ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ/ ਗੁਰਦੁਆਰਾ ਸੰਤੋਖਸਰ ਵਿਖੇ ਸ੍ਰੀ ਅਖੰਡ ਪਾਠ ਦੇ ਪਾਏ ਭੋਗ/ ਐਸਜੀਪੀਸੀ ਪ੍ਰਧਾਨ ਧਾਮੀ ਨੇ ਸੰਗਤ ਨੂੰ ਦਿੱਤੀ ਵਧਾਈ

0
1

ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰੂ ਨਾਨਕ ਲੇਵਾ ਸੰਗਤਾਂ ਸ਼ਰਧਾ ਤੇ ਧੂਮਧਾਮ ਨਾਲ ਮਨ੍ਹਾਂ ਰਹੀਆਂ ਹਨ। ਇਸੇ ਤਹਿਤ ਅੱਜ ਅੰਮ੍ਰਿਤਸਰ ਵਿਖੇ ਗੁਰਦੁਆਰਾ ਸ੍ਰੀ ਸੰਤੋਖਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਰਾਗੀ ਜਥਿਆਂ ਨੇ ਗੁਰੂ ਜੱਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਮੁਤਾਬਕ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਪਾਤਸ਼ਾਹ ਦਾ ਪ੍ਰਕਾਸ਼ ਦਿਹਾੜਾ ਸਿੱਖ ਕੌਮ ਲਈ ਬਹੁਤ ਮਹੱਤਵਪੂਰਨ ਹੈ, ਜੋ ਸਾਨੂੰ ਸੇਵਾ, ਸਹਿਨਸ਼ੀਲਤਾ ਅਤੇ ਸੱਚ ਦੇ ਮਾਰਗ ‘ਤੇ ਚੱਲਣ ਦੀ ਪ੍ਰੇਰਣਾ ਦਿੰਦਾ ਹੈ।
ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਨੇ ਆਪਣੇ ਜੀਵਨ ਕਾਲ ਦੌਰਾਨ ਮਨੁੱਖਤਾ ਨੂੰ ਇੱਕ ਅਮੋਲਕ ਧਰੋਹਰ ਸੌਂਪੀ, ਜੋ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਰੂਪ ਵਿੱਚ ਸਾਡੇ ਸਾਹਮਣੇ ਹੈ। ਇਹ ਪਵਿੱਤਰ ਬਾਣੀ ਅੱਜ ਵੀ ਸਿੱਖਾਂ ਲਈ ਰਾਹ-ਦਰਸਾਉਣ ਵਾਲਾ ਜਹਾਜ਼ ਹੈ, ਜੋ ਹਰ ਇਨਸਾਨ ਨੂੰ ਸੱਚੇ ਜੀਵਨ ਦੀ ਦਿਸ਼ਾ ਦਿੰਦੀ ਹੈ। ਧਾਮੀ ਨੇ ਕਿਹਾ ਕਿ ਜੇਕਰ ਅਸੀਂ ਗੁਰਬਾਣੀ ਨੂੰ ਆਪਣੇ ਜੀਵਨ ਵਿੱਚ ਅਪਣਾਈਏ ਤਾਂ ਜੀਵਨ ਸੁਖਮਈ ਅਤੇ ਅਰਥਪੂਰਨ ਬਣ ਸਕਦਾ ਹੈ।
ਇਸ ਦੇ ਨਾਲ ਹੀ ਧਾਮੀ ਨੇ ਧਾਰਮਿਕ ਯਾਤਰਾਵਾਂ ਸਬੰਧੀ ਕੁਝ ਜ਼ਰੂਰੀ ਗੱਲਾਂ ਵੀ ਸਾਂਝੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਵਿਦੇਸ਼ੀ ਯਾਤਰਾਵਾਂ ਦੌਰਾਨ ਕਈ ਵਾਰ ਅਜਿਹੀਆਂ ਸਥਿਤੀਆਂ ਆ ਜਾਂਦੀਆਂ ਹਨ ਜਿੱਥੇ ਪਰਿਵਾਰ ਦੇ ਮੈਂਬਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਉਨ੍ਹਾਂ ਨੇ ਅਪੀਲ ਕੀਤੀ ਕਿ ਯਾਤਰਾ ਕਰਨ ਸਮੇਂ ਪਰਿਵਾਰਕ ਮੈਂਬਰਾਂ ਨੂੰ ਇਕੱਠੇ ਲਿਜਾਇਆ ਜਾਵੇ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਤੋਂ ਬਚਿਆ ਜਾ ਸਕੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਗੁਰੂ ਘਰਾਂ ਦੇ ਖੁੱਲੇ ਦਰਸ਼ਨ ਹਰ ਸਿੱਖ ਦਾ ਅਧਿਕਾਰ ਹਨ ਅਤੇ ਇਸ ਲਈ ਸਾਰਿਆਂ ਨੂੰ ਇਕਜੁੱਟ ਹੋ ਕੇ ਯਤਨ ਕਰਨੇ ਚਾਹੀਦੇ ਹਨ।

LEAVE A REPLY

Please enter your comment!
Please enter your name here