ਬਾਘਾਪੁਰਾਣਾ ਅਦਾਲਤ ’ਚ ਕਤਲ ਮਾਮਲੇ ਦੇ ਮੁਲਜ਼ਮਾਂ ਦੀ ਪੇਸ਼ੀ/ 14 ਦਿਨਾਂ ਦੀ ਨਿਆਇਕ ਹਿਰਾਸਤ ’ਚ ਭੇਜੇ ਮੁਲਜ਼ਮ/ ਹੈਪੀ ਸਰਪੰਚ ਕਤਲ ਮਾਮਲੇ ’ਚ ਹੋਈ ਸੀ ਗ੍ਰਿਫਤਾਰੀ

0
1

ਮੋਗਾ ਦੇ ਪਿੰਡ ਹੀਰਾ ਪੱਤੋ ਸਿੰਘ ਦੇ ਸਰਪੰਚ ਹਰਵਿੰਦਰ ਸਿੰਘ ਉਰਫ਼ ਹੈਪੀ ਸਰਪੰਚ ਦੇ ਕਤਲ ਮਾਮਲੇ ਵਿੱਚ ਨਵਾਂ ਅਪਡੇਟ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਆਰੋਪੀਆਂ ਨੂੰ ਅੱਜ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਮਾਣਯੋਗ ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਪੁਲਿਸ ਨੇ ਦੋਸ਼ੀਆਂ ਨੂੰ ਲੱਦਾਖ ਤੋਂ ਕਾਬੂ ਕਰ ਕੇ 5 ਦਿਨਾਂ ਦਾ ਰਿਮਾਂਡ ਹਾਸਲ ਕੀਤਾ ਸੀ ਅਤੇ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਅਦਾਲਤ ਵਿਚ ਮੁੜ ਪੇਸ਼ ਕੀਤਾ, ਜਿੱਥੋਂ ਸਾਰਿਆਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਭੇਜਿਆ ਗਿਆ ਹੈ।
ਦੱਸਣਯੋਗ ਹੈ ਕਿ 6 ਮਾਰਚ ਨੂੰ ਪਿੰਡ ਹੀਰਾ ਪੱਤੋ ਸਿੰਘ ਵਿੱਚ ਹਰਵਿੰਦਰ ਸਿੰਘ ਹੈਪੀ ਸਰਪੰਚ ਨੂੰ ਉਸਦੇ ਜਿਮ ਦੇ ਬਾਹਰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਥਾਣਾ ਬਾਘਾਪੁਰਾਣਾ ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਮਨਪ੍ਰੀਤ ਸਿੰਘ ਉਰਫ਼ ਬਬਲੂ, ਜਸ਼ਨਪ੍ਰੀਤ ਸਿੰਘ ਉਰਫ਼ ਜੱਸੂ, ਜਸਵੰਤ ਸਿੰਘ ਅਤੇ ਜਸਕਰਨ ਸਿੰਘ ਸਮੇਤ 6–7 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ।
ਜਾਂਚ ਦੌਰਾਨ ਪੁਲਿਸ ਨੇ ਮਨਪ੍ਰੀਤ ਸਿੰਘ (ਬਬਲੂ), ਜਸ਼ਨਪ੍ਰੀਤ ਸਿੰਘ (ਜੱਸੂ), ਯੋਗੇਸ਼ ਸ਼ਰਮਾ ਉਰਫ਼ ਬਾਹਮਣ ਅਤੇ ਹਰਮੰਦਰ ਸਿੰਘ ਉਰਫ਼ ਹੁੰਦਾ ਨੂੰ ਲੱਦਾਖ ਤੋਂ ਗ੍ਰਿਫਤਾਰ ਕਰਕੇ ਮੋਗਾ ਲਿਆਂਦਾ ਸੀ। ਪੁਲਿਸ ਵੱਲੋਂ ਉਨ੍ਹਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੰਜ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਸੀ। ਪੰਜ ਦਿਨਾਂ ਦਾ ਰਿਮਾਂਡ ਮੁਕੰਮਲ ਹੋਣ ਤੋਂ ਬਾਅਦ ਅੱਜ ਮੁੜ ਆਰੋਪੀਆਂ ਨੂੰ ਬਾਘਾਪੁਰਾਣਾ ਦੀ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਜਾਰੀ ਕੀਤੇ।
ਇਸ ਸਬੰਧੀ ਥਾਣਾ ਬਾਘਾਪੁਰਾਣਾ ਦੇ ਐਸ.ਐਚ.ਓ. ਜਤਿੰਦਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਮਾਮਲੇ ਵਿੱਚ ਚਾਰ ਆਰੋਪੀਆਂ ਨੂੰ ਨਾਮਜ਼ਦ ਅਤੇ 6 ਤੋਂ 7 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਅੱਜ ਪੰਜ ਜਣਿਆਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ ਅਤੇ ਅਦਾਲਤ ਵੱਲੋਂ ਉਨ੍ਹਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮਾਮਲੇ ਵਿੱਚ ਇੱਕ ਹੋਰ ਆਰੋਪੀ ਦੀ ਪਹਿਚਾਣ ਹੋ ਚੁੱਕੀ ਹੈ ਅਤੇ ਉਸਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।

LEAVE A REPLY

Please enter your comment!
Please enter your name here