ਪੰਜਾਬ ਹਾਈ ਕੋਰਟ ਦਾ ਮੁਅੱਤਲ ਡੀਆਈਜੀ ਭੁੱਲਰ ਨੂੰ ਝਟਕਾ/ ਜ਼ਮਾਨਤ ਪਟੀਸ਼ਨ ਕੀਤੀ ਖਾਰਜ By admin - February 16, 2026 0 2 Facebook Twitter Pinterest WhatsApp ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਅਦਾਲਤ ਨੇ ਹਰਚਰਨ ਭੁੱਲਰ ਦੀ ਜ਼ਮਾਨਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਡੀਆਈਜੀ ਭੁੱਲਰ ਨੇ ਅਦਾਲਤ ਚ ਨਿਯਮਤ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ ਹੈ। ਜਿਸ ਦੇ ਚਲਦਿਆਂ ਭ੍ਰਿਸ਼ਟਾਚਾਰ ਦੇ ਗੰਭੀਰ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਭੁੱਲਰ ਨੂੰ ਅਦਾਲਤ ਤੋਂ ਫਿਲਹਾਲ ਕੋਈ ਰਾਹਤ ਨਹੀਂ ਮਿਲ ਸਕੀ। ਅੱਜ ਹਾਈਕੋਰਟ ਵਿੱਚ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣੀਆਂ। ਸੀ.ਬੀ.ਆਈ. (CBI) ਵੱਲੋਂ ਜ਼ਮਾਨਤ ਦਾ ਸਖ਼ਤ ਵਿਰੋਧ ਕੀਤਾ ਗਿਆ ਸੀ। ਜਾਂਚ ਏਜੰਸੀ ਨੇ ਦਲੀਲ ਦਿੱਤੀ ਕਿ ਭੁੱਲਰ ਇੱਕ ਪ੍ਰਭਾਵਸ਼ਾਲੀ ਅਹੁਦੇ ‘ਤੇ ਰਹੇ ਹਨ ਅਤੇ ਜ਼ਮਾਨਤ ਮਿਲਣ ‘ਤੇ ਉਹ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦੇ ਹਨ ਜਾਂ ਸਬੂਤਾਂ ਨਾਲ ਛੇੜਛਾੜ ਕਰ ਸਕਦੇ ਹਨ। ਦੱਸਣਯੋਗ ਹੈ ਕਿ ਮੁਅੱਤਲ ਡੀਆਈ.ਜੀ. ਹਰਚਰਨ ਸਿੰਘ ਭੁੱਲਰ ਨੂੰ ਅਕਤੂਬਰ 2025 ਵਿੱਚ ਸੀ.ਬੀ.ਆਈ. ਨੇ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਭੁੱਲਰ ‘ਤੇ ਇਲਜ਼ਾਮ ਹੈ ਕਿ ਉਨ੍ਹਾਂ ਨੇ ਇੱਕ ਪੁਰਾਣੇ ਕੇਸ (FIR) ਨੂੰ ਰਫ਼ਾ-ਦਫ਼ਾ ਕਰਨ ਅਤੇ ਕਾਰਵਾਈ ਨਾ ਕਰਨ ਦੇ ਬਦਲੇ ਇੱਕ ਸਕ੍ਰੈਪ ਡੀਲਰ ਤੋਂ 8 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ। ਗ੍ਰਿਫ਼ਤਾਰੀ ਤੋਂ ਬਾਅਦ ਜਦੋਂ ਸੀ.ਬੀ.ਆਈ. ਨੇ ਭੁੱਲਰ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ, ਤਾਂ ਉੱਥੋਂ ਲਗਭਗ 7.5 ਕਰੋੜ ਰੁਪਏ ਨਕਦ, 2.5 ਕਿੱਲੋ ਸੋਨਾ ਅਤੇ ਕਈ ਮਹਿੰਗੀਆਂ ਘੜੀਆਂ ਬਰਾਮਦ ਹੋਈਆਂ ਸਨ। ਇਸ ਮਾਮਲੇ ਤੋਂ ਬਾਅਦ ਉਨ੍ਹਾਂ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਇੱਕ ਹੋਰ ਕੇਸ ਵੀ ਦਰਜ ਕੀਤਾ ਗਿਆ ਸੀ। ਭ੍ਰਿਸ਼ਟਾਚਾਰ ਮਾਮਲੇ ਵਿੱਚ ਉਨ੍ਹਾਂ ਦੀ ਨਿਯਮਤ ਜ਼ਮਾਨਤ ਅਰਜ਼ੀ ਪਹਿਲਾਂ ਸੀ.ਬੀ.ਆਈ. ਅਦਾਲਤ ਅਤੇ ਹੁਣ ਹਾਈਕੋਰਟ ਵੱਲੋਂ ਵੀ ਰੱਦ ਕਰ ਦਿੱਤੀ ਗਈ ਹੈ। ਇਸ ਫੈਸਲੇ ਤੋਂ ਬਾਅਦ ਭੁੱਲਰ ਨੂੰ ਫਿਲਹਾਲ ਜੇਲ੍ਹ ਵਿੱਚ ਹੀ ਰਹਿਣਾ ਪਵੇਗਾ।