ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਵਿਸ਼ੇਸ਼ ਨਾਕੇਬੰਦੀ/ 25 ਤੋਂ 30 ਨਾਕਿਆਂ ’ਤੇ ਵਾਹਨਾਂ ਦੀ ਸਖਤ ਚੈਕਿੰਗ

0
1

ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਅੱਜ ਜੰਡਿਆਲਾ ਟੂਲ ਪਲਾਜ਼ਾ ਅਤੇ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿੱਚ ਸਪੈਸ਼ਲ ਤੌਰ ’ਤੇ ਨਾਕਾਬੰਦੀ ਕਰ ਕੇ ਵਾਹਨਾਂ ਦੀ ਗਹਿਰਾਈ ਨਾਲ ਚੈਕਿੰਗ ਕੀਤੀ। ਇਸ ਦੌਰਾਨ ਪੁਲਿਸ ਟੀਮਾਂ ਨੇ ਦਸਤਾਵੇਜ਼ਾਂ ਦੀ ਜਾਂਚ ਦੇ ਨਾਲ-ਨਾਲ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਵੀ ਕੀਤੀ। ਨਾਕਾਬੰਦੀ ਦਾ ਮਕਸਦ ਮਾੜੇ ਅੰਸਰਾਂ, ਨਸ਼ਾ ਤਸਕਰਾਂ ਅਤੇ ਗੈਂਗਸਟਰ ਤੱਤਾਂ ’ਤੇ ਲਗਾਤਾਰ ਨਿਗਰਾਨੀ ਰੱਖਣਾ ਹੈ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਐੱਸਪੀ ਹੈਡਕੁਆਰਟਰ ਤੇਜਬੀਰ ਸਿੰਘ ਹੁੰਦਲ ਨੇ ਦੱਸਿਆ ਕਿ ਇਹ ਸਪੈਸ਼ਲ ਚੈਕਿੰਗ ਮੁਹਿੰਮ ਲੋਕਾਂ ਨੂੰ ਸੁਰੱਖਿਅਤ ਅਤੇ ਸ਼ਾਂਤਮਈ ਮਾਹੌਲ ਪ੍ਰਦਾਨ ਕਰਨ ਲਈ ਚਲਾਈ ਗਈ ਹੈ।
ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਮਾੜੇ ਅੰਸਰਾਂ ਖ਼ਿਲਾਫ਼ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਗਈ ਹੈ ਅਤੇ ਜੇਕਰ ਕਿਸੇ ਵੀ ਤਰ੍ਹਾਂ ਦਾ ਸ਼ੱਕੀ ਵਿਅਕਤੀ ਮਿਲਦਾ ਹੈ ਤਾਂ ਉਸਨੂੰ ਰੋਕ ਕੇ ਕਾਨੂੰਨੀ ਤਰੀਕੇ ਨਾਲ ਪੁੱਛਗਿੱਛ ਕੀਤੀ ਜਾਵੇਗੀ। ਐੱਸਪੀ ਹੁੰਦਲ ਨੇ ਦੱਸਿਆ ਕਿ ਪੂਰੇ ਜ਼ਿਲ੍ਹੇ ਵਿੱਚ ਕਰੀਬ 25 ਤੋਂ 30 ਨਾਕੇ ਲਗਾਏ ਗਏ ਹਨ ਅਤੇ 10 ਤੋਂ 15 ਦੇ ਕਰੀਬ ਜੀਓ (ਜਿਓ-ਪੁਆਇੰਟ) ਬਾਹਰੀ ਇਲਾਕਿਆਂ ’ਚ ਤਾਇਨਾਤ ਕੀਤੇ ਗਏ ਹਨ। ਖਾਸ ਤੌਰ ’ਤੇ ਮਜੀਠਾ ਖੇਤਰ ਨੂੰ ਸੀਲ ਕਰਕੇ ਵੱਖ-ਵੱਖ ਸਬ-ਡਿਵੀਜ਼ਨਾਂ ਵਿੱਚ ਅਲੱਗ-ਅਲੱਗ ਪੁਆਇੰਟਾਂ ’ਤੇ ਚੈਕਿੰਗ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਪਿੰਡਾਂ ਵਿੱਚ ਐਂਟੀ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਅਨਾਉਂਸਮੈਂਟਾਂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕੇ। ਹਰ ਥਾਣੇ ਵੱਲੋਂ ਆਪਣੇ-ਆਪਣੇ ਇਲਾਕੇ ਵਿੱਚ ਲੋਕਾਂ ਨੂੰ ਪੁਲਿਸ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਐੱਸਪੀ ਨੇ ਦੱਸਿਆ ਕਿ ਪਿੰਡਾਂ ਵਿੱਚ ਵਿਲੇਜ ਡਿਫੈਂਸ ਕਮੇਟੀਆਂ ਬਣਾਈਆਂ ਗਈਆਂ ਹਨ ਅਤੇ ਪੁਲਿਸ ਟੀਮਾਂ ਸਕੂਲਾਂ ਤੇ ਪਿੰਡਾਂ ਵਿੱਚ ਬੱਚਿਆਂ ਨੂੰ ਬਰੀਫ ਕਰ ਰਹੀਆਂ ਹਨ ਕਿ ਮਾੜੀ ਸੰਗਤ ਤੋਂ ਦੂਰ ਰਹਿਣ ਅਤੇ ਮਾੜੇ ਕੰਮਾਂ ਦੇ ਮਾੜੇ ਨਤੀਜੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਆਮ ਲੋਕ ਪੁਲਿਸ ਦੀ ਇਸ ਕਾਰਵਾਈ ਨੂੰ ਸਹੀ ਸਮਝਦੇ ਹੋਏ ਪੂਰਾ ਸਹਿਯੋਗ ਦੇ ਰਹੇ ਹਨ, ਜਿਸ ਨਾਲ ਇਲਾਕੇ ਵਿੱਚ ਕਾਨੂੰਨ ਵਿਵਸਥਾ ਮਜ਼ਬੂਤ ਹੋ ਰਹੀ ਹੈ।

LEAVE A REPLY

Please enter your comment!
Please enter your name here