ਪੰਜਾਬ ਅੰਮ੍ਰਿਤਸਰ ਵਿਖੇ ਅਕਾਲੀ ਦਲ ਅੰਮ੍ਰਿਤਸਰ ਦਾ ਵੱਡਾ ਇਕੱਠ/ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ’ਚ ਨਾਅਰੇਬਾਜ਼ੀ/ ਵਪਾਰ ਵਧਾਉਣ ਲਈ ਸਰਹੱਦਾਂ ਖੋਲ੍ਹਣ ਦੀ ਕੀਤੀ ਮੰਗ By admin - March 29, 2026 0 3 Facebook Twitter Pinterest WhatsApp ਵਾਹਗਾ–ਅਟਾਰੀ ਬਾਰਡਰ ਨੇੜੇ ਅੱਜ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਵੱਡਾ ਇਕੱਠ ਕੀਤਾ ਗਿਆ। ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠਾਂ ਇਕੱਠਾ ਹੋਏ ਪਾਰਟੀ ਵਰਕਰਾਂ ਨੇ ਖਾਲਿਸਤਾਨ ਦੇ ਹੱਕ ‘ਚ ਨਾਅਰੇਬਾਜ਼ੀ ਕੀਤੀ। ਇਕੱਠ ਦੌਰਾਨ ਸੁਰੱਖਿਆ ਬਲਾਂ ਨਾਲ ਹਲਕੀ ਝੜਪ ਵੀ ਹੋਈ ਜਿਸ ਤੋਂ ਬਾਅਦ ਮੌਕੇ ‘ਤੇ ਤਣਾਅਪੂਰਨ ਮਾਹੌਲ ਬਣ ਗਿਆ। ਹਾਲਾਂਕਿ ਬਾਅਦ ‘ਚ ਹਾਲਾਤ ਕਾਬੂ ‘ਚ ਕਰ ਲਏ ਗਏ। ਪਾਰਟੀ ਨੇ ਇਹ ਇਕੱਠ ਵਪਾਰ ਲਈ ਸਰਹੱਦਾਂ ਖੋਲ੍ਹਣ ਦੀ ਮੰਗ ਨੂੰ ਲੈ ਕੇ ਕੀਤਾ ਗਿਆ ਸੀ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਆਰਥਿਕ ਹਾਲਤ ਬਹੁਤ ਨਾਜ਼ੁਕ ਹੈ ਅਤੇ ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਲਗਾਤਾਰ ਵਿਤਕਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਅਫਗਾਨਿਸਤਾਨ–ਪਾਕਿਸਤਾਨ ਰਾਹੀਂ ਭਾਰਤ ਤੱਕ ਆਉਣ ਵਾਲੀ ਗੈਸ ਪਾਈਪਲਾਈਨ ਨੂੰ ਪੰਜਾਬ ਰਾਹੀਂ ਲਿਆਂਦਾ ਜਾਵੇ ਤਾਂ ਇਸ ਨਾਲ ਸੂਬੇ ਦੀ ਅਰਥਵਿਵਸਥਾ ਨੂੰ ਵੱਡਾ ਫਾਇਦਾ ਹੋ ਸਕਦਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਜੇ ਸਸਤੀ ਗੈਸ ਪੰਜਾਬ ਤੱਕ ਪਹੁੰਚਦੀ ਹੈ ਤਾਂ ਬਠਿੰਡਾ ਸਮੇਤ ਹੋਰ ਇਲਾਕਿਆਂ ‘ਚ ਪਾਵਰ ਸਟੇਸ਼ਨ ਅਤੇ ਉਦਯੋਗ ਖੜੇ ਹੋ ਸਕਦੇ ਹਨ, ਜਿਸ ਨਾਲ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ। ਮਾਨ ਨੇ ਕਿਹਾ ਕਿ ਪੰਜਾਬ ਦੇ ਬਾਰਡਰ ਖੇਤਰਾਂ ਵਿੱਚ ਵਪਾਰ ਬੰਦ ਹੋਣ ਕਾਰਨ ਨੌਜਵਾਨ ਬੇਰੋਜ਼ਗਾਰੀ ਦਾ ਸ਼ਿਕਾਰ ਹੋ ਰਹੇ ਹਨ ਅਤੇ ਵਿਦੇਸ਼ਾਂ ਵੱਲ ਰੁਖ ਕਰ ਰਹੇ ਹਨ। ਉਨ੍ਹਾਂ ਦਲੀਲ ਦਿੱਤੀ ਕਿ ਜੇ ਵਾਘਾ–ਅਟਾਰੀ ਸਰਹੱਦ ਰਾਹੀਂ ਵਪਾਰ ਮੁੜ ਸ਼ੁਰੂ ਕੀਤਾ ਜਾਵੇ ਤਾਂ ਖੇਤੀਬਾੜੀ ਉਤਪਾਦਾਂ ਨੂੰ ਵਧੀਆ ਕੀਮਤ ਮਿਲ ਸਕਦੀ ਹੈ। ਉਨ੍ਹਾਂ ਮੁਤਾਬਕ ਸਰਹੱਦ ਖੁੱਲਣ ਨਾਲ ਕਣਕ, ਸਬਜ਼ੀਆਂ ਅਤੇ ਹੋਰ ਫਸਲਾਂ ਦੀ ਕੀਮਤ ਵਿੱਚ ਵੱਡਾ ਫਰਕ ਆ ਸਕਦਾ ਹੈ ਅਤੇ ਕਿਸਾਨਾਂ ਨੂੰ ਲਾਭ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਸਰਹੱਦ ਬੰਦ ਹੋਣ ਕਾਰਨ ਪੰਜਾਬ ਦੀ ਆਰਥਿਕ ਗਤੀਵਿਧੀ ‘ਤੇ ਬੁਰਾ ਪ੍ਰਭਾਵ ਪਿਆ ਹੈ। ਇਕ ਸਮਾਂ ਸੀ ਜਦੋਂ ਅੰਮ੍ਰਿਤਸਰ ਅਤੇ ਲਾਹੌਰ ਦਰਮਿਆਨ ਵੱਡਾ ਵਪਾਰ ਹੁੰਦਾ ਸੀ, ਪਰ ਹੁਣ ਹਾਲਾਤ ਬਦਲ ਗਏ ਹਨ। ਮਾਨ ਨੇ ਦਾਅਵਾ ਕੀਤਾ ਕਿ ਜੇ ਵਪਾਰ ਮੁੜ ਸ਼ੁਰੂ ਕੀਤਾ ਜਾਵੇ ਤਾਂ ਨਾ ਸਿਰਫ ਪੰਜਾਬ ਬਲਕਿ ਪੂਰੇ ਦੇਸ਼ ਦੀ ਅਰਥਵਿਵਸਥਾ ਨੂੰ ਫਾਇਦਾ ਹੋਵੇਗਾ ਅਤੇ ਦੋਵੇਂ ਦੇਸ਼ਾਂ ਵਿਚਕਾਰ ਤਣਾਅ ਵੀ ਘੱਟ ਹੋ ਸਕਦਾ ਹੈ। ਸਿਮਰਨਜੀਤ ਸਿੰਘ ਮਾਨ ਨੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਅਤੇ ਹਥਿਆਰਾਂ ਦੀ ਸਮੱਸਿਆ ਵਧ ਰਹੀ ਹੈ, ਪਰ ਇਸ ਦਾ ਹੱਲ ਡੰਡੇ ਨਾਲ ਨਹੀਂ ਸਗੋਂ ਰੋਜ਼ਗਾਰ ਅਤੇ ਵਪਾਰ ਵਧਾ ਕੇ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਮਨ, ਸ਼ਾਂਤੀ ਅਤੇ ਵਪਾਰ ਚਾਹੁੰਦੇ ਹਨ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ ਸਰਹੱਦ ਖੋਲ੍ਹ ਕੇ ਪੰਜਾਬ ਦੇ ਵਿਕਾਸ ਲਈ ਕਦਮ ਚੁੱਕੇ। ਮਾਨ ਨੇ ਇਹ ਵੀ ਸੰਕੇਤ ਦਿੱਤਾ ਕਿ ਜੇਕਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ‘ਤੇ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਪਾਰਟੀ ਵੱਲੋਂ ਇਸ ਤਰ੍ਹਾਂ ਦੇ ਹੋਰ ਪ੍ਰਦਰਸ਼ਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਆਵਾਜ਼ ਉਠਾਉਣ ਲਈ ਸੰਘਰਸ਼ ਜਾਰੀ ਰਹੇਗਾ।