ਪੰਜਾਬ ਡੀਐਮ ਗਗਨਦੀਪ ਸਿੰਘ ਦੇ ਘਰ ਪਹੁੰਚੇ ਤਰਸੇਮ ਸਿੰਘ/ ਪਰਿਵਾਰ ਨੂੰ ਮਿਲ ਕੇ ਸਾਂਝਾ ਕੀਤਾ ਦੁੱਖ/ ਦੋਸ਼ੀਆਂ ਖਿਲਾਫ ਸੀਬੀਆਈ ਜਾਂਚ ਕੀਤੀ ਕੀਤੀ ਮੰਗ By admin - March 23, 2026 0 1 Facebook Twitter Pinterest WhatsApp ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅੱਜ ਡੀਐਮ ਗਗਨਦੀਪ ਸਿੰਘ ਰੰਧਾਵਾ ਦੇ ਘਰ ਪਹੁੰਚੇ ਜਿੱਥੇ ਉਨ੍ਹਾਂ ਨੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਘਟਨਾ ਨੂੰ ਅਤੀ ਦੁਖਦਾਈ ਦਸਦਿਆਂ ਕਿਹਾ ਕਿ ਪੰਜਾਬ ਅੰਦਰ ਅਜਿਹੀਆਂ ਘਟਨਾਵਾਂ ਦਾ ਵਾਪਰਨਾ ਬਹੁਤ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਇਹ ਕੇਵਲ ਇਕ ਪਰਿਵਾਰ ਦਾ ਨੁਕਸਾਨ ਨਹੀਂ ਹੈ ਸਗੋਂ ਸਮੁੱਚੇ ਸਮਾਜ ਤੇ ਮਨੁੱਖਤਾ ਲਈ ਵੱਡਾ ਝਟਕਾ ਹੈ। ਉਨ੍ਹਾਂ ਸਰਕਾਰ ਤੋਂ ਇਸ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਸਿਰਫ ਪੰਜਾਬ ਹੀ ਨਹੀਂ, ਸਾਰੀ ਦੁਨੀਆ ਵਿੱਚ ਵੱਸਦੇ ਇਨਸਾਫ ਪਸੰਦ ਲੋਕ ਇਕੱਠੇ ਹੋ ਕੇ ਆਵਾਜ਼ ਉਠਾਉਣ, ਤਾਂ ਜੋ ਪੀੜਤ ਪਰਿਵਾਰ ਨੂੰ ਨਿਆਂ ਮਿਲ ਸਕੇ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕੇਂਦਰੀ ਏਜੰਸੀ CBI ਤੋਂ ਕਰਵਾਈ ਜਾਵੇ, ਤਾਂ ਜੋ ਸੱਚ ਸਾਹਮਣੇ ਆ ਸਕੇ। ਨਾਲ ਹੀ ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਗਗਨਦੀਪ ਸਿੰਘ ਨੂੰ ਆਤਮਹੱਤਿਆ ਲਈ ਮਜਬੂਰ ਕੀਤਾ, ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਤਰਸੇਮ ਸਿੰਘ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਦੇ ਦਾਅਵੇ ਕਰਦੀ ਹੈ, ਜਦਕਿ ਦੂਜੇ ਪਾਸੇ ਇਹ ਵੀ ਇਲਜ਼ਾਮ ਲੱਗ ਰਹੇ ਹਨ ਕਿ ਕੁਝ ਪ੍ਰਭਾਵਸ਼ਾਲੀ ਲੋਕ ਹੀ ਧਮਕੀਆਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਜੇ ਅਧਿਕਾਰੀ ਅਤੇ ਆਮ ਲੋਕ ਹੀ ਸੁਰੱਖਿਅਤ ਨਹੀਂ ਹਨ, ਤਾਂ ਇਹ ਬਹੁਤ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਰਾਜ ਵਿੱਚ ਗੈਂਗਸਟਰਵਾਦ ਨੂੰ ਖਤਮ ਕਰਨ ਦੀ ਬਜਾਏ ਕਿਤੇ ਨਾ ਕਿਤੇ ਉਸਨੂੰ ਵਧਾਵਾ ਮਿਲ ਰਿਹਾ ਹੈ। ਇਸ ਲਈ ਇਸ ਪੂਰੇ ਨੈੱਟਵਰਕ ਦੀ ਗਹਿਰਾਈ ਨਾਲ ਜਾਂਚ ਹੋਣੀ ਚਾਹੀਦੀ ਹੈ, ਤਾਂ ਜੋ ਅਸਲੀ ਸੱਚ ਸਾਹਮਣੇ ਆ ਸਕੇ। ਅਖੀਰ ਵਿੱਚ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪਾਰਟੀਬਾਜ਼ੀ, ਜਾਤ-ਪਾਤ ਅਤੇ ਧਰਮ ਤੋਂ ਉੱਪਰ ਉੱਠ ਕੇ ਇਸ ਪਰਿਵਾਰ ਦਾ ਸਾਥ ਦੇਣ ਅਤੇ ਇਨਸਾਫ ਦੀ ਲੜਾਈ ਵਿੱਚ ਇਕੱਠੇ ਹੋਣ। ਉਨ੍ਹਾਂ ਕਿਹਾ ਕਿ ਭਾਵੇਂ ਪਰਿਵਾਰ ਦਾ ਨੁਕਸਾਨ ਕਦੇ ਪੂਰਾ ਨਹੀਂ ਹੋ ਸਕਦਾ, ਪਰ ਦੋਸ਼ੀਆਂ ਨੂੰ ਸਜ਼ਾ ਮਿਲਣ ਨਾਲ ਉਨ੍ਹਾਂ ਨੂੰ ਕੁਝ ਹੱਦ ਤੱਕ ਰਾਹਤ ਜ਼ਰੂਰ ਮਿਲੇਗੀ।