ਬੇਅਦਬੀ ਨੂੰ ਲੈ ਕੇ ਸਰਕਾਰ ’ਤੇ ਵਰ੍ਹੇ ਬਲਵਿੰਦਰ ਕੌਰ/ ਬੇਅਦਬੀਆਂ ਖਿਲਾਫ਼ ਕਾਨੂੰਨ ਛੇਤੀ ਬਣਾਉਣ ਦੀ ਮੰਗ/ ਕਾਨੂੰਨ ਬਣਾਉਣ ਦੇਰੀ ਨੂੰ ਲੈ ਕੇ ਚੁੱਕੇ ਵੱਡੇ ਸਵਾਲ

0
1

ਬਾਬਾ ਬਕਾਲਾ ਦੇ ਪਿੰਡ ਸਠਿਆਲਾ ਵਿਖੇ ਸਥਿਤ ਗੁਰਦੁਆਰਾ ਧੇੜੇਆਣਾ ਸਾਹਿਬ ਅੰਦਰ ਵਾਪਰੀ ਬੇਅਦਬੀ ਦੀ ਘਟਨਾ ਦਾ ਮੁੱਦਾ ਲਗਾਤਾਰ ਗਰਮਾਇਆ ਹੋਇਆ ਹੈ। ਸਿੱਖ ਜਥੇਬੰਦੀਆਂ ਵੱਲੋਂ ਜਿੱਥੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ ਉੱਥੇ ਹੀ ਬੇਅਦਬੀ ਲਈ ਸਖਤ ਕਾਨੂੰਨ ਬਣਾਉਣ ਵਿਚ ਦੇਰੀ ਉਤੇ ਵੀ ਸਵਾਲ ਉੱਠਣ ਲੱਗੇ ਨੇ। ਇਸੇ ਨੂੰ ਲੈ ਕੇ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਮਾਂ ਬਲਵਿੰਦਰ ਕੌਰ ਨੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਸਠਿਆਲਾ ਘਟਨਾ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਕਿਹਾ ਕਿ ਬੇਅਦਬੀਆਂ ਖਿਲਾਫ ਸਖਤ ਕਾਨੂੰਨ ਬਣਾਉਣ ਦੀ ਮੰਗ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਹੈ ਪਰ ਸਰਕਾਰ ਇਸ ਪਾਸੇ ਧਿਆਨ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਸਖਤ ਕਾਨੂੰਨ ਬਣਾਇਆ ਹੁੰਦਾ ਤਾਂ ਸ਼ਾਇਦ ਸਠਿਆਲਾ ਦੇ ਗੁਰਦੁਆਰਾ ਸਾਹਿਬ ਵਿਖੇ ਵਾਪਰੀ ਘਟਨਾ ਨਾ ਵਾਪਰਦੀ।
ਉਨ੍ਹਾਂ ਕਿਹਾ ਕਿ ਬੇਅਦਬੀਆਂ ਕਰਨ ਵਾਲਿਆਂ ਦੇ ਦਿਲਾਂ ਅੰਦਰ ਸਖਤ ਕਾਨੂੰਨ ਦਾ ਡਰ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਸਮਾਣਾ ਵਿਖੇ ਟਾਵਰ ਉਤੇ ਲੰਮੇ ਸਮੇਂ ਤੋਂ ਧਰਨਾ ਚੱਲ ਰਿਹਾ ਹੈ ਪਰ ਸਰਕਾਰਾਂ ਦੇ ਸਿਰ ਉਤੇ ਜੂੰਅ ਨਹੀਂ ਸਰਕੀ। ਉਨ੍ਹਾਂ ਸਰਕਾਰ ਤੋਂ ਬੇਅਦਬੀ ਖਿਲਾਫ ਸਖਤ ਕਾਨੂੰਨ ਬਣਾਉਣ ਦੀ ਮੰਗ ਕੀਤੀ ਹੈ।
ਦੱਸਣਯੋਗ ਹੈ ਗਿ ਬਕਾਲਾ ਨੇੜਲੇ ਪਿੰਡ ਸਠਿਆਲਾ  ਦੇ ਗੁਰਦੁਆਰਾ ਧੇੜੇਆਣਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਹੋਣ ਦੀ ਘਟਨਾ ਨੂੰ ਲੈ ਕੇ ਸੰਗਤਾਂ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ।  ਇੱਥੇ ਅਣਪਛਾਤੇ ਵਿਅਕਤੀਆਂ ਨੇ ਗੁਰਦੁਆਰਾ ਸਾਹਿਬ ਅੰਦਰੋਂ ਪਾਵਨ ਸਰੂਪ ਦੇ ਅੰਗ ਕੱਢ ਕੇ ਗਲੀ ਵਿੱਚ ਖਿਲਾਰ ਦਿੱਤੇ। ਖਬਰਾਂ ਮੁਤਾਬਕ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਦੋਸ਼ੀਆਂ ਨੇ ਗੁਰਦੁਆਰੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀਆਂ ਤਾਰਾਂ ਕੱਟ ਦਿੱਤੀਆਂ ਤਾਂ ਜੋ ਉਹਨਾਂ ਦੀ ਪਛਾਣ ਨਾ ਹੋ ਸਕੇ। ਲੋਕਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਅਜਿਹੀਆਂ ਵਾਰਦਾਤਾਂ ਵਿੱਚ ਸ਼ਾਮਲ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਬੇਅਦਬੀ ਕਰਨ ਵਾਲਿਆਂ ਲਈ ਕੜੀ ਸਜ਼ਾ ਦਾ ਕਾਨੂੰਨੀ ਪ੍ਰਬੰਧ ਕੀਤਾ ਜਾਵੇ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।

LEAVE A REPLY

Please enter your comment!
Please enter your name here