
ਮੋਗਾ ਵਿੱਚ ਕਮਿਊਨਿਸਟ ਪਾਰਟੀਆਂ ਦੇ ਸੱਦੇ ’ਤੇ ਵੈਨਜ਼ੂਏਲਾ ਦੇ ਰਾਸ਼ਟਰਪਤੀ ਨਿਕੋਲਸ ਮਾਦੁਰੋ ਅਤੇ ਉਸ ਦੀ ਪਤਨੀ ਨੂੰ ਅਗਵਾ ਕਰਨ ਦੇ ਅਮਰੀਕੀ ਦੋਸ਼ਾਂ ਦੇ ਵਿਰੋਧ ਵਿੱਚ ਅਮਰੀਕੀ ਰਾਸ਼ਟਰਪਤੀ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿਖੇ ਸੈਂਕੜੇ ਵਰਕਰ ਇਕੱਤਰ ਹੋਏ। ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਭਾਰਤੀ ਕਮਿਊਨਿਸਟ ਪਾਰਟੀ ਦੇ ਜ਼ਿਲ੍ਹਾ ਸਕੱਤਰ ਕੁਲਦੀਪ ਸਿੰਘ ਭੋਲਾ ਅਤੇ ਕਰਮਜੀਤ ਕੌਰ ਨੇ ਕਿਹਾ ਕਿ ਅਮਰੀਕੀ ਫੌਜਾਂ ਵੱਲੋਂ ਅੰਤਰਰਾਸ਼ਟਰੀ ਕਾਨੂੰਨਾਂ ਦੀ ਉਲੰਘਣਾ ਕਰਦਿਆਂ ਵੈਨਜ਼ੂਏਲਾ ਵਿੱਚ ਦਖ਼ਲ ਦੇਣਾ ਅਤੇ ਉਥੋਂ ਦੇ ਰਾਸ਼ਟਰਪਤੀ ਤੇ ਉਸ ਦੀ ਪਤਨੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕਰਨਾ ਖੁੱਲ੍ਹੀ ਗੁੰਡਾਗਰਦੀ ਅਤੇ ਲੋਕਤੰਤਰ ਦਾ ਕਤਲ ਹੈ।
ਆਗੂਆਂ ਨੇ ਦੋਸ਼ ਲਗਾਇਆ ਕਿ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਇਸ਼ਾਰੇ ’ਤੇ ਕੀਤੀ ਗਈ ਇਹ ਕਾਰਵਾਈ ਖੁਦ ਅਮਰੀਕੀ ਕਾਨੂੰਨਾਂ ਦੇ ਵੀ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਨਿਕੋਲਸ ਮਾਦੁਰੋ ਨੂੰ ਨਸ਼ਾ ਤਸਕਰ ਦੱਸ ਕੇ ਕੀਤੀ ਜਾ ਰਹੀ ਕਾਰਵਾਈ ਅਸਲ ਵਿੱਚ ਵੈਨਜ਼ੂਏਲਾ ਦੇ ਭਰਪੂਰ ਤੇਲ ਅਤੇ ਖਣਿਜ ਸੰਸਾਧਨਾਂ ’ਤੇ ਕਬਜ਼ਾ ਕਰਨ ਲਈ ਰਚੀ ਗਈ ਸਾਜ਼ਿਸ਼ ਹੈ।
ਉਨਾਂ ਕਿਹਾ ਕਿ ਅਮਰੀਕੀ ਦਖ਼ਲਅੰਦਾਜ਼ੀ ਦੇ ਵਿਰੁੱਧ ਦੁਨੀਆ ਭਰ ਵਿੱਚ ਹੋ ਰਹੇ ਲੋਕੀ ਪ੍ਰਦਰਸ਼ਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਇਹ “ਦੜ ਵੱਟੋ ਤੇ ਜ਼ਮਾਨਾ ਕੱਟੋ” ਨੀਤੀ ਆਖ਼ਰਕਾਰ ਭਾਰਤ ਦੇ ਕਿਸਾਨਾਂ, ਮਜ਼ਦੂਰਾਂ ਅਤੇ ਮਿਹਨਤਕਸ਼ ਵਰਗ ਲਈ ਨੁਕਸਾਨਦੇਹ ਸਾਬਤ ਹੋਵੇਗੀ।

