ਅਜਨਾਲਾ ਦੀਆਂ ਦਾਣਾ ਮੰਡੀਆਂ ਅੰਦਰ ਸਰਕਾਰੀ ਖਰੀਦ ਸ਼ੁਰੂ/ ਵਿਧਾਇਕ ਕੁਲਦੀਪ ਧਾਲੀਵਾਲ ਵੱਲੋਂ ਰਸਮੀ ਉਦਘਾਟਨ/ ਕੇਂਦਰ ’ਤੇ ਪੰਜਾਬ ਨਾਲ ਵਿਤਕਰੇ ਦੇ ਲਾਏ ਇਲਜ਼ਾਮ

0
2

ਹਲਕਾ ਅਜਨਾਲਾ ਦੀਆਂ ਦਾਣਾ ਮੰਡੀਆਂ ਅੰਦਰ ਅੱਜ ਤੋਂ ਸਰਕਾਰੀ ਤੌਰ ‘ਤੇ ਕਣਕ ਦੀ ਖਰੀਦ ਦੀ ਪ੍ਰਕਿਰਿਆ ਸ਼ੁਰੂ ਹੋ ਗਈ। ਇਸ ਦਾ ਰਸਮੀ ਉਦਘਾਟਨ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਦੀ ਫਸਲ ਦਾ ਮੁੱਲ ਲਵਾਇਆ ਗਿਆ। ਇਸ ਦੌਰਾਨ ਗੱਲਬਾਤ ਕਰਦਿਆਂ ਵਿਧਾਇਕ ਧਾਲੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਣਕ ਦੀ ਖਰੀਦ ਲਈ ਬਣਾਏ ਗਏ ਮਾਪਦੰਡਾਂ ਵਿੱਚ ਪੰਜਾਬ ਨੂੰ ਕੋਈ ਢਿੱਲ ਨਹੀਂ ਦਿੱਤੀ ਜਾ ਰਹੀ, ਜੋ ਕਿ ਸੂਬੇ ਦੇ ਕਿਸਾਨਾਂ ਨਾਲ ਅਨਿਆਇ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਬੀਜੇਪੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਹਮੇਸ਼ਾ ਹੀ ਪੰਜਾਬ ਨਾਲ ਵਿਤਕਰਾ ਕਰਦੀ ਆ ਰਹੀ ਹੈ।
ਉਨ੍ਹਾਂ ਨੇ ਦੱਸਿਆ ਕਿ ਇਸ ਵਾਰ ਗੜੇਮਾਰੀ ਅਤੇ ਬੇਮੌਸਮੀ ਬਾਰਿਸ਼ ਕਾਰਨ ਕਣਕ ਦੀ ਫਸਲ ਨੂੰ ਭਾਰੀ ਨੁਕਸਾਨ ਝੱਲਣਾ ਪਿਆ ਹੈ, ਜਿਸ ਕਰਕੇ ਕਿਸਾਨ ਪਹਿਲਾਂ ਹੀ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ। ਇਸ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਖਰੀਦ ਦੇ ਸਮੂਹ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਦਾ ਦਾਣਾ-ਦਾਣਾ ਮੰਡੀਆਂ ਵਿੱਚੋਂ ਚੱਕਿਆ ਜਾਵੇ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਕਿਸਾਨਾਂ ਨੂੰ ਬਾਰਦਾਣੇ ਜਾਂ ਲਿਫਟਿੰਗ ਸਬੰਧੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ‘ਤੇ ਮੰਡੀਆਂ ਵਿੱਚ ਪ੍ਰਬੰਧਾਂ ਨੂੰ ਲੈ ਕੇ ਕਿਸਾਨਾਂ ਵਿੱਚ ਸੰਤੁਸ਼ਟੀ ਵੀ ਦੇਖਣ ਨੂੰ ਮਿਲੀ ਅਤੇ ਉਨ੍ਹਾਂ ਨੇ ਉਮੀਦ ਜਤਾਈ ਕਿ ਇਸ ਵਾਰ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲੇਗੀ।

LEAVE A REPLY

Please enter your comment!
Please enter your name here