ਗੁਰਦਾਸਪੁਰ ਦੇ ਪਿੰਡ ਆਦੀਆ ਪਹੁੰਚੇ ਵਿਧਾਇਕ ਸ਼ੈਰੀ ਕਲਸੀ/ ਪੁਲਿਸ ਜਵਾਨਾਂ ਨਾਲ ਵਾਪਰੀ ਮੰਦਭਾਗੀ ਘਟਨਾ ਵਾਲੀ ਥਾਂ ਦਾ ਕੀਤਾ ਦੌਰਾ/ ਕਿਹਾ, ਪੀੜਤਾਂ ਨਾਲ ਚੱਟਾਨ ਵਾਂਗ ਖੜ੍ਹੀ ਸਰਕਾਰ

0
4

ਆਮ ਆਦਮੀ ਪਾਰਟੀ ਦੇ ਪੰਜਾਬ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਅੱਜ ਗੁਰਦਾਸਪੁਰ ਦੇ ਪਿੰਡ ਆਦੀਆਂ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਬੀਤੇ ਦਿਨੀਂ ਪੁਲਿਸ ਮੁਲਾਜ਼ਮਾਂ ਨਾਲ ਵਾਪਰੀ ਘਟਨਾ ਸਥਾਨ ਦਾ ਦੌਰਾ ਕੀਤਾ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦੋਵੇਂ ਪਰਿਵਾਰਾਂ ਨੂੰ ਸ਼ਹੀਦ ਦਾ ਦਰਜਾ ਦੇ ਦਿੱਤਾ ਗਿਆ ਹੈ ਅਤੇ ਇੱਕ ਇੱਕ ਕਰੋੜ ਰੁਪਏ ਦੀ ਸਹਾਇਤਾ ਵੀ ਕੀਤੀ ਗਈ ਹੈ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਸ਼ਹੀਦ ਪਰਿਵਾਰਾਂ ਦੇ ਨਾਲ ਚਟਾਨ ਵਾਂਗ ਖੜੀ ਹੈ। ਕਾਂਗਰਸੀ ਸਾਂਸਦ ਦੇ ਇਲਜ਼ਾਮਾਂ ਬਾਰੇ ਪੁੱਛੇ ਜਾਣ ਤੇ ਉਨ੍ਹਾਂ ਕਿਹਾ ਕਿ ਐਮਪੀ ਸੁਖਜਿੰਦਰ ਰੰਧਾਵਾ ਵੱਲੋਂ ਹਰ ਕੰਮ ਵਿੱਚ ਸਿਆਸਤ ਕੀਤੀ ਜਾਂਦੀ ਹੈ ਅਤੇ ਇਸ ਔਖੇ ਵੇਲੇ ਵੀ ਸਿਆਸਤ ਹੀ ਕਰ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਖੜੀ ਹੈ ਅਤੇ ਪੁਲਿਸ ਮਾਮਲੇ ਦੀ ਬੜੀ ਬਰੀਕੀ ਨਾਲ ਜਾਂਚ ਕਰ ਰਹੀ ਹੈ।
ਵਿਰੋਧੀ ਪਾਰਟੀ ਦੇ ਆਗੂਆਂ ਦੀ ਤਿੱਖੀ ਆਲੋਚਨਾ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਪੁਲਿਸ ਦੇ ਬਹਾਦਰ ਜਵਾਨਾਂ ਦੇ ਪਰਿਵਾਰਾਂ ਨਾਲ ਖੜ੍ਹਨ ਦਾ ਸਮਾਂ ਹੈ ਨਾ ਕਿ ਹਲਕੇ ਪੱਧਰ ਦੀ ਸਿਆਸਤ ਕਰਨ ਦਾ। ਉਨ੍ਹਾਂ ਕਿਹਾ ਪੰਜਾਬ ਪੁਲਿਸ ਨੇ ਹਮੇਸ਼ਾ ਸੂਬੇ ਤੇ ਦੇਸ਼ ਦੀ ਰੱਖਿਆ ਲਈ ਸ਼ਹਾਦਤਾਂ ਦਿੱਤੀਆਂ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੇ ਬਹਾਦਰ ਜਵਾਨਾਂ ਨੇ ਸਾਲ 2015 ਵਿੱਚ ਦੀਨਾਨਗਰ ਵਿੱਚ ਥਾਣੇ ‘ਤੇ ਅੱਤਵਾਦੀਆਂ ਵਲੋਂ ਕੀਤੇ ਗਏ ਹਮਲੇ ਵਿੱਚ ਬਹਾਦਰੀ ਨਾਲ ਲੜਦਿਆਂ ਆਪਣੀਆਂ ਜਾਨਾਂ ਨਿਛਾਵਰ ਕਰ ਦਿੱਤੀਆਂ ਸਨ ਤੇ ਅੱਤਵਾਦੀਆਂ ਦੇ ਮਨਸੂਬੇ ਨੂੰ ਅਸਫਲ ਕਰ ਦਿੱਤਾ ਸੀ। ਇਸ ਲਈ ਵਿਰੋਧੀ ਪਾਰਟੀਆਂ ਨੂੰ ਸ਼ਹੀਦ ਹੋਵੇ ਜਵਾਨਾਂ ‘ਤੇ ਸਿਆਸਤ ਕਰਨ ਦੀ ਥਾਂ ‘ਤੇ ਪੰਜਾਬ ਪੁਲਿਸ ਦੇ ਗੌਰਵਮਈ ਇਤਿਹਾਸ’ਤੇ ਮਾਣ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਔਖੇ ਵੇਲੇ ਹਰ ਇਕ ਨੂੰ ਇਕਜੁਟ ਹੋਣ ਦੀ ਲੋੜ ਹੁੰਦੀ ਹੈ ਪਰ ਕੁੱਝ ਲੋਕ ਸੌੜੀ ਸੋਚ ਕਾਰਨ ਇਸ ਵੇਲੇ ਨੂੰ ਵੀ ਸਿਆਸੀ ਮੁਫਾਦਾਂ ਲਈ ਵਰਤ ਰਹੇ ਨੇ ਜੋ ਠੀਕ ਨਹੀਂ ਹੈ।

LEAVE A REPLY

Please enter your comment!
Please enter your name here