ਸ੍ਰੀ ਦਰਬਾਰ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ/ ਖਾਲਸਾ ਸਾਜਨਾ ਦਿਵਸ ਮੌਕੇ ਪਹੁੰਚ ਰਹੀ ਸੰਗਤ/ ਰਹਿਰਾਸ ਸਾਹਿਬ ਤੋਂ ਬਾਅਦ ਹੋਵੇਗੀ ਆਲੌਕਿਕ ਆਤਿਸ਼ਬਾਜ਼ੀ

0
1

ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੇ ਸ਼ੁਭ ਅਵਸਰ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਇਤਿਹਾਸਕ ਦਿਹਾੜੇ ਨੂੰ ਸਮਰਪਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਉਲੀਕੇ ਗਏ ਹਨ। ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਸੰਗਤ ਨੂੰ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੰਦਿਆਂ ਵੱਧ ਤੋਂ ਵੱਧ ਗਿਣਤੀ ਵਿਚ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਦੀ ਅਪੀਲ ਕੀਤੀ।  ਉਨ੍ਹਾਂ ਅੱਗੇ ਕਿਹਾ ਕਿ ਖਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਸ਼ੇਸ਼ ਅੰਮ੍ਰਿਤ ਸੰਚਾਰ ਕਰਵਾਇਆ ਜਾ ਰਿਹਾ ਹੈ ਅਤੇ ਵੱਧ ਤੋਂ ਵੱਧ ਪ੍ਰਾਣੀ ਅੰਮ੍ਰਿਤ ਛੱਕ ਕੇ ਖਾਲਸਾ ਪੰਥ ਦਾ ਅਨਿੱਖੜਵਾਂ ਅੰਗ ਬਣ ਕੇ ਸਿੱਖੀ ਸਰੂਪ ਵਿੱਚ ਪਰਪੱਕ ਹੋਣ।
ਉਨ੍ਹਾਂ ਦੱਸਿਆ ਕਿ ਜਿੱਥੇ ਕੱਲ੍ਹ ਨੂੰ ਦਿਨ ਭਰ ਗੁਰਮਤਿ ਸਮਾਗਮਾਂ ਦੀ ਲੜੀ ਚੱਲੇਗੀ, ਉੱਥੇ ਹੀ ਸ਼ਾਮ ਨੂੰ ਵਿਸ਼ੇਸ਼ ਰੌਣਕਾਂ ਹੋਣਗੀਆਂ। ਮੈਨੇਜਰ ਸਾਹਿਬ ਨੇ ਜਾਣਕਾਰੀ ਦਿੱਤੀ ਕਿ ਸ਼ਾਮ ਨੂੰ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਦੀ ਸਮਾਪਤੀ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਾਨਦਾਰ ਦੀਪਮਾਲਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਆਕਾਸ਼ ਵਿੱਚ ਇੱਕ ਅਲੌਕਿਕ ਆਤਿਸ਼ਬਾਜ਼ੀ ਵੀ ਚਲਾਈ ਜਾਵੇਗੀ, ਜੋ ਇਸ ਦਿਹਾੜੇ ਦੀ ਖੁਸ਼ੀ ਨੂੰ ਚਾਰ ਚੰਨ ਲਗਾਵੇਗੀ। ਉਨ੍ਹਾਂ ਸਾਰੀਆਂ ਸੰਗਤਾਂ ਨੂੰ “ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ” ਬੁਲਾਉਂਦਿਆਂ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦਾ ਸੱਦਾ ਦਿੱਤਾ। ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਆਮਦ ਨੂੰ ਦੇਖਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ।

LEAVE A REPLY

Please enter your comment!
Please enter your name here