
ਆਮ ਆਦਮੀ ਪਾਰਟੀ ਦੇ ਸੀਨੀਅਰ ਬੁਲਾਰਾ ਬਲਤੇਜ ਪੰਨੂ ਨੇ ਗੈਂਗਸਟਰਵਾਦ ਦੇ ਮੁੱਦੇ ਉਤੇ ਅਕਾਲੀ ਦਲ ਵੱਲ ਨਿਸ਼ਾਨਾ ਸੇਧਿਆ ਹੈ। ਇਸ ਸਬੰਧ ਬਿਆਨ ਜਾਰੀ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਅਕਾਲੀ ਦਲ ਦੇ ਆਗੂ ਗੈਂਗਸਟਰ ਪਰਿਵਾਰਾਂ ਦੇ ਵਿਆਹ ਸਮਾਗਮਾਂ ਅੰਦਰ ਸ਼ਮੂਲੀਅਤ ਕਰ ਕੇ ਪੰਜਾਬ ਅੰਦਰ ਗੈਂਗਸਟਰਵਾਦ ਨੂੰ ਉਤਸ਼ਾਹਤ ਕਰ ਰਹੇ ਹਨ।
ਸੁਖਬੀਰ ਸਿੰਘ ਬਾਦਲ ਸਮੇਤ ਦਿੱਗਜ਼ ਆਗੂਆਂ ਦੀਆਂ ਇਕ ਗੈਂਗਸਟਰ ਦੀ ਭੈਣ ਦੇ ਵਿਆਹ ਵਿਚ ਸ਼ਾਮਲ ਹੋਣ ਦੀਆਂ ਤਸਵੀਰਾਂ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਗੈਂਗਸਟਰਵਾਦ ਇਨ੍ਹਾਂ ਦੀ ਹੀ ਦੇਣ ਹੈ ਅਤੇ ਹੁਣ ਜਦੋਂ ਸਰਕਾਰ ਪੰਜਾਬ ਨੂੰ ਗੈਂਗਸਟਰਵਾਦ ਤੋਂ ਮੁਕਤ ਕਰਨ ਲਈ ਯਤਨਸ਼ੀਲ ਹੈ ਤਾਂ ਇਹ ਮੁੜ ਗੈਂਗਸਟਰਵਾਦ ਨੂੰ ਉਤਸ਼ਾਹਿਤ ਕਰਨ ਦੀਆਂ ਕੋਸ਼ਿਸ਼ ਕਰ ਰਹੇ ਨੇ।
ਉਨ੍ਹਾਂ ਗੈਂਗਸਟਰ ਪਰਿਵਾਰਾਂ ਵੱਲੋਂ ਕਰਵਾਏ ਜਾਂਦੇ ਸਮਾਗਮਾਂ ਵਿੱਚ ਅਕਾਲੀ ਆਗੂਆਂ ਦੀ ਮੌਜੂਦਗੀ ‘ਤੇ ਸਵਾਲ ਉਠਾਉਂਦਿਆਂ ਸਮਾਗਮ ਵਿੱਚ ਸ਼ਮੂਲੀਅਤ ਲਈ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਵੱਲ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਨੇ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਵਿਰਸਾ ਸਿੰਘ ਵਲਟੋਹਾ ਅਤੇ ਵਿਧਾਇਕਾ ਗਨੀਵ ਕੌਰ ਮਜੀਠੀਆ ਦੀਆਂ ਫੋਟੋਆਂ ਵੀ ਸਾਂਝੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਲੇ ਹੁਣ ਗੈਂਗਸਸਟਰਾਂ ਸਹਾਰੇ ਮੁੜ ਸੱਤਾ ਵਿਚ ਆਉਣਾ ਚਾਹੁੰਦੇ ਹਨ, ਇਹ ਕਾਰਨ ਹੈ ਕਿ ਇਨ੍ਹਾਂ ਦੀ ਸਮੁੱਚੀ ਲੀਡਰਸ਼ਿਪ ਗੈਂਗਸਟਰਾਂ ਦੇ ਪਰਿਵਾਰਾਂ ਦੇ ਸਮਾਗਮਾਂ ਵਿਚ ਸ਼ਾਮਲ ਹੋ ਰਹੇ ਹਨ।


