ਅੰਮ੍ਰਿਤਸਰ ਅਦਾਲਤ ’ਚ ਲਾਲਜੀਤ ਭੁੱਲਰ ਦੀ ਪੇਸ਼ੀ/ ਤਿੰਨ ਦਿਨ ਹੋਰ ਵਧਿਆ ਰਿਮਾਂਡ/ DM ਰੰਧਾਵਾ ਖ਼ੁਦਕੁਸ਼ੀ ਮਾਮਲੇ ‘ਚ ਹੋਈ ਪੇਸ਼ੀ

0
3

ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਅੱਜ ਮੁੜ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਭੁੱਲਰ ਨੂੰ 3 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਇਸ ਤੋੰ ਪਹਿਲਾਂ ਅਦਾਲਤ ਨੇ ਉਨ੍ਹਾਂ ਨੂੰ ਪੰਜ ਦਿਨਾਂ ਦੇ ਪੁਲਿਸ ਰਿਮਾਂਡ ਉਤੇ ਭੇਜਿਆ ਸੀ, ਜਿਸ ਦੇ ਖਤਮ ਹੋਣ ਬਾਅਦ ਅੱਜ ਮੁੜ ਪੇਸ਼ੀ ਹੋਈ ਸੀ। ਇਸ ਤੋਂ ਪਹਿਲਾਂ ਮੰਡੀ ਗੋਬਿੰਦਗੜ੍ਹ ਪੁਲਿਸ ਨੇ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਅੰਮ੍ਰਿਤਸਰ ਵਿੱਚ ਤਾਇਨਾਤ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੇ ਖ਼ੁਦਕੁਸ਼ੀ ਮਾਮਲੇ ਵਿੱਚ ਲਾਲਜੀਤ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕੀਤਾ ਸੀ।
ਡੀ.ਐਮ. ਰੰਧਾਵਾ ਨੇ 21 ਮਾਰਚ ਨੂੰ ਆਪਣੇ ਘਰ ਵਿੱਚ ਖੁਦਕੁਸ਼ੀ ਕਰ ਲਈ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਲਾਲਜੀਤ ਭੁੱਲਰ, ਉਸਦੇ ਪਿਤਾ ਅਤੇ ਨਿੱਜੀ ਸਹਾਇਕ ਵਿਰੁੱਧ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕੀਤਾ ਸੀ। ਜਿਸ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਨੇ ਫਤਿਹਗੜ੍ਹ ਸਾਹਿਬ ਪੁਲਿਸ ਦੀ ਮਦਦ ਨਾਲ ਭੁੱਲਰ ਨੂੰ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫ਼ਤਾਰ ਕੀਤਾ। ਤਿੰਨਾਂ ਮੁਲਜ਼ਮਾਂ ਨੂੰ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਪੁਲਿਸ ਨੂੰ ਪੰਜ ਦਿਨਾਂ ਦਾ ਰਿਮਾਂਡ ਦਿੱਤਾ ਸੀ, ਜੋ ਕਿ ਅੱਜ ਖਤਮ ਹੋਣ ਤੋਂ ਬਾਅਦ ਲਾਲਜੀਤ ਸਿੰਘ ਭੁੱਲਰ ਨੂੰ ਅੱਜ ਅੰਮ੍ਰਿਤਸਰ ਦੀ ਅਦਾਲਤ ਵਿਖੇ ਮੁੜ ਪੇਸ਼ ਕੀਤਾ ਗਿਆ।
ਇਸੇ ਦੌਰਾਨ ਵਿਰੋਧੀ ਧਿਰਾਂ ਵੱਲੋਂ ਇਸ ਮਾਮਲੇ ਵਿਚ ਸਰਕਾਰ ਨੂੰ ਲਗਾਤਾਰ ਘੇਰਿਆ ਜਾ ਰਿਹਾ ਹੈ।  ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਮਾਨ ਉਤੇ ਲਾਲਜੀਤ ਭੁੱਲਰ ਨੂੰ ਬਚਾਉਣ ਦੇ ਇਲਜਾਮ ਲਾਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭੁੱਲਰ ਨੂੰ ਬਚਾਉਣ ਲਈ ਮਾਮਲੇ ਦੀ ਸੀ ਬੀ ਆਈ ਜਾਂਚ ਕਰਵਾਉਣ ਤੋਂ ਭੱਜ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਘਰਾਂ ਦੇ ਹੋਣ ਦਾ ਦਾਅਵਾ ਕਰਨ ਵਾਲਿਆਂ ਨੂੰ ਹੁਣ ਰੰਧਾਵਾ ਦੇ ਛੋਟੇ ਬੱਚਿਆਂ, ਬਜ਼ੁਰਗ ਮਾਂ ਅਤੇ ਪਤਨੀ ਦਾ ਦਰਦ ਦਿਖਾਈ ਨਹੀਂ ਦੇ ਰਿਹਾ ਹੈ। ਮੁੱਖ ਮੰਤਰੀ ਨੇ ਪਹਿਲਾਂ ਵਿਜੈ ਸਿੰਗਲਾ, ਫੌਜਾ ਸਿੰਘ ਸਰਾਰੀ, ਲਾਲ ਚੰਦ ਕਟਾਰੂਚੱਕ, ਰਵਜੋਤ ਸਿੰਘ ਵਰਗੇ ਆਗੂਆਂ ਨੂੰ ਕਲੀਨ ਚਿੱਟਾਂ ਦੇ ਦਿੱਤੀਆਂ ਹਨ। ਉਸੇ ਤਰ੍ਹਾਂ ਲਾਲਜੀਤ ਭੁੱਲਰ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਇਸ ਮਾਮਲੇ ਦੀ ਜਾਂਚ ਤੁਰੰਤ ਸੀਬੀਆਈ ਹਵਾਲੇ ਕਰਨ ਦੀ ਮੰਗ ਕੀਤੀ ਹੈ।

LEAVE A REPLY

Please enter your comment!
Please enter your name here