ਗਗਨਦੀਪ ਖੁਦਕੁਸ਼ੀ ਮਾਮਲੇ ’ਚ ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ/ ਜਾਂਚ ਸੀਬੀਆਈ ਹਵਾਲੇ ਕਰਨ ਤੋਂ ਨਾਂਹ/ ਕਿਹਾ, ਨਿਰਪੱਖ ਜਾਂਚ ਸਮਰੱਥ ਹੈ ਪੰਜਾਬ ਪੁਲਿਸ

0
7

ਮ੍ਰਿਤਕ ਡੀਐਮ ਗਗਨਦੀਪ ਸਿੰਘ ਰੰਧਾਵਾ ਦਾ ਪੋਸਟਮਾਰਟਮ ਹੋਣ ਦੌਰਾਨ ਪੰਜਾਬ ਦੀ ਸਿਆਸਤ ਵਿੱਚ ਇਹ ਮਾਮਲਾ ਹੋਰ ਗਰਮਾ ਗਿਆ ਹੈ। ਮੁੱਖ ਮੰਤਰੀ ਮਾਨ ਨੇ ਸਪਸ਼ਟ ਕੀਤਾ ਹੈ ਕਿ ਇਸ ਕੇਸ ਦੀ ਸੀਬੀਆਈ ਜਾਂਚ ਨਹੀਂ ਕਰਵਾਈ ਜਾਵੇਗੀ, ਕਿਉਂਕਿ ਪੰਜਾਬ ਪੁਲਿਸ ਇਸ ਮਾਮਲੇ ਦੀ ਜਾਂਚ ਕਰਨ ਲਈ ਪੂਰੀ ਤਰ੍ਹਾਂ ਸਮਰੱਥ ਹੈ। ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜਿਹੜੇ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕਰ ਰਹੇ ਹਨ, ਉਨ੍ਹਾਂ ਨੂੰ ਪਿਛਲੀਆਂ ਸਰਕਾਰਾਂ ਵੇਲੇ ਇਸ ਤੋਂ ਗੰਭੀਰ ਮਾਮਲਿਆਂ ਵੱਲ ਵੀ ਨਿਘਾ ਮਾਰ ਲੈਣੀ ਚਾਹੀਦੀ ਹੈ।
ਮੁੱਖ ਮੰਤਰੀ ਮਾਨ ਨੇ ਅੱਗੇ ਕਿਹਾ ਕਿ ਅਸੀਂ ਕਿਸੇ ਮੰਤਰੀ ਸੰਤਰੀ ਦੀ ਪਰਵਾਹ ਨਹੀਂ ਕਰਦੇ। ਸਾਡੇ ਲਈ ਸਾਰੇ ਮੰਤਰੀ ਸੰਤਰੀ ਇਕੋ ਜਿਹੇ ਹਨ ਤੇ ਜੋ ਵੀ ਦੋਸ਼ੀ ਪਾਇਆ ਗਿਆ, ਉਸ ਵਿਰੁੱਧ ਕਾਰਵਾਈ ਜ਼ਰੂਰ ਹੋਵੇਗੀ। ਮੰਤਰੀ ਦਾ ਅਸਤੀਫ਼ਾ ਹੋ ਗਿਆ, ਗ੍ਰਿਫ਼ਤਾਰੀ ਹੋ ਗਈ ਤੇ ਹੁਣ ਅਗਲੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਅਸੀਂ ਗਗਨਦੀਪ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਹਾਂ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਆਪਣੇ ਮੰਤਰੀਆਂ ਖ਼ਿਲਾਫ਼ ਕਾਰਵਾਈ ਨਹੀਂ ਕਰਦੀਆਂ ਸਨ ਪਰ ਅਸੀਂ ਉਨ੍ਹਾਂ ਵਰਗੇ ਨਹੀਂ ਹਾਂ। ਉਨ੍ਹਾਂ ਕਿਹਾ ਕਿ ਅਸੀਂ ਗਗਦੀਪ ਦੇ ਪਰਿਵਾਰ ਦੇ ਨਾਲ ਹਮੇਸ਼ਾ ਖੜ੍ਹੇ ਹਾਂ। ਉਨ੍ਹਾਂ ਵਿਰੋਧੀ ਧਿਰ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਨ੍ਹਾਂ ਸਮੇਂ ਕਿਸੇ ਮਾਮਲੇ ਦੀ ਸੀ.ਬੀ.ਆਈ. ਜਾਂਚ ਕਿਉਂ ਨਹੀਂ ਕਰਵਾਈ ਜਾਂਦੀ ਸੀ? ਪੰਜਾਬ ਪੁਲਿਸ ਜਾਂਚ ਕਰਨ ਦੇ ਕਾਬਿਲ ਹੈ।
ਉਨ੍ਹਾਂ ਕਿਹਾ ਕਿ ਪਟਿਆਲਾ ’ਚ ਕੈਪਟਨ ਅਮਰਿੰਦਰ ਸਿੰਘ ਅਤੇ ਭਰਤਇੰਦਰ ਸਿੰਘ ਚਾਹਲ ਦਾ ਨਾਂ ਲੈ ਕੇ ਇਕ ਵਿਅਕਤੀ ਨੇ ਖੁਦ ਨੂੰ ਅੱਗ ਲਗਾ ਲਈ ਅਤੇ ਉਸ ਵਿਅਕਤੀ ਦੀ ਮੌਤ ਹੋ ਗਈ ਸੀ। ਕੀ ਇਸ ਮਾਮਲੇ ’ਚ ਸੀ.ਬੀ.ਆਈ. ਜਾਂਚ ਹੋਈ ਸੀ। ਇਸੇ ਤਰ੍ਹਾਂ ਅਮਿਤ ਸ਼ਾਹ ਦਾ ਨਾਂ ਲੈ ਕੇ ਇਕ ਵਿਅਕਤੀ ਨੇ ਖੁਦਕੁਸ਼ੀ ਕਰ ਲਈ ਅਤੇ ਕੀ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਹੋਈ। ਇਸੇ ਤਰ੍ਹਾਂ ਉਨ੍ਹਾਂ ਨੇ ਬੀਤੇ ਸਮੇਂ ਵਾਪਰੀਆਂ ਹੋਰ ਕਈ ਘਟਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਾਡੀ ਸਰਕਾਰ ਦੀ ਇਹੀ ਖਾਸੀਅਤ ਹੈ ਕਿ ਅਸੀਂ ਇਨਸਾਫ ਕਰਨ ਲੱਗੇ ਆਪਣਾ ਪਰਾਇਆ ਨਹੀਂ ਵੇਖਦੇ। ਉਨ੍ਹਾਂ ਕਿਹਾ ਕਿ ਸਾਨੂੰ ਗਗਨਦੀਪ ਸਿੰਘ ਰੰਧਾਵਾ ਨਾਲ ਵਾਪਰੇ ਘਟਨਾਕ੍ਰਮ ਉਤੇ ਬਹੁਤ ਦੁੱਖ ਹੈ ਅਤੇ ਅਸੀਂ ਇਸ ਮਾਮਲੇ ਵਿਚ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖਿਲਾਫ ਨਿਰਪੱਖ ਜਾਂਚ ਕਰਵਾ ਕੇ ਕਾਰਵਾਈ ਅਮਲ ਵਿਚ ਲਿਆਵਾਂਗੇ।

LEAVE A REPLY

Please enter your comment!
Please enter your name here