ਚੰਡੀਗੜ੍ਹ ਵਿਖੇ ਮੁੱਖ ਮੰਤਰੀ ਮਾਨ ਦੀ ਪ੍ਰੈੱਸ ਕਾਨਫਰੰਸ/ ਅਮਨ ਕਾਨੂੰਨ ਤੇ ਨਸ਼ਿਆਂ ਖਿਲਾਫ਼ ਕੀਤੇ ਕੰਮਾਂ ਦਾ ਗੁਣਗਾਣ/ ਅੰਕੜਿਆਂ ਸਹਿਤ ਸਾਂਝਾ ਕੀਤਾ 4 ਸਾਲਾਂ ਦੇ ਕੰਮਾਂ ਦਾ ਬਿਊਰਾ

0
3

ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕਰ ਕੇ ਪੰਜਾਬ ਸਰਕਾਰ ਵੱਲੋਂ ਅਮਨ ਕਾਨੂੰਨ ਤੇ ਨਸ਼ਿਆਂ ਦੇ ਖਾਤਮੇ ਲਈ ਸਰਕਾਰ ਦੇ 4 ਸਾਲਾਂ ਦੌਰਾਨ ਕੀਤੇ ਕੰਮਾਂ ਦਾ ਬਿਊਰਾ ਸਾਂਝਾ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਰਕਾਰ ਪਹਿਲੇ ਦਿਨ ਤੋਂ ਅਮਨ ਕਾਨੂੰਨ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਤੇ ਨਸ਼ੇ ਨਾਲ ਜੁੜੇ ਲੋਕਾਂ ਖਿਲਾਫ ਕਾਰਵਾਈ ਵਿਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵਿਚ ਲੱਗੀ ਹੋਈ ਹੈ ਅਤੇ ਜੋ ਵੀ ਇਸ ਰੰਗ ਨੂੰ ਫਿੱਕਾ ਕਰਨ ਦੀ ਕੋਸ਼ਿਸ਼ ਕਰੇਗਾ, ਉਸ ਖਿਲਾਫ ਸਰਕਾਰ ਸਖਤ ਕਾਰਵਾਈ ਅਮਲ ਵਿਚ ਲਿਆ ਰਹੀ ਹੈ।
ਸੂਬੇ ਦੀ ਕਾਨੂੰਨ ਵਿਵਸਥਾ, ਨਸ਼ਾ ਤਸਕਰੀ ਵਿਰੁੱਧ ਕਾਰਵਾਈ ਅਤੇ ਉਦਯੋਗਿਕ ਵਿਕਾਸ ਵਰਗੇ ਕਈ ਭਖਦੇ ਮੁੱਦਿਆਂ ‘ਤੇ ਖੁੱਲ੍ਹ ਕੇ ਚਰਚਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾਂ ਹੁਣ ਦੂਜੇ ਰਾਜਾਂ ਦੇ ਮੁਕਾਬਲੇ ਪੰਜਾਬ ਕਿਤੇ ਵੱਧ ਸੁਰੱਖਿਅਤ ਅਤੇ ਸ਼ਾਂਤ ਸੂਬਾ ਬਣ ਚੁੱਕਾ ਹੈ। ਸਰਹੱਦ ਪਾਰੋਂ ਹੋ ਰਹੀ ਤਸਕਰੀ ਅਤੇ ਗੈਂਗਸਟਰਾਂ ਵਿਰੁੱਧ ਵਿੱਢੀ ਮੁਹਿੰਮ ਦੀ ਸਫ਼ਲਤਾ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਹੁਣ ਤੱਕ ਸਰਹੱਦੀ ਖੇਤਰਾਂ ਵਿੱਚੋਂ 806 ਡਰੋਨ ਬਰਾਮਦ ਕੀਤੇ ਹਨ। ਉਨ੍ਹਾਂ ਸਖ਼ਤ ਲਹਿਜੇ ਵਿੱਚ ਕਿਹਾ ਕਿ ਨਸ਼ਾ ਅਤੇ ਹਥਿਆਰ ਤਸਕਰਾਂ ਵਿਰੁੱਧ ਹੁਣ ‘ਬੁਲਡੋਜ਼ਰ ਐਕਸ਼ਨ’ ਚਲਾਇਆ ਜਾ ਰਿਹਾ ਹੈ। ਤਸਕਰਾਂ ਦੇ ਘਰਾਂ ‘ਤੇ ਹੋ ਰਹੀ ਕਾਰਵਾਈ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਪੁਲਿਸ ਆਪਣੀ ਡਿਊਟੀ ਪੂਰੀ ਮੁਸਤੈਦੀ ਨਾਲ ਕਰ ਰਹੀ ਹੈ ਅਤੇ ਅਪਰਾਧੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦਾ ਜ਼ਮਾਨਾ ਆਰਟੀਫੀਸ਼ੀਅਲ ਇੰਟੈਲੀਜੈਂਸ ਦਾ ਹੈ, ਇਸ ਲਈ ਪੁਲਿਸ ਨੂੰ ਆਧੁਨਿਕ ਬਣਾਉਣਾ ਜ਼ਰੂਰੀ ਹੈ। ਸਰਕਾਰ ਨੇ 450 ਪੁਲਿਸ ਥਾਣਿਆਂ ਦੇ ਸਾਰੇ ਐਸ.ਐਚ.ਓਜ਼ ਨੂੰ ਨਵੀਆਂ ਗੱਡੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ, “ਪਹਿਲਾਂ ਸਿਰਫ਼ ਵੱਡੇ ਅਫ਼ਸਰਾਂ ਨੂੰ ਨਵੀਆਂ ਗੱਡੀਆਂ ਮਿਲਦੀਆਂ ਸਨ, ਪਰ ਅਸੀਂ ਹੇਠਲੇ ਪੱਧਰ ਤੋਂ ਕੰਮ ਸ਼ੁਰੂ ਕੀਤਾ ਹੈ ਤਾਂ ਜੋ ਜ਼ਮੀਨੀ ਪੱਧਰ ‘ਤੇ ਕੰਮ ਕਰ ਰਹੇ ਮੁਲਾਜ਼ਮਾਂ ਦਾ ਮਨੋਬਲ ਵਧੇ।” ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਅਜਿਹਾ ਪਹਿਲਾਂ ਸੂਬੇ ਹੈ, ਜਿਸ ਕੋਲ ਆਪਣੀ ਸੜਕ ਸੁਰੱਖਿਆ ਫੋਰਸ ਹੈ। ਉਨ੍ਹਾਂ ਕਿਹਾ ਕਿ ਐਸਐਸਐਫ ਦੀ ਸਥਾਪਨਾ ਤੋਂ ਬਾਅਦ ਪੰਜਾਬ ਅੰਦਰ ਸੜਕ ਹਾਦਸਿਆਂ ਨਾਲ ਹੋਣ ਵਾਲੀਆਂ ਮੌਤਾਂ ਵਿਚ ਭਾਰੀ ਕਮੀ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਸੂਬਾ ਹੋਣ ਕਾਰਨ ਪੰਜਾਬ ਪੁਲਿਸ ਦੇਸ਼ ਦੀ ਰੱਖਿਆ ਵਿਚ ਅਹਿਮ ਯੋਗਦਾਨ ਪਾ ਰਹੀ ਹੈ, ਜਿਸ ਦੇ ਚਲਦਿਆਂ ਪੁਲਿਸ ਨੂੰ ਆਧੁਨਿਕ ਹਥਿਆਰਾਂ ਤੇ ਸਾਜੋ ਸਾਮਾਨ ਨਾਲ ਲੈਸ ਕੀਤਾ ਜਾ ਰਿਹਾ ਹੈ।

LEAVE A REPLY

Please enter your comment!
Please enter your name here