ਧੂਰੀ ’ਚ ਟਰੇਡਰਜ਼ ਕਮਿਸ਼ਨ ਦੀ ਵਿਸ਼ੇਸ਼ ਮੀਟਿੰਗ/ ਵਪਾਰੀਆਂ ਦੀਆਂ ਸਮੱਸਿਆਵਾਂ ਬਾਰੇ ਵਿਚਾਰ-ਚਰਚਾ

0
2

 

ਧੂਰੀ ਵਿਖੇ ਹਲਕੇ ਦੇ ਵਪਾਰੀਆਂ ਦੀਆਂ ਦਰਪੇਸ਼ ਸਮੱਸਿਆਵਾਂ ਦਾ ਹੱਲ ਯਕੀਨੀ ਬਣਾਉਣ ਲਈ ਟਰੇਡਰਜ਼ ਕਮਿਸ਼ਨ ਦੀ ਵਿਸ਼ੇਸ਼ ਮੀਟਿੰਗ ਹੋਈ। ਪੰਜਾਬ ਟਰੇਡਰਜ਼ ਕਮਿਸ਼ਨ ਧੂਰੀ ਦੇ ਚੇਅਰਮੈਨ ਪੁਸ਼ਪਿੰਦਰ ਸ਼ਰਮਾ ਦੀ ਅਗਵਾਈ ਹੇਠ ਹੋਈ ਮੀਟਿੰਗ ਵਿਚ ਐਸ.ਡੀ.ਐਮ.  ਡਾ. ਇਸਮਿਤ ਵਿਜੈ ਸਿੰਘ ਤੋਂ ਇਲਾਵਾ ਵਪਾਰੀ ਭਾਈਚਾਰੇ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਪੁਸ਼ਪਿੰਦਰ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਧਾਨ ਸਭਾ ਹਲਕੇ ਪੱਧਰ ‘ਤੇ ਟਰੇਡਰਜ਼ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਸੁਣਨਾ ਅਤੇ ਉਨ੍ਹਾਂ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਕਰਨਾ ਹੈ, ਤਾਂ ਜੋ ਵਪਾਰਕ ਗਤੀਵਿਧੀਆਂ ਨੂੰ ਹੋਰ ਸੁਚਾਰੂ ਬਣਾਇਆ ਜਾ ਸਕੇ।
ਚੇਅਰਮੈਨ ਨੇ ਅੱਗੇ ਕਿਹਾ ਕਿ ਵਪਾਰੀਆਂ ਵੱਲੋਂ ਉਠਾਈਆਂ ਜਾਣ ਵਾਲੀ ਹਰ ਸਮੱਸਿਆ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਅਤੇ ਸੰਬੰਧਿਤ ਵਿਭਾਗਾਂ ਦੇ ਸਹਿਯੋਗ ਨਾਲ ਉਨ੍ਹਾਂ ਦਾ ਜਲਦੀ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਵਪਾਰੀ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਟਰੇਡਰਜ਼ ਕਮਿਸ਼ਨ ਨਾਲ ਸਿੱਧਾ ਰਾਬਤਾ ਕਰਨ, ਤਾਂ ਜੋ ਉਨ੍ਹਾਂ ਦੀਆਂ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ।
ਇਸ ਦੌਰਾਨ ਐਸ.ਡੀ.ਐਮ. ਧੂਰੀ ਡਾ. ਇਸਮਿਤ ਵਿਜੈ ਸਿੰਘ ਨੇ ਭਰੋਸਾ ਦਿਵਾਇਆ ਕਿ ਪ੍ਰਸ਼ਾਸਨ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਮਿਸ਼ਨ ਨਾਲ ਮਿਲ ਕੇ ਕੰਮ ਕਰਦਿਆਂ ਹਰ ਇਕ ਮੁੱਦੇ ਦਾ ਹੱਲ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ। ਬੈਠਕ ਦੌਰਾਨ ਵਪਾਰੀਆਂ ਵੱਲੋਂ ਵੱਖ-ਵੱਖ ਮੁੱਦੇ ਉਠਾਏ ਗਏ, ਜਿਨ੍ਹਾਂ ਵਿੱਚ ਸੁਰੱਖਿਆ, ਟੈਕਸ ਸਬੰਧੀ ਮਸਲੇ, ਲਾਇਸੈਂਸਿੰਗ ਅਤੇ ਹੋਰ ਪ੍ਰਸ਼ਾਸਨਿਕ ਦਿੱਕਤਾਂ ਸ਼ਾਮਲ ਸਨ। ਅਧਿਕਾਰੀਆਂ ਵੱਲੋਂ ਇਨ੍ਹਾਂ ਮਸਲਿਆਂ ਨੂੰ ਧਿਆਨ ਨਾਲ ਸੁਣਿਆ ਗਿਆ ਅਤੇ ਸੰਬੰਧਿਤ ਵਿਭਾਗਾਂ ਨੂੰ ਤੁਰੰਤ ਕਾਰਵਾਈ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਇਸ ਮੌਕੇ ਵਪਾਰੀਆਂ ਵੱਲੋਂ ਫਾਰਮ ਭਰਕੇ ਆਪਣੇ ਮਸਲੇ ਲਿਖਤੀ ਰੂਪ ਵਿੱਚ ਪੰਜਾਬ ਸਰਕਾਰ ਕੋਲ ਪੁੱਜਦੇ ਕੀਤੇ।

LEAVE A REPLY

Please enter your comment!
Please enter your name here