ਚੰਡੀਗੜ੍ਹ ਦੇ ਮੇਅਰ ਦੀ ਚੋਣ ਦੀਆਂ ਤਿਆਰੀਆਂ ਸ਼ੁਰੂ/ ਡੀਸੀ ਨੇ ਲਿਆ ਤਿਆਰੀਆਂ ਦਾ ਜਾਇਜ਼ਾ/ 29 ਜਨਵਰੀ ਨੂੰ ਹੋਵੇਗੀ ਚੋਣ

0
8

ਚੰਡੀਗੜ੍ਹ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਦੀ ਤਿਆਰੀ ਸ਼ੁਰੂ ਹੋ ਗਈ ਐ। ਇਹ ਚੋਣਾਂ 29 ਜਨਵਰੀ ਨੂੰ ਹੋਣ ਜਾ ਰਹੀਆਂ ਨੇ, ਜਿਸ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਨੇ ਸੈਕਟਰ-17 ਸਥਿਤ ਨਿਗਮ ਦਫਤਰ ਦਾ ਦੌਰਾ ਕੀਤਾ।  ਇਸ ਮੌਕੇ, ਉਨ੍ਹਾਂ ਨਗਰ ਨਿਗਮ ਕਮਿਸ਼ਨਰ ਅਮਿਤ ਕੁਮਾਰ ਨਾਲ ਮੁਲਾਕਾਤ ਕੀਤੀ ਅਤੇ ਚੋਣ ਪ੍ਰਕਿਰਿਆ ਦੇ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਆਉਣ ਵਾਲੀਆਂ ਮੇਅਰ ਚੋਣਾਂ ਬਾਰੇ ਵਿਚਾਰ-ਵਟਾਂਦਰਾ ਕੀਤਾ।
ਮੀਟਿੰਗ ਵਿੱਚ ਸੁਰੱਖਿਆ ਪ੍ਰਬੰਧਾਂ, ਲੌਜਿਸਟਿਕਸ ਅਤੇ ਚੋਣ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ‘ਤੇ ਜ਼ੋਰ ਦਿੱਤਾ ਗਿਆ। ਡਿਪਟੀ ਕਮਿਸ਼ਨਰ ਨੇ ਸਾਰੇ ਅਧਿਕਾਰੀਆਂ ਨੂੰ ਚੋਣ ਪ੍ਰਕਿਰਿਆ ਵਿੱਚ ਆਪਣੀਆਂ ਭੂਮਿਕਾਵਾਂ ਨਿਭਾਉਣ ਦੇ ਨਿਰਦੇਸ਼ ਦਿੱਤੇ ਅਤੇ ਜ਼ੋਰ ਦਿੱਤਾ ਕਿ ਚੋਣ ਪ੍ਰਕਿਰਿਆ ਪਾਰਦਰਸ਼ੀ ਅਤੇ ਨਿਰਪੱਖ ਹੋਣੀ ਚਾਹੀਦੀ ਹੈ।
ਖਬਰਾਂ ਮੁਤਾਬਕ ਇਸ ਵਾਰ ਸਭ ਤੋਂ ਵੱਡੀ ਤਬਦੀਲੀ ਵੋਟਿੰਗ ਪ੍ਰਣਾਲੀ ਵਿੱਚ ਕੀਤੀ ਗਈ ਹੈ, ਜਿੱਥੇ ਗੁਪਤ ਵੋਟਿੰਗ ਦੀ ਬਜਾਏ ਹੁਣ ‘ਹੱਥ ਖੜ੍ਹੇ’ ਕਰਕੇ ਵੋਟ ਪਾਉਣ ਦਾ ਸਿਸਟਮ ਲਾਗੂ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨਿਸ਼ਾਂਤ ਯਾਦਵ ਨੇ ਇਸ ਨਵੀਂ ਪ੍ਰਕਿਰਿਆ ਲਈ ਵਿਸ਼ੇਸ਼ SOPs ਜਾਰੀ ਕੀਤੇ ਹਨ, ਜਿਸ ਤਹਿਤ ਕੌਂਸਲਰਾਂ ਨੂੰ ਆਪਣੇ ਉਮੀਦਵਾਰ ਦੇ ਹੱਕ ਵਿੱਚ ਸਪੱਸ਼ਟ ਤੌਰ ’ਤੇ ਹੱਥ ਖੜ੍ਹੇ ਕਰਨੇ ਪੈਣਗੇ। ਨਾਮਜ਼ਦ ਕੌਂਸਲਰ ਡਾ. ਰਮਨੀਕ ਸਿੰਘ ਬੇਦੀ ਨੂੰ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ ਗਿਆ ਹੈ, ਜੋ ਕਾਨੂੰਨੀ ਮਰਿਆਦਾ ਅਨੁਸਾਰ ਚੋਣ ਸੰਪੰਨ ਕਰਵਾਉਣਗੇ।
ਚੋਣ ਪ੍ਰਕਿਰਿਆ ਵਿੱਚ ਪੂਰੀ ਪਾਰਦਰਸ਼ਤਾ ਬਣਾਈ ਰੱਖਣ ਲਈ ਪ੍ਰਸ਼ਾਸਨ ਨੇ ਸਖ਼ਤ ਕਦਮ ਚੁੱਕੇ ਹਨ। ਸਾਰੀ ਕਾਰਵਾਈ ਦੀ ਬਿਨਾਂ ਕਿਸੇ ਕੱਟ-ਵੱਢ ਦੇ ਲਗਾਤਾਰ ਵੀਡੀਓਗ੍ਰਾਫੀ ਕੀਤੀ ਜਾਵੇਗੀ ਅਤੇ ਇਸ ਰਿਕਾਰਡ ਨੂੰ 90 ਦਿਨਾਂ ਤੱਕ ਸੁਰੱਖਿਅਤ ਰੱਖਿਆ ਜਾਵੇਗਾ।
ਸੁਰੱਖਿਆ ਦੇ ਲਿਹਾਜ਼ ਨਾਲ ਸਪੱਸ਼ਟ ਕੀਤਾ ਗਿਆ ਹੈ ਕਿ ਕੋਈ ਵੀ ਕੌਂਸਲਰ ਆਪਣੇ ਨਾਲ ਬਾਹਰਲੇ ਸੂਬਿਆਂ ਦੇ ਸੁਰੱਖਿਆ ਕਰਮੀ ਜਾਂ ਸਮਰਥਕ ਨਹੀਂ ਲਿਆ ਸਕੇਗਾ। ਚੰਡੀਗੜ੍ਹ ਪੁਲਿਸ ਨੂੰ ਨਿਗਮ ਭਵਨ ਦੇ ਅੰਦਰ ਅਤੇ ਬਾਹਰ ਸਖ਼ਤ ਸੁਰੱਖਿਆ ਪ੍ਰਬੰਧ ਕਰਨ ਅਤੇ ਸ਼ਾਂਤੀ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ।

LEAVE A REPLY

Please enter your comment!
Please enter your name here