ਮੁੱਖ ਮੰਤਰੀ ਮਾਨ ਦੀ ਸਿੱਖਿਆ ਕੰਮਾਂ ਬਾਰੇ ਪ੍ਰੈੱਸ ਕਾਨਫਰੰਸ/ ਸਿੱਖਿਆ ਖੇਤਰ ਦੇ ਕੰਮਾਂ ਦਾ ਪੇਸ਼ ਕੀਤਾ ਰਿਪੋਰਟ ਕਾਰਡ

0
3

 

ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕਰ ਕੇ ਸਰਕਾਰ ਦੇ 4 ਸਾਲਾਂ ਦੌਰਾਨ ਸਿੱਖਿਆ ਖੇਤਰ ਵਿਚ ਕੀਤੇ ਕੰਮਾਂ ਦਾ ਗੁਣਗਾਣ ਕੀਤਾ। ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਮੌਜੂਦਗੀ ਵਾਲੀ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਨੇ ਸਿੱਖਿਆ ਵਿਭਾਗ ਦੇ ਚਾਰ ਸਾਲਾਂ ਦਾ ਰਿਪੋਰਟ ਕਾਰਡ ਪੇਸ਼ ਕਰਦਿਆਂ ਕਿਹਾ ਕਿ ਸਿੱਖਿਆ ਦਾ ਪੱਧਰ ਹਰ ਥਾਂ ’ਤੇ ਇਕੋ ਜਿਹਾ ਹੋਣਾ ਚਾਹੀਦਾ ਹੈ ਤੇ ਸਿੱਖਿਆ ਨੂੰ ਪਹਿਲ ਦੇਣ ਵਾਲੇ ਦੇਸ਼ ਹਮੇਸ਼ਾ ਅੱਗੇ ਵਧਦੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਕੂਲਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਪਰ ਸਾਡੀ ਸਰਕਾਰ ਨੇ ਪੰਜਾਬ ਦੇ ਸਕੂਲਾਂ ’ਚ ਦਿੱਲੀ ਮਾਡਲ ਲਾਗੂ ਕੀਤਾ ਕਿਉਂਕਿ ਦਿੱਲੀ ’ਚ ‘ਆਪ ਨੇ ਸਭ ਤੋਂ ਪਹਿਲਾਂ ਸਿੱਖਿਆ ਦਾ ਪੱਧਰ ਹੀ ਉੱਚਾ ਚੁੱਕਿਆ ਸੀ। ਉਨ੍ਹਾਂ ਕਿਹਾ ਕਿ ਅਸੀਂ ਸਿੱਖਿਆ ਲਈ 19 ਹਜ਼ਾਰ 273 ਕਰੋੜ ਰੁਪਏ ਦਾ ਬਜਟ ਰੱਖਿਆ ਜੋ ਕਿ ਪਿਛਲੀ ਵਾਰ ਨਾਲੋਂ 7 ਫ਼ੀਸਦੀ ਜ਼ਿਆਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਦੇਸ਼ ਦੀ ਨੀਂਹ ਸਿੱਖਿਆ ਹੈ ਪਰ ਸਾਡੇ ਦੇਸ਼ ਵਿਚ ਦੋ ਤਰ੍ਹਾਂ ਦੀ ਸਿੱਖਿਆ ਦਿੱਤੀ ਜਾ ਰਹੀ ਹੈ, ਇੰਡੀਆ ਤੇ ਭਾਰਤ ਰੂਪੀ ਦੋ ਤਰ੍ਹਾਂ ਦੀ ਸਿੱਖਿਆ ਦਿੱਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਇੰਡੀਆ ਦੀ ਸਿੱਖਿਆ ਅਮੀਰ ਵਰਗ ਲਈ ਹੈ ਜਦੋਂ ਕਿ ਅਜਿਹਾ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਅਸੀਂ ਸਿੱਖਿਆ ਦੇ ਖ਼ੇਤਰ ਵਿਚ ਕੇਰਲ ਨੂੰ ਪਛਾੜ ਕੇ ਪਹਿਲਾ ਨੰਬਰ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਸਕੂਲ ਆਨ ਵੀਲ੍ਹ ਕੀਤੇ ਤੇ ਸਰਕਾਰੀ ਸਕੂਲਾਂ ’ਚ ਬੱਸਾਂ ਦੀ ਸ਼ੁਰੂਆਤ ਕੀਤੀ ਤੇ ਪਹਿਲੀ ਵਾਰ ਸਰਕਾਰੀ ਸਕੂਲਾਂ ਲਈ ਪੀਲੇ ਰੰਗ ਦੀਆਂ ਬੱਸਾਂ ਚਲਾਈਆਂ, ਜਿਸ ਨਾਲ 15000 ਤੋਂ ਵੱਧ ਬੱਚਿਆਂ ਨੂੰ ਸਕੂਲ ਆਉਣ ਜਾਣ ਦੀ ਸੁਵਿਧਾ ਮਿਲੀ। ਉਨ੍ਹਾਂ ਵਿਰੋਧੀਆਂ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਹੁਣ ਅਕਾਲੀ ਪੀਲੇ ਰੰਗ ਤੋਂ ਇਤਰਾਜ਼ ਨਾ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਕੂਲਾਂ ’ਚ ਪਹਿਲੀ ਵਾਰ ਅਧਿਆਪਕ ਮਾਪੇ ਮਿਲਣੀ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਤੇ ਸਕੂਲਾਂ ਲਈ ਕੈਂਪਸ ਮੈਨੇਜਰ ਨਿਯੁਕਤ ਕੀਤੇ ਗਏ। ਇਸ ਦੇ ਨਾਲ ਹੀ 1323 ਸੁਰੱਖਿਆ ਗਾਰਡ ਵੀ ਸਕੂਲਾਂ ’ਚ ਤਾਇਨਾਤ ਕੀਤੇ ਗਏ। ਉਨ੍ਹਾਂ ਕਿਹਾ ਕਿ ਦੇਸ਼ ਦੇ ਸਿਰਫ਼ ਤਿੰਨ ਸੂਬਿਆਂ ਦੇ ਸਕੂਲਾਂ ’ਚ ਇੰਟਰਨੈਟ ਦੀ ਸੁਵਿਧਾ ਮੌਜੂਦ ਹੈ ਤੇ ਪੰਜਾਬ ਉਨ੍ਹਾਂ ਸੂਬਿਆਂ ’ਚੋਂ ਇਕ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਕੂਲਾਂ ਨੂੰ ਹਾਈ ਸਪੀਟ ਇੰਟਰਨੈਟ ਮੁਹੱਈਆ ਕਰਵਾਉਣ ਲਈ 20 ਹਜ਼ਾਰ ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਗੁਜਰਾਤ , ਯੂ.ਪੀ. ਤੇ ਐਮ.ਪੀ. ’ਚ ਪੇਪਰ ਲੀਕ ਹੁੰਦੇ ਹਨ, ਜਿੰਨ੍ਹਾਂ ’ਚੋਂ ਸਭ ਤੋਂ ਪਹਿਲਾ ਨੰਬਰ ਗੁਜਰਾਤ ਦਾ ਆਉਂਦਾ ਹੈ। ਉਨ੍ਹਾਂ ਕਿਹਾ ਕਿ ਗੁਜਰਾਤ ਦੇ ਲੋਕ ਦਾ ਨਾਅਰਾ ਦਿੰਦੇ ਹਨ ਕਿ ‘ਪੇਪਰ ਫੂਟਾ, ਸਪਨਾ ਟੂਟਾ’ ਪਰ ਪੰਜਾਬ ’ਚ ਪਿਛਲੇ ਚਾਰ ਸਾਲਾਂ ਦੌਰਾਨ ਕੋਈ ਪੇਪਰ ਲੀਕ ਨਹੀਂ ਹੋਇਆ ਮਹਿਜ਼ ਇਕ ਦੋ ਸ਼ਿਕਾਇਤਾਂ ਜ਼ਰੂਰ ਆਈਆਂ ਹਨ। ਪੰਜਾਬ ਵਿੱਚ ਸਿੱਖਿਆ ਖੇਤਰ ਵਿੱਚ ਚਾਰ ਸਾਲਾਂ ਵਿੱਚ ਵੱਡੀਆਂ ਤਬਦੀਲੀਆਂ ਕੀਤੀਆਂ ਗਈਆਂ ਹਨ, ਜਿਸ ਨਾਲ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਲਿਆਂਦਾ ਗਿਆ ਹੈ। 