਕੀਤਾ ਜਾ ਸਕੇ। ਇਹ ਕੁਰਬਾਨੀ ਸਿੱਖ ਕੌਮ ਲਈ ਸਦਾ ਪ੍ਰੇਰਣਾ ਦਾ ਸਰੋਤ ਰਹੀ ਹੈ।
27 ਦਸੰਬਰ ਨੂੰ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਨਗਰ ਕੀਰਤਨ ਧਾਰਮਿਕ ਸ਼ਰਧਾ ਅਤੇ ਜੋਸ਼ ਨਾਲ ਵੱਖ-ਵੱਖ ਮਾਰਗਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਪਹੁੰਚੇਗਾ, ਜਿੱਥੇ ਦੁਪਹਿਰ ਸਮੇਂ ਸਮਾਪਤੀ ਦੀ ਅਰਦਾਸ ਕੀਤੀ ਜਾਵੇਗੀ। ਸ਼ਹੀਦੀ ਸਭਾ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਦੇ ਪਹੁੰਚਣ ਦੀ ਉਮੀਦ ਹੈ। ਸੰਗਤ ਮਾਤਾ ਗੁਜਰ ਕੌਰ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਨਮਨ ਕਰਦਿਆਂ ਗੁਰੂ ਇਤਿਹਾਸ ਤੋਂ ਪ੍ਰੇਰਣਾ ਲਵੇਗੀ।

LEAVE A REPLY

Please enter your comment!
Please enter your name here