ਪੰਜਾਬ ਅੰਮ੍ਰਿਤਸਰ ’ਚ ਵਿਧਾਇਕ ਧਾਲੀਵਾਲ ਦੀ ਪ੍ਰੈੱਸ ਕਾਨਫਰੰਸ/ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪਿੱਛੇ ਤਿੱਖੇ ਸਵਾਲ/ RDF, GST ਤੇ ਹੜ੍ਹ ਮੁਆਵਜ਼ੇ ਦੇ ਫੰਡ ਜਾਰੀ ਕਰਨ ਦੀ ਮੰਗ By admin - March 14, 2026 0 1 Facebook Twitter Pinterest WhatsApp ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਸਾਬਕਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਪੰਜਾਬ ਦੇ ਰੋਕੇ ਫੰਡ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਹੈ। ਅੰਮ੍ਰਿਤਸਰ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਕੇਂਦਰੀ ਮੰਤਰੀ ਅੱਜ ਮੋਗਾ ਵਿਖੇ ਰੈਲੀ ਕਰਨ ਆ ਰਹੇ ਹਨ, ਇਸ ਲਈ ਅਸੀਂ ਉਨ੍ਹਾਂ ਤੋਂ ਪੰਜਾਬ ਨਾਲ ਧੱਕਾ ਬੰਦ ਕਰ ਕੇ ਪੰਜਾਬ ਦੇ ਰੋਕੇ ਫੰਡ ਤੁਰੰਤ ਜਾਰੀ ਕਰਨ ਦੀ ਮੰਗ ਕਰਦੇ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਹੜ੍ਹਾਂ ਨਾਲ ਵੱਡੀ ਤਬਾਹੀ ਹੋਈ ਸੀ ਪਰ ਕੇਂਦਰ ਸਰਕਾਰ ਨੇ ਕੋਈ ਸਹਾਇਤਾ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਆਪਣੀ ਫੇਰੀ ਦੌਰਾਨ 1600 ਕਰੋੜ ਟੋਕਨ ਮਨੀ ਦੇਣ ਦਾ ਐਲਾਨ ਕੀਤਾ ਸੀ ਪਰ ਅਜੇ ਤਕ 16 ਰੁਪਏ ਵੀ ਹਾਸਿਲ ਨਹੀਂ ਹੋਏ। ਉਨ੍ਹਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਪੰਜਾਬ ਦੇ ਸਾਰੇ ਬਕਾਏ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਅਮਿਤ ਸ਼ਾਹ ਪੰਜਾਬ ਦੀ ਧਰਤੀ ‘ਤੇ ਆ ਰਹੇ ਹਨ ਤਾਂ ਉਹ ਪੰਜਾਬ ਦੇ ਹੱਕਾਂ ਦੇ ਰੋਕੇ ਹੋਏ ਫੰਡ ਵੀ ਨਾਲ ਲੈ ਕੇ ਆਉਣ। ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਦੀ ਵਿਕਾਸ ਯੋਜਨਾਵਾਂ ਲਈ ਮਿਲਣ ਵਾਲਾ RDF ਫੰਡ ਕੇਂਦਰ ਸਰਕਾਰ ਵੱਲੋਂ ਕਈ ਸਾਲਾਂ ਤੋਂ ਰੋਕਿਆ ਹੋਇਆ ਹੈ, ਜਿਸ ਨਾਲ ਪੰਜਾਬ ਦੇ ਪਿੰਡਾਂ ਦੇ ਵਿਕਾਸ ‘ਤੇ ਵੱਡਾ ਅਸਰ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਤੁਰੰਤ ਇਹ ਫੰਡ ਜਾਰੀ ਕਰੇ। ਉਨ੍ਹਾਂ ਦੱਸਿਆ ਕਿ GST ਲਾਗੂ ਹੋਣ ਤੋਂ ਬਾਅਦ ਕਈ ਸੂਬਿਆਂ ਵਾਂਗ ਪੰਜਾਬ ਨੂੰ ਵੀ ਆਰਥਿਕ ਨੁਕਸਾਨ ਹੋਇਆ ਹੈ। ਇਸ ਲਈ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ GST ਦੇ ਕਾਰਨ ਹੋਏ ਘਾਟੇ ਦੀ ਭਰਪਾਈ ਲਈ ਪੰਜਾਬ ਦੇ ਰੁਕੇ ਹੋਏ ਪੈਸੇ ਜਾਰੀ ਕਰੇ। ਧਾਲੀਵਾਲ ਨੇ ਪਿਛਲੇ ਸਾਲ ਆਏ ਹੜ੍ਹਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਹੜ੍ਹਾਂ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਫਸਲਾਂ, ਘਰਾਂ ਅਤੇ ਕਾਰੋਬਾਰਾਂ ਨੂੰ ਭਾਰੀ ਨੁਕਸਾਨ ਹੋਇਆ ਸੀ। ਉਸ ਸਮੇਂ ਕੇਂਦਰ ਸਰਕਾਰ ਵੱਲੋਂ 1600 ਕਰੋੜ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਸੀ ਪਰ ਅਜੇ ਤੱਕ ਉਹ ਰਕਮ ਪੰਜਾਬ ਨੂੰ ਨਹੀਂ ਮਿਲੀ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਇਹ ਪੈਸਾ ਤੁਰੰਤ ਜਾਰੀ ਕੀਤਾ ਜਾਵੇ। ਇਸ ਤੋਂ ਇਲਾਵਾ ਧਾਲੀਵਾਲ ਨੇ ਕਿਸਾਨ ਮਸਲੇ ‘ਤੇ ਵੀ ਕੇਂਦਰ ਸਰਕਾਰ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਕਿਹਾ ਕਿ ਪਹਿਲਾਂ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਨੂੰ ਲੰਬਾ ਸੰਘਰਸ਼ ਕਰਨਾ ਪਿਆ ਅਤੇ ਹੁਣ ਅਮਰੀਕਾ ਨਾਲ ਹੋ ਰਹੀਆਂ ਵਪਾਰਕ ਡੀਲਾਂ ਨਾਲ ਵੀ ਦੇਸ਼ ਦੀ ਖੇਤੀਬਾੜੀ ਨੂੰ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇ ਕੋਈ ਵੀ ਡੀਲ ਦੇਸ਼ ਦੇ ਕਿਸਾਨਾਂ ਦੇ ਖਿਲਾਫ ਹੋਵੇਗੀ ਤਾਂ ਪੰਜਾਬ ਦਾ ਕਿਸਾਨ ਇਸਦਾ ਵਿਰੋਧ ਕਰੇਗਾ। ਸਰਹੱਦੀ ਸੁਰੱਖਿਆ ਅਤੇ ਨਸ਼ਿਆਂ ਦੇ ਮਸਲੇ ‘ਤੇ ਬੋਲਦੇ ਹੋਏ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੀ ਪਾਕਿਸਤਾਨ ਨਾਲ ਲੱਗਦੀ ਲਗਭਗ 532 ਕਿਲੋਮੀਟਰ ਲੰਬੀ ਸਰਹੱਦ ‘ਤੇ ਡਰੋਨਾਂ ਰਾਹੀਂ ਨਸ਼ਾ ਅਤੇ ਹਥਿਆਰ ਭੇਜੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਪੱਧਰ ‘ਤੇ ਐਂਟੀ-ਡਰੋਨ ਸਿਸਟਮ ਲਗਾਇਆ ਗਿਆ ਹੈ ਪਰ ਕੇਂਦਰ ਸਰਕਾਰ ਵੱਲੋਂ ਲੋੜੀਂਦਾ ਸਹਿਯੋਗ ਨਹੀਂ ਮਿਲ ਰਿਹਾ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਸਰਹੱਦ ‘ਤੇ ਮਜ਼ਬੂਤ ਐਂਟੀ-ਡਰੋਨ ਅਤੇ ਸੁਰੱਖਿਆ ਪ੍ਰਣਾਲੀ ਲਗਾ ਕੇ ਪੰਜਾਬ ਸਰਕਾਰ ਦੀ ਮਦਦ ਕਰੇ ਤਾਂ ਜੋ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਿਆ ਜਾ ਸਕੇ। ਧਾਲੀਵਾਲ ਨੇ ਉਦਯੋਗਿਕ ਨੀਤੀਆਂ ਦਾ ਮਸਲਾ ਵੀ ਚੁੱਕਿਆ। ਉਨ੍ਹਾਂ ਕਿਹਾ ਕਿ ਜਿਹੜੀਆਂ ਉਦਯੋਗਿਕ ਸਹੂਲਤਾਂ ਅਤੇ ਸਬਸਿਡੀਆਂ ਕੇਂਦਰ ਸਰਕਾਰ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਨੂੰ ਦੇ ਰਹੀ ਹੈ, ਉਹ ਪੰਜਾਬ ਨੂੰ ਵੀ ਮਿਲਣੀਆਂ ਚਾਹੀਦੀਆਂ ਹਨ ਤਾਂ ਜੋ ਸੂਬੇ ਵਿੱਚ ਉਦਯੋਗ ਨੂੰ ਵਧਾਵਾ ਮਿਲ ਸਕੇ। ਇਸ ਮੌਕੇ ਉਨ੍ਹਾਂ ਵਿਰੋਧੀ ਪਾਰਟੀਆਂ ‘ਤੇ ਵੀ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕੁਝ ਪਾਰਟੀਆਂ ਵੱਡੀਆਂ ਰੈਲੀਆਂ ਕਰਕੇ ਲੋਕਾਂ ਨੂੰ ਭਰਮਿਤ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਜਦਕਿ ਪੰਜਾਬ ਦੇ ਲੋਕ ਪਹਿਲਾਂ ਹੀ ਉਨ੍ਹਾਂ ਦੀਆਂ ਸਰਕਾਰਾਂ ਦੇ ਦੌਰ ਦੇ ਨਤੀਜੇ ਦੇਖ ਚੁੱਕੇ ਹਨ।