ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਖਾਲਸਾ ਵਹੀਰ’ ਦੀ ਸ਼ੁਰੂਆਤ/ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਤੇ ਸਿੱਖੀ ਨਾਲ ਜੋੜਨ ਦਾ ਹੌਕਾ

0
1

ਵਾਰਿਸ ਪੰਜਾਬ ਦੇ’ ਅਤੇ ਪੰਥਕ ਜਥੇਬੰਦੀਆਂ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ‘ਖਾਲਸਾ ਵਹੀਰ’ ਦੀ ਸ਼ੁਰੂਆਤ ਕੀਤੀ। ਇਸ ਮੌਕੇ ਮੀਡੀਆ ਨਾਲ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਦੱਸਿਆ ਕਿ ਇਹ ਦੋ ਦਿਨਾਂ ਖਾਲਸਾ ਵਹੀਰ ਗੁਰੂ ਸਾਹਿਬਾਨ ਦੇ ਆਸ਼ੀਰਵਾਦ ਨਾਲ ਨੌਜਵਾਨਾਂ ਨੂੰ ਉਨ੍ਹਾਂ ਦੀਆਂ ਜੜ੍ਹਾਂ ਵੱਲ ਵਾਪਸ ਮੋੜਨ ਲਈ ਸ਼ੁਰੂ ਕੀਤੀ ਗਈ ਹੈ। ਇਸ ਦਾ ਮੁੱਖ ਉਦੇਸ਼ ਉਨ੍ਹਾਂ ਨੌਜਵਾਨਾਂ ਨੂੰ ਮੁੱਖ ਧਾਰਾ ਵਿੱਚ ਲਿਆਉਣਾ ਹੈ ਜੋ ਪਤਿਤ ਹੋ ਚੁੱਕੇ ਹਨ ਜਾਂ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਵਿੱਚ ਫਸ ਗਏ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਅੰਮ੍ਰਿਤ ਛਕ ਕੇ ਗੁਰੂ ਦੇ ਲੜ ਲੱਗਣ ਤਾਂ ਜੋ ਸਮਾਜ ਅਤੇ ਪੰਥ ਦਾ ਸਨਮਾਨ ਵਧ ਸਕੇ।
ਇਸ ਮੌਕੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਤੋਂ ਇਲਾਵਾ ਫਰੀਦਕੋਟ ਤੋਂ ਸਾਂਸਦ ਸਰਬਜੀਤ ਸਿੰਘ ਖਾਲਸਾ, ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਮਾਤਾ ਬਲਵਿੰਦਰ ਕੌਰ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਮੌਜੂਦ ਰਹੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਇਹ ਮਾਰਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋ ਕੇ ਮੁੱਦਕੀ ਸਾਹਿਬ ਵਿਖੇ ਪੜਾਅ ਕਰੇਗਾ ਅਤੇ ਅੰਤ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਸੰਪੰਨ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਕੋਸ਼ਿਸ਼ ਦਾ ਮਕਸਦ ਸਾਰੇ ਪੰਥਕ ਸਮੂਹਾਂ ਨੂੰ ਇੱਕ ਪਲੇਟਫਾਰਮ ‘ਤੇ ਲਿਆਉਣਾ ਅਤੇ ਸਿੱਖ ਲੀਡਰਸ਼ਿਪ ਨੂੰ ਮਜ਼ਬੂਤ ਕਰਨਾ ਹੈ।
ਪਰਮਜੀਤ ਸਿੰਘ ਜੌਹਲ ਨੇ ਵੀ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੀ ਪੀੜ੍ਹੀ ਨੂੰ ਸਿੱਖ ਪਛਾਣ ਅਤੇ ਅਨੁਸ਼ਾਸਨ ਦੀ ਪਾਲਣਾ ਕਰਨ ਦੀ ਲੋੜ ਹੈ। ਵਹੀਰ ਦੌਰਾਨ ਰਸਤੇ ਵਿੱਚ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ। ਪ੍ਰਬੰਧਕਾਂ ਨੇ ਸਮੂਹ ਸੰਗਤ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਵਹੀਰ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਆਪਣਾ ਸਹਿਯੋਗ ਦੇਣ।

LEAVE A REPLY

Please enter your comment!
Please enter your name here