ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ/ ਸਕੂਲ ਪ੍ਰਬੰਧਕਾਂ ਨੇ ਪੁਲਿਸ ਕੋਲ ਕੀਤੀ ਸ਼ਿਕਾਇਤ/ ਪੁਲਿਸ ਨੇ ਜਾਂਚ ਕੀਤੀ ਸ਼ੁਰੂ

0
1

ਪੰਜਾਬ ਅੰਦਰ ਸਕੂਲਾਂ ਨੂੰ ਧਮਕੀਆਂ ਮਿਲਣ ਦਾ ਸਿਲਸਿਲਾ ਥੰਮ੍ਹ ਨਹੀਂ ਰਿਹਾ। ਤਾਜ਼ਾ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ, ਜਿੱਥੇ ਸ਼ਹਿਰ ਦੇ 3 ਪ੍ਰਸਿੱਧ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਖਬਰਾਂ ਮੁਤਾਬਕ ਸੋਮਵਾਰ ਸਵੇਰੇ 8 ਵਜੇ ਸਕੂਲ ਖੁੱਲ੍ਹਦੇ ਹੀ, ਡੀਪੀਐਸ ਸਕੂਲ, ਮੇਅਰ ਵਰਲਡ ਸਕੂਲ ਅਤੇ ਐਮਜੀਐਨ ਸਕੂਲ ਨੂੰ ਨਿਸ਼ਾਨਾ ਬਣਾਏ ਜਾਣ ਸਬੰਧੀ ਇੱਕ ਈਮੇਲ ਭੇਜਿਆ ਗਿਆ। ਈਮੇਲਾਂ ਵਿੱਚ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਗਈ, ਜਿਸ ਵਿੱਚ  “ਆਪਣੇ ਬੱਚਿਆਂ ਨੂੰ ਬਚਾਓ…” ਦਾ ਸੁਨੇਹਾ ਦਿੱਤਾ ਗਿਆ ਸੀ।  ਧਮਕੀ ਮਿਲਣ ‘ਤੇ, ਸਕੂਲ ਪ੍ਰਸ਼ਾਸਨ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮੇਲ ‘ਚ ਦਾਅਵਾ ਕੀਤਾ ਗਿਆ ਹੈ ਕਿ ਸਕੂਲਾਂ ਨੂੰ ਨਿਸ਼ਾਨਾ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਈਮੇਲ ‘ਚ ਡਾ. ਬਾਬਾ ਸਾਹਿਬ ਅੰਬੇਡਕਰ ਦੀਆਂ ਮੂਰਤੀਆਂ ਨੂੰ ਵੀ ਨੁਕਸਾਨ ਪਹੁਚਾਉਣ ਦੀ ਧਮਕੀ ਦਿੱਤੀ ਗਈ ਹੈ। ਖ਼ੁਦ ਨੂੰ ਖ਼ਾਲਿਸਤਾਨ ਨੈਸ਼ਨਲ ਆਰਮੀ ਨਾਲ ਜੁੜਿਆ ਦੱਸਣ ਵਾਲੇ ਧਮਕੀ ਦੇਣ ਵਾਲਿਆਂ ਨੇ ਮੁੱਖ ਮੰਤਰੀ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ  ਨਿਸ਼ਾਨਾ ਬਣਾਉਣ ਦਾ ਜਿਕਰ ਕਰਨ ਦੀ ਗੱਲ ਵੀ ਸਾਹਮਣੇ ਆਈ ਹੈ।
ਦੱਸਣਯੋਗ ਹੈ ਕਿ ਸਕੂਲਾਂ ਨੂੰ ਧਮਕੀ ਦਾ ਇਹ ਪਹਿਲਾਂ ਮੌਕਾ ਨਹੀਂ ਹੈ। 16 ਮਾਰਚ ਨੂੰ ਸ਼ਹਿਰ ਦੇ 4 ਪ੍ਰਮੁੱਖ ਸਕੂਲਾਂ ਨੂੰ ਇਸ ਤਰ੍ਹਾਂ ਦੇ ਧਮਕੀ ਭਰੇ ਈਮੇਲ ਮਿਲੇ ਸਨ। ਉਸ ਸਮੇਂ ਵੀ ਵਿਸਾਖੀ ਦੇ ਦਿਨ ਹਮਲੇ ਦੀ ਯੋਜਨਾ ਦਾ ਜ਼ਿਕਰ ਕੀਤਾ ਗਿਆ ਸੀ। ਫਿਲਹਾਲ ਪੁਲਿਸ ਅਤੇ ਜਾਂਚ ਏਜੰਸੀਆਂ ਈਮੇਲ ਦੀ ਜਾਂਚ ‘ਚ ਜੁੱਟ ਗਈਆਂ ਹਨ ਅਤੇ ਸਾਈਬਰ ਟੀਮ ਦੀ ਮਦਦ ਨਾਲ ਈਮੇਲ ਭੇਜਣ ਵਾਲਿਆਂ ਦਾ ਪਤਾ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਨੇ ਸਕੂਲਾਂ ਤੇ ਅਹਿਮ ਥਾਵਾਂ ਦੀ ਸੁਰੱਖਿਆ ਵੀ ਵਧਾ ਦਿੱਤੀ ਹੈ ਅਤੇ ਸ਼ੱਕੀਆਂ ਉਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।

LEAVE A REPLY

Please enter your comment!
Please enter your name here