2026-27 ਲਈ ਸਿੱਖਿਆ ਬਜਟ 19,279 ਕਰੋੜ ਹੈ, ਜੋ ਪਿਛਲੇ ਸਾਲ ਨਾਲੋਂ 7% ਵੱਧ ਹੈ। “ਸਿੱਖਿਆ ਕ੍ਰਾਂਤੀ” ਦਾ ਦੂਜਾ ਪੜਾਅ ਸ਼ੁਰੂ ਹੋ ਗਿਆ ਹੈ, ਜਿਸ ਵਿੱਚ 3,500 ਕਰੋੜ ਦੇ ਇੱਕ ਵੱਡੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦੇ ਫਲਸਰੂਪ ਪੰਜਾਬ ਦੇ ਸਕੂਲਾਂ ਨੇ ਰਾਸ਼ਟਰੀ ਪ੍ਰਾਪਤੀ ਸਰਵੇਖਣ 2024 ਵਿੱਚ ਕੇਰਲਾ ਨੂੰ ਵੀ ਪਛਾੜ ਦਿੱਤਾ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਦੇ 305 ਵਿਦਿਆਰਥੀਆਂ ਨੇ ਜੇਈਈ ਮੇਨਜ਼ ਪਾਸ ਕੀਤਾ। ਪੰਜਾਬ ਵਿੱਚ 118 “ਸਕੂਲ ਆਫ਼ ਐਮੀਨੈਂਸ” ਸਥਾਪਤ ਕੀਤੇ ਗਏ ਹਨ।
ਮੁੱਖ ਮੰਤਰੀ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕੁੜੀਆਂ ਲਈ ਬੱਸ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ, ਜਿਸ ਨਾਲ 15,500 ਵਿਦਿਆਰਥੀਆਂ ਨੂੰ ਲਾਭ ਹੋਇਆ ਹੈ। 2022 ਤੋਂ, 14,525 ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ, 12,316 ਕਰਮਚਾਰੀਆਂ ਨੂੰ ਨਿਯਮਤ ਕੀਤਾ ਗਿਆ ਹੈ। 480 ਅਧਿਆਪਕਾਂ ਦੇ ਅੱਠ ਸਮੂਹਾਂ ਨੂੰ ਸਿੰਗਾਪੁਰ ਅਤੇ ਫਿਨਲੈਂਡ ਵਿੱਚ ਸਿਖਲਾਈ ਲਈ ਭੇਜਿਆ ਗਿਆ ਹੈ। 1 ਅਪ੍ਰੈਲ ਤੋਂ, ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਕੂਲ ਨਾ ਜਾਣ ਵਾਲੇ ਬੱਚਿਆਂ ਦੇ ਪਰਿਵਾਰਾਂ ਤੋਂ ਕਾਰਨ ਪੁੱਛਿਆ ਜਾਵੇਗਾ। ਇਸ ਤੋਂ ਇਲਾਵਾ, ਜੇਕਰ ਕੋਈ ਅਧਿਆਪਕ ਛੁੱਟੀ ‘ਤੇ ਹੈ, ਤਾਂ ਉਨ੍ਹਾਂ ਨੂੰ ਸੂਚਿਤ ਕੀਤਾ ਜਾਵੇਗਾ।
