ਪੰਜਾਬ ਅੰਮ੍ਰਿਤਸਰ ਪੁਲਿਸ ਵੱਲੋਂ ਨਸ਼ਾ ਤਸਕਰੀ ਦਾ ਪਰਦਾਫਾਸ਼/ 40 ਕਿੱਲੋ ਹੈਰੋਇਨ ਤੇ ਹਥਿਆਰਾਂ ਦਾ ਜ਼ਖੀਰਾ ਬਰਾਮਦ By admin - January 29, 2026 0 7 Facebook Twitter Pinterest WhatsApp ਅੰਮ੍ਰਿਤਸਰ ਪੁਲਿਸ ਨੇ ਨਸ਼ਿਆਂ ਖਿਲਾਫ ਵੱਡੀ ਕਾਰਵਾਈ ਕਰਦਿਆਂ ਨਸ਼ਿਆਂ ਦੀ ਵੱਡੀ ਖੇਪ ਤੇ ਹਥਿਆਰਾਂ ਦਾ ਜਖੀਰਾ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਰਾਜਾਸਾਂਸੀ ਹਲਕੇ ਦੇ ਪਿੰਡ ਓਠੀਆਂ ਵਿਚ ਛਾਪੇਮਾਰੀ ਕਰ ਕੇ 200 ਕਰੋੜ ਰੁਪਏ ਤੋਂ ਵੱਧ ਦੀ ਹੈਰੋਇਨ, ਹੈਂਡ ਗ੍ਰਨੇਡ ਅਤੇ ਪਾਕਿਸਤਾਨ ਤੋਂ ਡਰੋਨ ਰਾਹੀਂ ਲਿਆਂਦੇ ਗਏ ਹਥਿਆਰ ਜ਼ਬਤ ਕੀਤੇ ਹਨ। ਪੁਲਿਸ ਸੂਤਰਾਂ ਮੁਤਾਬਕ ਕਾਲੇ ਪੈਕੇਟਾਂ ਵਿੱਚ ਪੈਕ ਕੀਤੀ 40 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੀ ਗਈ ਸੀ। ਚਾਰ ਹੈਂਡ ਗ੍ਰਨੇਡ, ਇੱਕ ਪਿਸਤੌਲ ਅਤੇ ਕੁਝ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। ਇਹ ਖੇਪ ਪਿੰਡ ਓਠੀਆਂ ਨੇੜੇ ਸੁੱਟੀ ਗਈ ਸੀ, ਜਿਸ ਨੂੰ ਕੁਝ ਨੌਜਵਾਨ ਦੇਰ ਰਾਤ ਮੋਟਰਸਾਈਕਲ ‘ਤੇ ਲਿਜਾ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਪਿੰਡ ਵਿੱਚ ਰਾਤ ਨੂੰ ਇੱਕ ਨਵੀਂ ਸੜਕ ਦੀ ਉਸਾਰੀ ਦਾ ਕੰਮ ਚੱਲ ਰਿਹਾ ਸੀ। ਜਦੋਂ ਉੱਥੇ ਮੌਜੂਦ ਲੋਕਾਂ ਅਤੇ ਮਜ਼ਦੂਰਾਂ ਨੇ ਨੌਜਵਾਨਾਂ ਨੂੰ ਸੜਕ ਪਾਰ ਕਰਨ ਤੋਂ ਰੋਕਿਆ ਤਾਂ ਉਹ ਡਰ ਦੇ ਮਾਰੇ ਆਪਣੇ ਮੋਟਰਸਾਈਕਲ ਛੱਡ ਕੇ ਮੌਕੇ ਤੋਂ ਭੱਜ ਗਏ। ਸ਼ੱਕ ਹੋਣ ‘ਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮੋਟਰਸਾਈਕਲ ਅਤੇ ਆਲੇ-ਦੁਆਲੇ ਦੇ ਇਲਾਕੇ ਦੀ ਤਲਾਸ਼ੀ ਲਈ। ਜਾਂਚ ਦੌਰਾਨ ਵੱਡੀ ਮਾਤਰਾ ਵਿੱਚ ਹੈਰੋਇਨ, ਹੱਥਗੋਲੇ ਅਤੇ ਹਥਿਆਰ ਬਰਾਮਦ ਕੀਤੇ ਗਏ। ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਫਰਾਰ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ। ਦੇਰ ਰਾਤ ਹੀ ਰਾਜਾਸਾਂਸੀ ਹਲਕੇ ਦੀ ਇੰਚਾਰਜ ਮੈਡਮ ਸੋਨੀਆ ਮਾਨ ਮੌਕੇ ‘ਤੇ ਪਹੁੰਚੀ ਅਤੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ। ਸੋਨੀਆ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਨਸ਼ਿਆਂ ਵਿਰੁੱਧ ਜੰਗ” ਮੁਹਿੰਮ ਤਹਿਤ ਕਾਰਵਾਈ ਜਾਰੀ ਹੈ ਅਤੇ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।