ਸੁਲਤਾਨਪੁਰ ਲੋਧੀ ਵਿਖੇ ਕਿਸਾਨ ਜਥੇਬੰਦੀ ਦੀ ਪ੍ਰੈੱਸ ਕਾਨਫਰੰਸ/ ਮੰਡੀਆਂ ਦੇ ਹਾਲਾਤਾਂ ਨੂੰ ਲੈ ਕੇ ਚਿਤਾਵਨੀ/ ਕਣਕ ਦੀ ਖਰੀਦ ਤੁਰੰਤ ਚਾਲੂ ਕਰਨ ਦੀ ਕੀਤੀ ਮੰਗ

0
2

ਸੁਲਤਾਨਪੁਰ ਲੋਧੀ ‘ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਹਿਮ ਪ੍ਰੈੱਸ ਕਾਨਫਰੰਸ ਕਰ ਕੇ ਸਰਕਾਰ ਨੂੰ ਮੰਡੀਆਂ ਵਿਚ ਬਣੇ ਹਾਲਾਤਾਂ ਨੂੰ ਲੈ ਕੇ ਸਰਕਾਰ ਨੂੰ ਸਖਤ ਚਿਤਾਵਨੀ ਦਿੱਤੀ ਹੈ। ਮੰਡੀਆਂ ਦੇ ਹਾਲਾਤਾਂ ਉਤੇ ਚਿੰਤਾ ਜਾਹਰ ਕਰਦਿਆਂ ਕਿਸਾਨ ਆਗੂ ਸਰਵਣ ਸਿੰਘ ਬਾਊਪੁਰ ਨੇ ਕਿਹਾ ਕਿ ਕਿਸਾਨਾਂ ਵੱਲੋਂ ਮਿਹਨਤ ਨਾਲ ਤਿਆਰ ਕੀਤੀ ਫਸਲ ਮੰਡੀਆਂ ‘ਚ ਪਹੁੰਚ ਰਹੀ ਹੈ ਪਰ ਸਮੇਂ ਸਿਰ ਖਰੀਦ ਨਾ ਹੋਣ ਕਾਰਨ ਕਿਸਾਨਾਂ ਨੂੰ ਪ੍ਰੇਸ਼ਾਨੀਆਂ ਝੱਲਣੀਆਂ ਪੈ ਰਹੀਆਂ ਨੇ। ਕਿਸਾਨਾਂ ਨੇ ਸਰਕਾਰ ਨੂੰ ਮੰਡੀਆਂ ਵਿਚ ਬਣੇ ਹਾਲਾਤਾਂ ਨੂੰ ਛੇਤੀ ਦਰੁਸਤ ਕਰਨ ਦੀ ਮੰਗ ਕੀਤੀ ਤਾਂ ਜੋ ਕਿਸਾਨਾਂ ਨੂੰ ਪੁੱਤਾਂ ਵਾਂਗ ਪਾਲੀ ਫਸਲ ਵੇਚਣ ਵਿਚ ਕੋਈ ਦਿੱਕਤ ਨਾ ਆਵੇ।
ਉਨ੍ਹਾਂ ਅੱਗੇ ਕਿਹਾ ਕਿ ਭਾਵੇਂ ਮੌਸਮ ਵਿੱਚ ਕੁਝ ਉਤਾਰ-ਚੜ੍ਹਾਅ ਆਏ ਹਨ, ਫਿਰ ਵੀ ਕਿਸਾਨ ਲਗਾਤਾਰ ਟਰਾਲੀਆਂ ਰਾਹੀਂ ਕਣਕ ਮੰਡੀਆਂ ਵਿੱਚ ਲਿਆ ਰਹੇ ਹਨ ਪਰ ਮੰਡੀਆਂ ਦੇ ਅੰਦਰ ਦੇ ਹਾਲਾਤ ਬਹੁਤ ਹੀ ਚਿੰਤਾਜਨਕ ਬਣੇ ਹੋਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਮੰਡੀਆਂ ਵਿੱਚ ਨਾ ਤਾਂ ਢੰਗ ਨਾਲ ਬੋਲੀ ਹੋ ਰਹੀ ਹੈ, ਨਾ ਹੀ ਬਾਰਦਾਨਾ ਉਪਲਬਧ ਹੈ ਅਤੇ ਨਾ ਹੀ ਸਰਕਾਰੀ ਖਰੀਦ  ਸ਼ੁਰੂ ਹੋਈ ਹੈ। ਸੁਲਤਾਨਪੁਰ ਲੋਧੀ, ਭੁਲੱਥ, ਬੇਗੋਵਾਲ, ਢਿੱਲਵਾਂ, ਕਪੂਰਥਲਾ ਅਤੇ ਫਗਵਾੜਾ ਖੇਤਰਾਂ ਤੋਂ ਕਿਸਾਨਾਂ ਦੇ ਲਗਾਤਾਰ ਫੋਨ ਆ ਰਹੇ ਹਨ, ਜੋ ਮੌਜੂਦਾ ਹਾਲਾਤਾਂ ਕਾਰਨ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ।
