ਪੰਜਾਬ ਕੈਬਨਿਟ ਮੰਤਰੀ ਖੁੱਡੀਆਂ ਵੱਲੋਂ ਅੱਗ ਪ੍ਰਭਾਵਿਤ ਇਲਾਕੇ ਦਾ ਦੌਰਾ/ ਅੱਗ ਨਾਲ ਹੋਏ ਨੁਕਸਾਨ ਦਾ ਲਿਆ ਜਾਇਜ਼ਾ/ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ By admin - April 20, 2026 0 3 Facebook Twitter Pinterest WhatsApp ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਲੰਬੀ ਹਲਕੇ ਦੇ ਪਿੰਡ ਕਬਰਵਾਲਾ, ਗੁਰੂਸਰ ਜੋਧਾ ਤੇ ਪੱਕੀ ਟਿੱਪੀ ਦਾ ਦੌਰਾ ਕੀਤਾ ਅਤੇ ਬੀਤੇ ਦਿਨੀਂ ਅੱਗ ਨਾਲ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਇਸ ਦੌਰੇ ਮੰਤਰੀ ਖੁੱਡੀਆਂ ਨੇ ਪ੍ਰਭਾਵਿਤ ਕਿਸਾਨ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਕਿਸਾਨਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਪੀੜਤ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਨੁਕਸਾਨ ਦੀ ਭਰਪਾਈ ਲਈ ਯੋਗ ਕਦਮ ਚੁੱਕੇ ਜਾਣਗੇ। ਖੁੱਡੀਆਂ ਨੇ ਸੰਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਾਮਲੇ ਦੀ ਜਾਂਚ ਕਰਕੇ ਰਿਪੋਰਟ ਤਿਆਰ ਕੀਤੀ ਜਾਵੇ ਅਤੇ ਸਬੰਧਤ ਪਟਵਾਰੀਆਂ ਨੂੰ ਹਦਾਇਤ ਕੀਤੀ ਕਿ ਗਿਰਦਾਵਰੀ ਛੇਤੀ ਕੀਤੀ ਜਾਵੇ ਤਾਂ ਜੋ ਹੋਏ ਨੁਕਸਾਨ ਦੀ ਛੇਤੀ ਭਰਪਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪ੍ਰਭਾਵਿਤ ਕਿਸਾਨਾਂ ਦੀ ਸਹਾਇਤਾ ਲਈ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਯੋਗ ਮੁਆਵਜ਼ਾ ਦੇਣ ਦੀ ਪ੍ਰਕਿਰਿਆ ਜਲਦ ਪੂਰੀ ਕੀਤੀ ਜਾਵੇਗੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਹਰ ਸਮੇਂ ਕਿਸਾਨ ਭਰਾਵਾਂ ਦੇ ਨਾਲ ਖੜੀ ਹੈ। ਇਸੇ ਦੌਰਾਨ ਉਨ੍ਹਾਂ ਨੇ ਕਿਸਾਨਾਂ ਨਾਲ ਮੁਲਾਕਾਤ ਕੀਤੇ ਉਤੇ ਉਨ੍ਹਾਂ ਦੇ ਮਸਲੇ ਸੁਣ ਕੇ ਛੇਤੀ ਹੱਲ ਕਰਨ ਦਾ ਭਰੋਸਾ ਦਿੱਤਾ। ਦੱਸਣਯੋਗ ਹੈ ਕਿ ਬੀਤੇ ਦਿਨੀਂ ਪਿੰਡ ਕਬਰਵਾਲਾ, ਪੱਕੀ ਟਿੱਬੀ ਅਤੇ ਗੁਰੂਸਰ ਜੋਧਾ ਵਿੱਚ ਭਿਆਨਕ ਅੱਗ ਨਾਲ ਕਰੀਬ 225 ਏਕੜ ਕਣਕ ਦੀ ਫ਼ਸਲ ਸੜ ਕੇ ਸੁਆਹ ਹੋ ਗਈ ਸੀ। ਇਹ ਅੱਗ ਸਵੇਰੇ ਕਰੀਬ 11 ਵਜੇ ਕਬਰਵਾਲਾ ਤੋਂ ਸ਼ੁਰੂ ਹੋਈ ਸੀ ਜੋ ਤੇਜ਼ੀ ਨਾਲ ਫੈਲਦੀ ਹੋਈ ਪੱਕੀ ਟਿੱਬੀ ਤੇ ਗੁਰੂਸਰ ਜੋਧਾ ਰਾਹੀਂ ਬਾਅਦ ਦੁਪਹਿਰ ਲਗਪਗ ਡੇਢ ਵਜੇ ਤੱਕ ਕਰੀਬ ਦੋ-ਤਿੰਨ ਕਿਲੋਮੀਟਰ ਦੂਰ ਜ਼ਿਲ੍ਹਾ ਫਾਜ਼ਿਲਕਾ ਦੇ ਪਿੰਡ ਮਲੂਕਪੁਰ ਤੱਕ ਪੁੱਜ ਗਈ। ਚਸ਼ਮਦੀਦਾਂ ਮੁਤਾਬਕ ਜੇ ਮਲੂਕਾ ਨਹਿਰ ਦੀ ਮਾਈਨਰ ਰਾਹ ਵਿੱਚ ਨਾ ਆਉਂਦੀ ਤਾਂ ਹੋਰ ਵੱਡਾ ਖੇਤੀ ਰਕਬਾ ਇਸ ਦੀ ਲਪੇਟ ਵਿੱਚ ਆ ਸਕਦਾ ਸੀ। ਘਟਨਾ ਮੌਕੇ ਕਿਸਾਨਾਂ ਨੇ ਟਰੈਕਟਰਾਂ, ਤਵੀਆਂ ਤੇ ਦਰੱਖਤਾਂ ਦੀਆਂ ਟਾਹਣੀਆਂ ਨਾਲ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ। ਚਸ਼ਮਦੀਦਾਂ ਮੁਤਾਬਕ ਇਹ ਅੱਗ ਬਿਜਲੀ ਦੇ ‘ਟਰਿੱਪ’ ਕਾਰਨ ਲੱਗੀ ਸੀ।