

ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦਾ ਸਵਾਗਤ ਕੀਤਾ ਹੈ। ਚੰਡੀਗੜ੍ਹ ਵਿਖੇ ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਗੁਰੂ ਰਵੀਦਾਸ ਜੀ ਦੇ ਜਨਮ ਦਿਹਾੜੇ ਮੌਕੇ ਪ੍ਰਧਾਨ ਮੰਤਰੀ ਦਾ ਪੰਜਾਬ ਆਉਣਾ ਪੰਜਾਬ ਵਾਸੀਆਂ ਤੇ ਡੇਰਾ ਬੱਲਾ ਲਈ ਮਾਣ ਤੇ ਖੁਸ਼ੀ ਵਾਲੀ ਗੱਲ ਹੈ। ਮੁੱਖ ਮੰਤਰੀ ਮਾਨ ਵੱਲੋਂ ਆਦਮਪੁਰ ਏਅਰਪੋਰਟ ਦਾ ਨਾਮ ਗੁਰੂ ਰਵੀਦਾਸ ਜੀ ਦੇ ਨਾਮ ਤੇ ਰੱਖਣ ਬਾਰੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਨੂੰ ਕੇਂਦਰ ਨੂੰ ਜ਼ਿੰਮੇਵਾਰੀਆਂ ਸਿਖਾਉਣ ਦੀ ਬਜਾਏ ਪੰਜਾਬ ਸਰਕਾਰ ਦੇ ਆਪਣੇ ਫਰਜ਼ ਨਿਭਾਉਣ ਵੱਲ ਧਿਆਨ ਦੇਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਅਮਨ ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ, ਇਸ ਲਈ ਮੁੱਖ ਮੰਤਰੀ ਮਾਨ ਨੂੰ ਚਾਹੀਦਾ ਹੈ ਕਿ ਉਹ ਦੂਜਿਆਂ ਨੂੰ ਸਲਾਹ ਦੇਣ ਦੀ ਥਾਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰਾਂ ‘ਤੇ ਗੌਰ ਕਰਨ। ਪੰਜਾਬ ਸਰਕਾਰ ਵੱਲੋਂ ਆਰ.ਡੀ.ਐਫ. ਫੰਡਾਂ ਦੀ ਲਗਾਤਾਰ ਕੀਤੀ ਜਾ ਰਹੀ ਮੰਗ ‘ਤੇ ਅਸ਼ਵਨੀ ਸ਼ਰਮਾ ਨੇ ਸਖ਼ਤ ਸ਼ਬਦਾਵਲੀ ਵਰਤਦਿਆਂ ਕਿਹਾ ਕਿ ਮੁੱਖ ਮੰਤਰੀ ਆਪਣੀ “ਨਾਲਾਇਕੀ” ਨੂੰ ਛੁਪਾ ਨਹੀਂ ਸਕਦੇ।
ਉਨ੍ਹਾਂ ਸਵਾਲ ਕੀਤਾ ਕਿ RDF ਫੰਡਾਂ ਲਈ ਜਿਹੜੀ NOC ਦੀ ਸੂਚੀ ਕੇਂਦਰ ਕੋਲ ਜਾਣੀ ਸੀ, ਉਹ ਅਜੇ ਤੱਕ ਕਿਉਂ ਨਹੀਂ ਭੇਜੀ ਗਈ? ਉਨ੍ਹਾਂ ਇਲਜ਼ਾਮ ਲਾਇਆ ਕਿ ਸਰਕਾਰ ਆਪਣੀਆਂ ਪ੍ਰਸ਼ਾਸਨਿਕ ਕਮੀਆਂ ਨੂੰ ਕੇਂਦਰ ਸਿਰ ਮੜ੍ਹਨ ਦੀ ਕੋਸ਼ਿਸ਼ ਕਰ ਰਹੀ ਹੈ। ਅੰਤ ਵਿੱਚ ਭਾਜਪਾ ਆਗੂ ਨੇ ਮੁੱਖ ਮੰਤਰੀ ਨੂੰ ਪੰਜਾਬ ਦੀ ਨਿਘਰ ਰਹੀ ਕਾਨੂੰਨ ਵਿਵਸਥਾ ਵੱਲ ਧਿਆਨ ਦੇਣ ਦੀ ਨਸੀਹਤ ਦਿੱਤੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਚਿੰਤਾਜਨਕ ਹੈ ਅਤੇ ਮੁੱਖ ਮੰਤਰੀ ਨੂੰ ਇੱਧਰ-ਉੱਧਰ ਦੀਆਂ ਗੱਲਾਂ ਛੱਡ ਕੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ।