ਸਰਵਣ ਸਿੰਘ ਬਾਊਪੁਰ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਸਖ਼ਤ ਲਹਿਜ਼ੇ ਵਿੱਚ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦ ਤੋਂ ਜਲਦ ਮੰਡੀਆਂ ਵਿੱਚ ਖਰੀਦ ਪ੍ਰਕਿਰਿਆ ਸ਼ੁਰੂ ਨਾ ਕੀਤੀ ਗਈ ਅਤੇ ਬਾਰਦਾਨੇ ਦੀ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਵੱਡੇ ਪੱਧਰ ‘ਤੇ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਮਜ਼ਬੂਰ ਹੋ ਕੇ ਸੜਕਾਂ ਅਤੇ ਰੇਲ ਮਾਰਗਾਂ ਨੂੰ ਜਾਮ ਕਰਨ ਵਰਗੇ ਕਦਮ ਚੁੱਕ ਸਕਦੇ ਹਨ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।
ਇਸਦੇ ਨਾਲ ਹੀ ਉਨ੍ਹਾਂ ਬਿਜਲੀ ਸਪਲਾਈ ਨੂੰ ਲੈ ਕੇ ਵੀ ਗੰਭੀਰ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਇਸ ਸਮੇਂ ਕਿਸਾਨਾਂ ਨੂੰ ਕੇਵਲ 4 ਘੰਟੇ ਬਿਜਲੀ ਦਿੱਤੀ ਜਾ ਰਹੀ ਹੈ, ਜੋ ਬਿਲਕੁਲ ਨਾਕਾਫੀ ਹੈ। ਉਨ੍ਹਾਂ ਮੰਗ ਕੀਤੀ ਕਿ ਘੱਟੋ-ਘੱਟ 8 ਘੰਟੇ ਨਿਯਮਿਤ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ ਤਾਂ ਜੋ ਮਕਈ, ਸਬਜ਼ੀਆਂ, ਖਰਬੂਜੇ ਅਤੇ ਹਦਵਾਣੇ ਵਰਗੀਆਂ ਫਸਲਾਂ ਨੂੰ ਬਚਾਇਆ ਜਾ ਸਕੇ।
ਉਨ੍ਹਾਂ ਦੱਸਿਆ ਕਿ ਪਹਿਲਾਂ ਹੀ ਬੇਮੌਸਮੀ ਬਰਸਾਤ ਨੇ ਕਿਸਾਨਾਂ ਨੂੰ ਵੱਡਾ ਨੁਕਸਾਨ ਪਹੁੰਚਾਇਆ ਹੈ ਅਤੇ ਹੁਣ ਬਿਜਲੀ ਦੀ ਕਮੀ ਕਾਰਨ ਫਸਲਾਂ ਸੁੱਕ ਰਹੀਆਂ ਹਨ। ਜੇਕਰ ਸਰਕਾਰ ਨੇ ਤੁਰੰਤ ਕਦਮ ਨਾ ਚੁੱਕੇ ਤਾਂ ਕਿਸਾਨਾਂ ਦੀ ਆਰਥਿਕ ਹਾਲਤ ਹੋਰ ਵੀ ਖਰਾਬ ਹੋ ਸਕਦੀ ਹੈ। ਅੰਤ ਵਿੱਚ ਉਨ੍ਹਾਂ ਮੰਡੀ ਬੋਰਡ ਅਤੇ ਬਿਜਲੀ ਬੋਰਡ ਨੂੰ ਅਪੀਲ ਕੀਤੀ ਕਿ ਮੌਜੂਦਾ ਸੰਕਟ ਨੂੰ ਗੰਭੀਰਤਾ ਨਾਲ ਲਿਆ ਜਾਵੇ ਅਤੇ ਤੁਰੰਤ ਹੱਲ ਲਈ ਕਦਮ ਚੁੱਕੇ ਜਾਣ ਤਾਂ ਜੋ ਕਿਸਾਨਾਂ ਨੂੰ ਰਾਹਤ ਮਿਲ ਸਕੇ।

LEAVE A REPLY

Please enter your comment!
Please enter your name here