ਪੰਜਾਬ ਸਰਕਾਰ ਨੇ ਸਕੂਲਾਂ ਦੀ ਬਿਹਤਰ ਨਿਗਰਾਨੀ ਲਈ 1,932 ਕੈਂਪਸ ਮੈਨੇਜਰ ਨਿਯੁਕਤ ਕੀਤੇ ਹਨ। ਸਕੂਲ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ 1,323 ਸੁਰੱਖਿਆ ਗਾਰਡ ਤਾਇਨਾਤ ਕੀਤੇ ਗਏ ਸਨ। ਸਕੂਲਾਂ ਵਿੱਚ ਸਫਾਈ ਨੂੰ ਯਕੀਨੀ ਬਣਾਉਣ ਲਈ 7,876 ਸਫਾਈ ਕਰਮਚਾਰੀਆਂ ਦੀ ਭਰਤੀ ਕੀਤੀ ਗਈ ਸੀ। ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਹਾਈ-ਸਪੀਡ ਵਾਈ-ਫਾਈ ਲਗਾਇਆ ਗਿਆ ਹੈ। ਪੰਜਾਬ ਦੇ 25 ਸਰਕਾਰੀ ਸਕੂਲਾਂ ਦੇ ਨਾਮ ਸ਼ਹੀਦਾਂ, ਆਜ਼ਾਦੀ ਘੁਲਾਟੀਆਂ ਅਤੇ ਪ੍ਰਮੁੱਖ ਸ਼ਖਸੀਅਤਾਂ ਦੇ ਨਾਮ ‘ਤੇ ਰੱਖੇ ਗਏ ਹਨ। ਵਿਦਿਆਰਥੀਆਂ ਵਿੱਚ ਉੱਦਮਤਾ ਨੂੰ ਉਤਸ਼ਾਹਿਤ ਕਰਨ ਲਈ, ਸਕੂਲਾਂ ਵਿੱਚ ਇੱਕ “ਬਿਜ਼ਨਸ ਬਲਾਸਟਰ” ਯੋਜਨਾ ਸ਼ੁਰੂ ਕੀਤੀ ਗਈ ਸੀ, ਜਿਸ ਵਿੱਚ ਵਿਦਿਆਰਥੀਆਂ ਨੇ ਆਪਣੇ ਹੁਨਰਾਂ ਰਾਹੀਂ 70 ਕਰੋੜ ਕਮਾਏ ਸਨ।
ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਸਕੂਲਾਂ ਵਿੱਚ ‘ਹਾਈ ਸਪੀਡ ਇੰਟਰਨੈੱਟ’ ਸੇਵਾ ਸ਼ੁਰੂ ਕੀਤੀ ਗਈ ਹੈ, ਜੋ ਦੇਸ਼ ਦੇ ਸਿਰਫ਼ ਤਿੰਨ ਸੂਬਿਆਂ ਵਿੱਚ ਹੀ ਉਪਲਬਧ ਹੈ। ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ 14,525 ਅਧਿਆਪਕਾਂ ਸਮੇਤ 1,932 ਕੈਂਪਸ ਮੈਨੇਜਰ, 1,323 ਸੁਰੱਖਿਆ ਗਾਰਡ, 7,876 ਸਫਾਈ ਸੇਵਕ ਅਤੇ 1,792 ਚੌਕੀਦਾਰਾਂ ਦੀ ਭਰਤੀ ਕੀਤੀ ਹੈ। ਉਨ੍ਹਾਂ ‘ਬਿਜ਼ਨਸ ਬਲਾਸਟਰ’ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਵਿੱਚ ਉੱਦਮੀ ਸੋਚ ਪੈਦਾ ਹੋ ਰਹੀ ਹੈ, ਜਿਸ ਨਾਲ ਉਹ ਭਵਿੱਖ ਵਿੱਚ ਨੌਕਰੀਆਂ ਲੈਣ ਵਾਲੇ ਨਹੀਂ ਸਗੋਂ ਨੌਕਰੀਆਂ ਦੇਣ ਵਾਲੇ ਬਣਨਗੇ।

LEAVE A REPLY

Please enter your comment!
Please enter your name here